ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਵੱਲੋਂ ਦੇਸ਼ ਭਰ ਵਿੱਚ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ’ਵਿਚੋਲਿਆਂ ਦਾ ਸੰਘਰਸ਼’ ਕਰਾਰ ਦੇਣ ਨੂੰ ਸ੍ਰੋਮਣੀ ਅਕਾਲੀ ਦਲ ਨੇ ਇਸ ਨੂੰ ਮੰਦਭਾਗਾ ਦੱਸਿਆ ਹੈ। ਅਕਾਲੀ ਦਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਅਤੇ ਭਾਜਪਾ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਨਾ ਛਿੜਕਣ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਕਿਸਾਨ ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਹਨ। ਕਿਸਾਨ ਚੰਗੀ ਤਰੀਕੇ ਸਮਝਦੇ ਹਨ ਕਿ ਇਹ ਕਾਨੂੰਨ ਉਨ੍ਹਾਂ ਦੀਆਂ ਭਵਿੱਖੀ ਪੀੜ੍ਹੀਆਂ ਨੂੰ ਤਬਾਹ ਕਰ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀ ਆਵਾਜ਼ ਨਹੀਂ ਸੁਣਦੀ ਅਤੇ ਤਿੰਨ ਖੇਤੀਬਾੜੀ ਕਾਨੂੰਨ ਰੱਦ ਨਹੀਂ ਕਰਦੀ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਘੱਟ ਤੋਂ ਘੱਟ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਵੇ।
ਪ੍ਰਧਾਨ ਮੰਤਰੀ ਤੇ ਭਾਜਪਾ ਪ੍ਰਧਾਨ ਟਿੱਪਣੀਆਂ ਲਈ ਅਫਸੋਸ ਜ਼ਾਹਰ ਕਰਨ
ਡਾ. ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਦੋਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਿਸਾਨ ਵਿਰੋਧੀ ਬਿਆਨਾਂ ’ਤੇ ਅਫਸੋਸ ਜ਼ਾਹਰ ਕਰਨ। ਉਨ੍ਹਾਂ ਨੇ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਛੇਤੀ ਤੋਂ ਛੇਤੀ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ।
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਵੱਲੋਂ ਗੱਲਬਾਤ ਦਾ ਮੌਕਾ ਦੇਣ 'ਤੇ ਵੀ ਦਿੱਲੀ ਫੇਰੀ ਮੌਕੇ ਕਿਸਾਨਾਂ ਨੂੰ ਜ਼ਲੀਲ ਕੀਤਾ ਗਿਆ, ਜਦੋਂ ਕਿ ਕਿਸੇ ਵੀ ਮੰਤਰੀ ਦੀ ਡਿਊਟੀ ਕਿਸਾਨਾਂ ਨਾਲ ਗੱਲਬਾਤ ਕਰਨ ਵਾਸਤੇ ਨਹੀਂ ਲਗਾਈ ਗਈ।