ਚੰਡੀਗੜ੍ਹ: ਪਿਛਲੀ ਕੈਬਨਿਟ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ 26,000 ਤੋਂ ਵੱਧ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ। ਹੁਣ ਇਸ ਵਾਅਦੇ ਨੂੰ ਨਿਭਾਉਂਦੇ ਹੋਏ ਸਰਕਾਰ ਨੇ 26,454 ਨੌਕਰੀਆਂ ਲਈ ਇਸ਼ਤਿਹਾਰ ਵੀ ਜਾਰੀ ਕੀਤਾ ਹੈ। ਨੌਕਰੀਆਂ ਲਈ ਅਪਲਾਈ ਕਰਨ ਲਈ ਪੋਰਟਲ ਦਾ ਵੀ ਇਸ਼ਤਿਹਾਰ ਵਿੱਚ ਜ਼ਿਕਰ ਕੀਤਾ ਗਿਆ ਹੈ। ਇਕ ਪਾਸੇ ਜਿੱਥੇ ਸਰਕਾਰ ਇਸ ਨੂੰ ਆਪਣੀ ਪ੍ਰਾਪਤੀ ਦੱਸ ਰਹੀ ਹੈ, ਉਥੇ ਹੀ ਵਿਰੋਧੀ ਧਿਰ ਸਰਕਾਰ ਦੀ ਨੀਅਤ 'ਤੇ ਸਵਾਲ ਉਠਾ ਰਹੀਆਂ ਹਨ।
ਖਾਲੀ ਅਸਾਮੀਆਂ ਭਰਨਾ ਸਰਕਾਰ ਦਾ ਕੰਮ, ਵੱਡੇ ਮੁੱਦਿਆਂ ’ਤੇ ਧਿਆਨ ਦਿਓ: ਕਾਂਗਰਸ ਦੇ ਬੁਲਾਰੇ ਕੰਵਰ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਭਰਨਾ ਸਰਕਾਰ ਦਾ ਕੰਮ ਹੈ ਅਤੇ ਇਹ ਕਿਸੇ ਪ੍ਰਾਪਤੀ ਜਾਂ ਜ਼ਿਕਰ ਦੀ ਗੱਲ ਨਹੀਂ ਹੈ। ਇਹ ਇੱਕ ਨਿਰੰਤਰ ਪ੍ਰਕਿਰਿਆ ਹੈ ਜੋ ਹਮੇਸ਼ਾ ਚੱਲਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਸਰਕਾਰ ਇਸ ਨੂੰ ਆਪਣੀ ਵੱਡੀ ਪ੍ਰਾਪਤੀ ਦੱਸ ਰਹੀ ਹੈ, ਉਥੇ ਹੀ ਸਰਕਾਰ ਨੂੰ ਇਹ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਤੇ ਕਿਸਾਨਾਂ ਦੀ ਹਾਲਤ ਕੀ ਹੈ।
ਕਾਂਗਰਸ ਆਗੂ ਨੇ ਕਿਹਾ ਕਿ ਸਰਕਾਰ ਨੂੰ ਇੰਨ੍ਹਾਂ ਮੁੱਦਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੀ ਪੰਜਾਹ ਦਿਨਾਂ ਦੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਇਸ ਤਰ੍ਹਾਂ ਸਰਕਾਰ ਦੇ ਰੁਟੀਨ ਦੇ ਕੰਮਾਂ ਨੂੰ ਵੱਡੀ ਪ੍ਰਾਪਤੀ ਦੱਸ ਰਹੀ ਹੈ।
ਭਾਜਪਾ ਸਰਕਾਰ ਦੇ ਦਾਅਵਿਆਂ 'ਤੇ ਚੁੱਕ ਰਹੀ ਸਵਾਲ: ਸਰਕਾਰ ਵੱਲੋਂ ਜਾਰੀ ਨੌਕਰੀਆਂ ਦੇ ਇਸ਼ਤਿਹਾਰ ਬਾਰੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਦਾ ਕਹਿਣਾ ਹੈ ਕਿ ਅਜੇ ਤਾਂ ਨੌਕਰੀਆਂ ਦਾ ਇਸ਼ਤਿਹਾਰ ਆਇਆ ਹੈ ਤੇ ਨੌਕਰੀਆਂ ਦੇ ਕੇ ਸਰਕਾਰ ਪੰਜਾਬ ਦੇ ਲੋਕਾਂ ’ਤੇ ਕੋਈ ਅਹਿਸਾਨ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰ ਰੋਜ਼ ਬੇਰੁਜ਼ਗਾਰ ਅਧਿਆਪਕਾਂ ਦੀ ਕੁੱਟਮਾਰ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣਾਂ ਤੋਂ ਪਹਿਲਾਂ ਕਹਿੰਦੇ ਸਨ ਕਿ ਸਰਕਾਰ ਬਣਦੇ ਹੀ 1 ਅਪ੍ਰੈਲ ਤੋਂ ਬਾਅਦ ਇੱਕ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ। ਜਦਕਿ ਸੂਬੇ 'ਚ ਆਮ ਆਦਮੀ ਪਾਰਟੀ ਦੇ ਸੱਤਾ 'ਚ ਆਉਣ ਤੋਂ ਬਾਅਦ 26 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇੰਨ੍ਹਾਂ 26 ਕਿਸਾਨਾਂ ਦੀ ਖੁਦਕੁਸ਼ੀ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਸਰਕਾਰ ਵੱਲੋਂ ਨਹੀਂ ਸੰਭਾਲੀ ਜਾ ਰਹੀ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਫੈਸਲਾ ਕੀਤਾ ਸੀ ਕਿ ਜਿਹੜੇ 35,000 ਕੱਚੇ ਹਨ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾਪਰ ਅੱਜ ਤੱਕ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੋਇਆ।
ਆਮ ਆਦਮੀ ਪਾਰਟੀ ਇਸ ਨੂੰ ਦੱਸ ਰਹੀ ਵੱਡੀ ਪ੍ਰਾਪਤੀ : ਹਜ਼ਾਰਾਂ ਦੀ ਗਿਣਤੀ ਵਿੱਚ ਨੌਕਰੀ ਦੇ ਇਸ਼ਤਿਹਾਰ ਜਾਰੀ ਕਰਨ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਕ ਸਾਡੀ ਸਰਕਾਰ ਨੇ 26,000 ਤੋਂ ਵੱਧ ਨੌਕਰੀਆਂ ਦਾ ਨਵਾਂ ਇਸ਼ਤਿਹਾਰ ਵੀ ਜਾਰੀ ਕੀਤਾ ਹੈ।
ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਦੀ ਭਰਤੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਜਿੱਥੋਂ ਤੱਕ ਵਿਰੋਧੀ ਧਿਰ ਦੇ ਦੋਸ਼ਾਂ ਦਾ ਸਵਾਲ ਹੈ, ਇਨ੍ਹਾਂ ਦੋਸ਼ਾਂ ਦਾ ਜਵਾਬ ਵੀ ਦੋ-ਤਿੰਨ ਮਹੀਨਿਆਂ ਵਿੱਚ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਕੁਝ ਹੀ ਦਿਨਾਂ ਵਿੱਚ ਨੌਜਵਾਨਾਂ ਦੀ ਭਰਤੀ ਦੀ ਪ੍ਰਕਿਰਿਆ ਪੂਰੀ ਹੋ ਜਾਵੇਗੀ ਅਤੇ ਵਿਰੋਧੀ ਧਿਰ ਨੂੰ ਆਪ ਹੀ ਸਾਡੇ ਕੰਮ ਦਾ ਜਵਾਬ ਮਿਲ ਜਾਵੇਗਾ।
ਇਹ ਵੀ ਪੜ੍ਹੋ:ਪੰਜਾਬ ਦੇ ਮਸਲਿਆਂ ਨੂੰ ਲੈਕੇ ਭਾਜਪਾ ਨੇ ਘੇਰੀ ਮਾਨ ਸਰਕਾਰ , ਕਹੀਆਂ ਵੱਡੀਆਂ ਗੱਲਾਂ