ਚੰਡੀਗੜ੍ਹ: ਸ੍ਰੀ ਮੁਕਤਸਰ ਸਾਹਿਬ ਤੋਂ ਅਬੋਹਰ ਰੋਡ ’ਤੇ ਪੈਂਦੇ ਪਿੰਡ ਮਹਾਂਬੱਧਰ ਵਿਖੇ ਕਿਸਾਨ ਜਥੇਬੰਦੀਆਂ ਅਤੇ ਭਾਰਤੀ ਜਨਤਾ ਪਾਰਟੀ ਦੇ ਟਕਰਾਅ ਨੂੰ ਰੋਕਣ ਲਈ ਕੁਝ ਸਿਆਸੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਟਕਰਾਅ ਨੂੰ ਰੋਕਣ ਲਈ ਪੁਲਿਸ ਵੱਲੋਂ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਆਦਿ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਵੱਲ ਨੂੰ ਲੈ ਗਏ। ਕਿਸਾਨ ਜਥੇਬੰਦੀਆਂ ਵਲੋਂ ਸੜਕ ’ਤੇ ਧਰਨਾ ਜਾਰੀ ਹੈ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦਈਏ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਕਾਫ਼ਲਾ ਜਲਾਲਾਬਾਦ ਹਲਕੇ ਦੇ ਪਿੰਡ ਚੱਕ ਜਾਨੀਸਰ ਵਿਖੇ ਦਲਿਤ ਮੁੰਡੇ ਨਾਲ ਹੋਏ ਅੱਤਿਆਚਾਰ ਦੇ ਮਾਮਲੇ 'ਚ ਉਸ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਸਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਹਾਂਬੱਧਰ ਵਿਖੇ ਵਿਜੇ ਸਾਂਪਲਾ ਨੂੰ ਘੇਰ ਲਿਆ। ਘੇਰਨ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਉੱਥੇ ਹੀ ਦੂਜੇ ਪਾਸੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਫ਼ਿਲਹਾਲ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਪਿੰਡ ਚੱਕ ਜਾਨੀਸਰ ਨਹੀਂ ਪਹੁੰਚ ਰਹੇ ਕਿਉਂਕਿ ਮੁਕਤਸਰ ਸਾਹਿਬ ਵਿੱਚ ਲੱਗੇ ਕਿਸਾਨਾਂ ਦੇ ਧਰਨਿਆਂ ਦੇ ਕਾਰਨ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਿਆ ਜਾ ਰਿਹਾ ਹੈ। ਇਸ ਦਾ ਕਾਰਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਬੀਜੇਪੀ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ 'ਤੇ ਹੋਏ ਹਮਲੇ ਨੂੰ ਦੇਖਦਿਆਂ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਉਨ੍ਹਾਂ ਨੂੰ ਜਲਾਲਾਬਾਦ ਪਿੰਡ ਚੱਕ ਜਾਨੀਸਰ ਜਾਣ ਤੋਂ ਰੋਕਿਆ ਜਾ ਰਿਹਾ ਹੈ। ਪੁਲਿਸ ਵੱਲੋਂ ਵਿਜੇ ਸਾਂਪਲਾ ਨੂੰ ਐਸਐਸਪੀ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਲੈ ਜਾਇਆ ਜਾ ਰਿਹਾ ਹੈ।