ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਵਿਧਾਨ ਸਭਾ ਚੋਣ ਵੇਲੇ ਕਈ ਸਾਰੇ ਵਾਅਦੇ ਕੀਤੇ ਗਏ ਪਰ ਤਕਰੀਬਨ ਚਾਰ ਸਾਲ ਬੀਤਣ ਤੋਂ ਬਾਅਦ ਵੀ ਵਾਅਦੇ ਪੂਰੇ ਨਾ ਹੋ ਸਕੇ। ਇਸ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ। ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਵਿੱਚ ਲਿਆ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੋਰ ਕਮੇਟੀ ਵੱਲੋਂ ਜਿੱਥੇ ਇੱਕ ਏਕੜ ਦੇ ਮਾਲਕ ਪਿਤਾ ਪੁੱਤਰ ਵੱਲੋਂ ਆਤਮਹੱਤਿਆ ਕਰਨ ਉੱਤੇ ਅਫ਼ਸੋਸ ਜਤਾਇਆ ਉਥੇ ਹੀ ਪੰਜਾਬ ਸਰਕਾਰ ਵੱਲੋਂ ਖੇਤੀ ਕਰਜ਼ੇ ਮੁਆਫ਼ ਕਰਨ ਦੇ ਵਾਅਦਿਆਂ ਖ਼ਿਲਾਫ਼ ਤਿੱਖਾ ਰੋਸ ਜ਼ਾਹਰ ਕੀਤਾ ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸੈਂਕੜੇ ਕਿਸਾਨਾਂ ਨੇ ਆਤਮਹੱਤਿਆ ਕੀਤੀਆਂ ਹਨ ਕਿਉਂਕਿ ਕਾਂਗਰਸ ਸਰਕਾਰ ਨੇ ਉਨ੍ਹਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬਜਟ ਇਜਲਾਸ ਸ਼ੁਰੂ ਹੋਣ ਮੌਕੇ ਸਰਕਾਰ ਨੂੰ ਉਹ ਸਾਰੇ ਵਾਅਦੇ ਯਾਦ ਕਰਵਾਏ ਜਾਣਗੇ ਅਤੇ 1 ਮਾਰਚ ਨੂੰ ਚੰਡੀਗੜ੍ਹ ਰੈਲੀ ਗਰਾਊਂਡ ਇਕੱਠੇ ਹੋ ਕੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਸਾਕਾ ਨਨਕਾਣਾ ਸਾਹਿਬ ਦੀ 100ਵੀਂ ਵਰ੍ਹੇਗੰਢ ਮੌਕੇ ਸ੍ਰੀ ਨਨਕਾਣਾ ਸਾਹਿਬ ਜਾਣ ਦੇ ਇਛੁੱਕ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਦੇਣ ਤੇ ਨਾ ਕਰਨ ਦੀ ਥਾਂ ਉਨ੍ਹਾਂ ਦੀ ਸੁਰੱਖਿਆ ਨੂੰ ਖ਼ਤਰੇ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਝੁਕਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਸ ਵਾਸਤੇ ਕੇਂਦਰ ਅਤੇ ਪੰਜਾਬ ਸਰਕਾਰ ਦੋਨੋਂ ਜ਼ਿੰਮੇਵਾਰ ਹਨ।