ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਐਤਵਾਰ ਨੂੰ ਪੰਜਾਬ ਵਿੱਚ ਹਲਵਾਈ (ਮਠਿਆਈ) ਦੀਆਂ ਦੁਕਾਨਾਂ ਖੋਲਣ ਦੀ ਇਜਾਜ਼ਤ ਹੋਵੇਗੀ।
ਕੋਵਿਡ ਦੇ ਸੰਕਟ ਕਾਰਨ ਐਤਵਾਰ ਦੇ ਲੌਕਡਾਊਨ ਕਰਕੇ ਸੂਬੇ ਵਿੱਚ ਦੁਕਾਨਾਂ ਖੋਲਣ ਦੀ ਇਜਾਜ਼ਤ ਨਹੀਂ ਹੈ ਪਰ ਸੂਬਾ ਸਰਕਾਰ ਨੂੰ ਕਈ ਅਪੀਲਾਂ ਪ੍ਰਾਪਤ ਹੋਈਆਂ ਹਨ ਕਿ ਰੱਖੜੀ ਦੇ ਤਿਉਹਾਰ ਜੋ ਇਸ ਸਾਲ 3 ਅਗਸਤ ਨੂੰ ਹੈ, ਦੀ ਪੂਰਵ ਸੰਧਿਆ ’ਤੇ ਹਲਵਾਈ ਦੀਆਂ ਦੁਕਾਨਾਂ ਖੋਲਣ ਦੀ ਆਗਿਆ ਦਿੱਤੀ ਜਾਵੇ।
‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੇ ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਇਸ ਅਪੀਲ ਨੂੰ ਪ੍ਰਵਾਨ ਕਰਨ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਲੋਕਾਂ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਬਾਕੀ ਦਿਨਾਂ ਵਾਂਗ 2 ਤੇ 3 ਅਗਸਤ ਨੂੰ ਸਮਾਜਿਕ ਦੂਰੀ ਅਤੇ ਹੋਰ ਨੇਮਾਂ ਦੀ ਪਾਲਣਾ ਕਰਨੀ ਹੋਵੇਗੀ।
ਰੱਖੜੀ ਦੇ ਤਿਉਹਾਰ ਵਾਲੇ ਦਿਨ ਅੰਤਰ-ਰਾਜੀ ਬੱਸਾਂ ਚਲਾਉਣ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਜਿੱਥੋਂ ਤੱਕ ਪੰਜਾਬ ਦਾ ਸਵਾਲ ਹੈ, ਇੱਥੇ ਬੱਸਾਂ ਚਲਾਉਣ ’ਤੇ ਅਜਿਹੀ ਕੋਈ ਬੰਦਿਸ਼ ਨਹੀਂ ਹੈ ਪਰ ਬਾਕੀ ਸੂਬਿਆਂ ਵਿੱਚ ਅਜਿਹੀਆਂ ਰੋਕਾਂ ਹੋ ਸਕਦੀਆਂ ਹਨ।
ਇਹ ਸਵਾਲ ਪੁੱਛੇ ਜਾਣ ’ਤੇ ਕਿ 7-ਸੀਟਾਂ ਵਾਲੇ ਵਾਹਨਾਂ ਵਿੱਚ ਦੋ ਵਿਅਕਤੀਆਂ ਦੇ ਬੈਠਣ ਦੀ ਬੰਦਿਸ਼ ਹੈ ਜਦਕਿ ਇਕ ਬੱਸ ਵਿੱਚ 52 ਸਵਾਰੀਆਂ ਬਿਠਾਉਣ ਦੀ ਇਜਾਜ਼ਤ ਹੈ, ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਰਥਿਕ ਕਾਰਨਾਂ ਨੇ ਉਨਾਂ ਦੀ ਸਰਕਾਰ ਨੂੰ ਪੂਰੀ ਸਮਰੱਥਾ ਨਾਲ ਬੱਸਾਂ ਚਲਾਉਣ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਕਰਨ ਲਈ ਮਜੂਬਰ ਕੀਤਾ। ਉਨਾਂ ਕਿਹਾ ਕਿ ਹਾਲੇ ਵੀ ਬੱਸਾਂ ਵਿੱਚ ਆਮ ਨਾਲੋਂ 25-30 ਫੀਸਦੀ ਤੱਕ ਘੱਟ ਮੁਸਾਫ਼ਰ ਸਵਾਰ ਹੁੰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਟਰਾਂਸਪੋਰਟ ਵਿਭਾਗ ਨੂੰ ਨਿੱਜੀ ਵਾਹਨਾਂ ਦੇ ਲਿਹਾਜ਼ ਨਾਲ ਨਿੱਜੀ ਵਾਹਨਾਂ ’ਤੇ ਪਾਬੰਦੀਆਂ ਨੂੰ ਮੁੜ ਘੋਖਣ ਲਈ ਕਹਿਣਗੇ।