ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਤੀਜੇ ਖੇਤਰ 'ਮੰਜਾਲ ਖ਼ੁਰਦ' ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਿਤ ਜ਼ੋਨ ਵਜੋਂ ਨੋਟੀਫ਼ਾਈ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਨੇ ਮੁੰਜਾਲ ਖ਼ੁਰਦ ਤੋਂ ਭੇਜੇ ਸੂਰਾਂ ਦੇ ਸੈਂਪਲਾਂ ਵਿੱਚ ਵੀ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਚੀਬੱਧ ਬੀਮਾਰੀ-ਅਫ਼ਰੀਕਨ ਸਵਾਈਨ ਫ਼ੀਵਰ ਦੀ ਪ੍ਰਭਾਵੀ ਰੋਕਥਾਮ, ਨਿਯੰਤਰਣ ਅਤੇ ਖ਼ਾਤਮੇ ਲਈ "ਜਾਨਵਰਾਂ ਵਿੱਚ ਛੂਤ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009" ਦੀ ਪਾਲਣਾ ਯਕੀਨੀ ਬਣਾਉਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਬੀਮਾਰੀ ਦਾ ਕੇਂਦਰ ਐਲਾਨੇ ਇਸ ਪਿੰਡ ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ ਨੂੰ "ਸੰਕ੍ਰਮਿਤ ਜ਼ੋਨ" ਐਲਾਨਿਆ ਗਿਆ ਹੈ ਜਦਕਿ 10 ਕਿਲੋਮੀਟਰ ਤੱਕ ਦਾ ਖੇਤਰ "ਨਿਗਰਾਨੀ ਜ਼ੋਨ" ਹੋਵੇਗਾ ਅਤੇ ਇਸ ਖੇਤਰ ਵਿੱਚ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਬੀਮਾਰੀ ਦੇ ਅੱਗੇ ਫੈਲਾਅ ਨੂੰ ਰੋਕਿਆ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ਵਿੱਚ ਲਿਆਂਦਾ ਜਾਵੇਗਾ। ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਾ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ।
ਦੱਸ ਦੇਈਏ ਕਿ ਜ਼ਿਲ੍ਹਾ ਪਟਿਆਲਾ ਦੇ ਦੋ ਖੇਤਰਾਂ 'ਬਿਲਾਸਪੁਰ' ਅਤੇ 'ਸਨੌਰੀ ਅੱਡਾ' ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਤੋਂ ਬਾਅਦ ਪੂਰੇ ਪੰਜਾਬ ਨੂੰ ਪਹਿਲਾਂ ਹੀ "ਨਿਯੰਤਰਿਤ ਖੇਤਰ" ਐਲਾਨਿਆ ਜਾ ਚੁੱਕਾ ਹੈ ਅਤੇ ਸੂਰ ਜਾਂ ਸਬੰਧਤ ਸਾਮਾਨ ਦੀ ਅੰਤਰਰਾਜੀ ਆਵਾਜਾਈ 'ਤੇ ਸਖ਼ਤੀ ਨਾਲ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ: ਕੌਮਾਂਤਰੀ ਹਾਕੀ ਖਿਡਾਰੀਆਂ ਨੇ ਪੰਜਾਬ ਸਰਕਾਰ ਨੂੰ ਨੌਕਰੀ ਲਈ ਲਗਾਈ ਗੁਹਾਰ