ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ਤਵਾ ਜਾਰੀ ਕਰ ਦਿੱਤਾ ਹੈ ਅਤੇ 10 ਮਾਰਚ ਨੂੰ ਸਿਰਫ਼ ਐਲਾਨ ਹੋਣਾ ਬਾਕੀ ਹੈ। ਆਪ ਆਗੂ ਨੇ ਇਹ ਪ੍ਰਤੀਕਿਰਿਆ ਰਜਿੰਦਰ ਕੌਰ ਭੱਠਲ ਵੱਲੋਂ ਕਾਂਗਰਸ ਦੇ ਆਮ ਆਦਮੀ ਪਾਰਟੀ ਨਾਲ ਗੱਠਬੰਧਨ ਕਰਨ ਦੇ ਬਿਆਨ 'ਤੇ ਦਿੱਤੀ।
ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਵੋਟ ਕੀਤਾ ਹੈ ਅਤੇ ਉਨ੍ਹਾਂ ਦੀ ਪਾਰਟੀ ਨੂੰ ਪੂਰਾ ਭਰੋਸਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਬਣਨ ਜਾ ਰਹੀ ਹੈ। ਇਸ ਕਰਕੇ ਸਿਆਸੀ ਗੱਠਬੰਧਨ ਉਨ੍ਹਾਂ ਦਾ ਏਜੰਡਾ ਨਹੀਂ ਸਗੋਂ 'ਆਪ' ਇਸ ਵੇਲੇ ਪੰਜਾਬ ਦੇ ਵਿਕਾਸ ਲਈ ਰਣਨੀਤੀ ਤਿਆਰ ਕਰ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਹਮੇਸ਼ਾ ਰਾਜਨੀਤਕ ਜੋੜ ਘਟਾਓ ਵਿੱਚ ਹੀ ਪਈਆਂ ਰਹਿੰਦੀਆਂ ਹਨ ਅਤੇ ਆਮ ਲੋਕਾਂ ਤੋਂ ਬਹੁਤ ਦੂਰ ਹੁੰਦੀਆਂ ਹਨ ਪਰ ਇੱਥੇ ਹੀ ਆਮ ਆਦਮੀ ਪਾਰਟੀ ਇਨ੍ਹਾਂ ਨਾਲੋਂ ਵੱਖਰੀ ਹੈ।
'ਆਪ' ਆਗੂ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਦੇ ਬਿਆਨਾਂ ਤੋਂ ਸਾਫ ਝਲਕਦਾ ਹੈ ਕਿ ਉਹਨਾਂ ਨੇ (ਬਾਦਲ-ਭਾਜਪਾ) ਨੇ ਮੰਨ ਲਿਆ ਹੈ ਕਿ ਉਹਨਾਂ ਦੀ ਪੰਜਾਬ ਵਿਚ ਸਰਕਾਰ ਨਹੀਂ ਬਣ ਰਹੀ ਅਤੇ ਉਹ ਆਪਸੀ ਗੱਠਜੋੜ ਅਤੇ ਜੋੜ ਤੋੜ ਬਾਰੇ ਬਿਆਨਬਾਜੀ ਅਤੇ ਸਗੂਫੇਬਾਜੀ ਕਰ ਰਹੇ ਹਨ। ਇਥੋਂ ਤੱਕ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਆਪਣੇ ਤਾਜਾ ਬਿਆਨ ਵਿਚ ਜਿੰਨਾਂ ਚਾਰ ਸੂਬਿਆਂ ਅੰਦਰ ਭਾਜਪਾ ਦੀ ਸਰਕਾਰ ਦੇ ਦਾਅਵੇ ਕੀਤੇ ਹਨ, ਉਹਨਾਂ ਵਿਚ ਪੰਜਾਬ ਸ਼ਾਮਲ ਨਹੀਂ ਹੈ।
ਇਸੇ ਤਰਾਂ ਕਾਂਗਰਸੀ ਆਗੂ ਰਜਿੰਦਰ ਕੌਰ ਭੱਠਲ ਨੇ ਆਪਣੇ ਤਾਜਾ ਬਿਆਨ ਰਾਹੀਂ ਮੰਨ ਲਿਆ ਹੈ ਕਿ ਪੰਜਾਬ ਅੰਦਰ ਕਾਂਗਰਸ ਨੂੰ ਬਹੁਮਤ ਨਹੀਂ ਮਿਲ ਰਿਹਾ ਅਤੇ ਉਹ ਆਮ ਆਦਮੀ ਪਾਰਟੀ ਨਾਲ ਸਰਕਾਰ ਬਣਾਉਣ ਦੀਆਂ ਗੱਲਾਂ ਕਰ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਤੌਰ ਮਹਿਲਾ ਆਗੂ ਰਜਿਦਰ ਕੌਰ ਭੱਠਲ ਦਾ ਸਨਮਾਨ ਕਰਦੇ ਹਨ ਪਰ ਉਹਨਾਂ (ਭੱਠਲ) ਵੱਲੋਂ ਗੱਠਜੋੜ ਕਰਨ ਬਾਰੇ ਕੀਤੀ ਬਿਆਨਬਾਜੀ ਉੱਤੇ ਟਿੱਪਣੀ ਨਹੀਂ ਕਰਨਗੇ ਕਿਉਂਕਿ ਇਸਦਾ ਜਵਾਬ ਪੰਜਾਬ ਦੇ ਲੋਕਾਂ ਨੇ 10 ਮਾਰਚ ਨੂੰ ਖੁਦ ਹੀ ਦੇ ਦੇਣਾ ਹੈ।
ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ 'ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੇ ਇੱਕ ਚੰਗੇ ਰਾਜਨੀਤਕ ਬਦਲਾਅ ਲਈ ਵੋਟ ਦਿੱਤਾ ਹੈ ਅਤੇ ਪੰਜਾਬ ਵਿੱਚ ਆਉਣ ਵਾਲੀ ਆਮ ਆਦਮੀ ਪਾਰਟੀ ਲੋਕਾਂ ਦੇ ਫ਼ਤਵੇ ਅਨੁਸਾਰ ਹੀ ਕੰਮ ਕਰੇਗੀ।
ਇਹ ਵੀ ਪੜ੍ਹੋ: ਮੋਦੀ ਸਰਕਾਰ ਲਗਾਤਾਰ ਪੰਜਾਬ ਦੇ ਹੱਕ ਖੋਹ ਕੇ ਲੋਕਾਂ ਨੂੰ ਉਕਸਾਅ ਅਤੇ ਭੜਕਾਅ ਰਹੀ : ਭਗਵੰਤ ਮਾਨ