ਚੰਡੀਗੜ੍ਹ: ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਵੱਲੋਂ 160 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਸਫਲਤਾਪੂਰਵਕ ਮੁਕੰਮਲ ਕਰ ਲਈ ਗਈ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਝੋਨੇ ਦੀ ਆਮਦ ਵਿੱਚ 26 ਫੀਸਦ ਵਾਧਾ ਦਰਜ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਚੱਲ ਰਹੇ ਸਾਉਣੀ ਸੀਜ਼ਨ ਦੌਰਾਨ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 160.65 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 158.52 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਜਦਕਿ ਪਿਛਲੇ ਸਾਲ ਦੌਰਾਨ ਸੀਜ਼ਨ ਵਿੱਚ ਲਗਭਗ 127.46 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ।
ਕੋਵਿਡ ਦੇ ਮੱਦੇਨਜ਼ਰ ਝੋਨੇ ਦੀ ਪੜਾਅਵਾਰ ਢੰਗ ਨਾਲ ਢੋਆ-ਢੁਆਈ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਮੰਡੀ ਬੋਰਡ ਦੇ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਲਾਲ ਸਿੰਘ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਮੰਡੀ ਬੋਰਡ ਵਲੋਂ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ 28.69 ਪਾਸ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮੰਡੀ ਬੋਰਡ ਨੇ ਇਸ ਸਾਲ 4260 ਖਰੀਦ ਕੇਂਦਰ ਸਥਾਪਤ ਕੀਤੇ ਹਨ ਜੋ ਕਿ ਪਿਛਲੇ ਸਾਲ ਸਥਾਪਤ ਕੀਤੇ 1839 ਖਰੀਦ ਕੇਂਦਰਾਂ ਦੇ ਦੁੱਗਣੇ ਤੋਂ ਵੀ ਵੱਧ ਹੈ।
ਚੇਅਰਮੈਨ ਨੇ ਕਿਹਾ ਕਿ 14.88 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਨਾਲ ਸੰਗਰੂਰ ਜ਼ਿਲ੍ਹਾ ਮੋਹਰੀ ਰਿਹਾ ਹੈ। ਇਸ ਤੋਂ ਬਾਅਦ ਪਟਿਆਲਾ ਅਤੇ ਲੁਧਿਆਣਾ ਵਿੱਚ ਕ੍ਰਮਵਾਰ 14.40 ਲੱਖ ਮੀਟ੍ਰਿਕ ਟਨ ਅਤੇ 13.39 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ।
ਚੇਅਰਮੈਨ ਨੇ ਚੱਲ ਰਹੇ ਕਾਰਜਾਂ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਹਿੱਤ ਕਿਸਾਨਾਂ ਦੇ ਸਮਰਥਨ ਅਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਸਾਰੇ ਭਾਈਵਾਲਾਂ ਖ਼ਾਸਕਰ ਕਿਸਾਨਾਂ ਵਲੋਂ ਖਰੀਦ ਕੇਂਦਰਾਂ ਵਿੱਚ ਭੀੜ ਨਾ ਕਰਨ ਅਤੇ ਸਿਹਤ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ।