ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਸੀਨੀਅਰ ਆਗੂਆਂ ਦੀ ਅਗਵਾਈ ਕਰਦਿਆਂ ਜਲਦ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ।
ਕੀ ਹੈ ਮੰਗ?
- ਸੁਖਬੀਰ ਸਿੰਘ ਬਾਦਲ ਦੀ ਇਹ ਮੰਗ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤੁਰੰਤ ਰਿਹਾਈ ਦੇ ਦਿੱਤੀ ਜਾਵੇ। ਜ਼ਿਕਰਯੌਗ ਹੈ ਕਿ ਰਾਜੋਆਣਾ ਦੀ ਫਾਂਸੀ ਨੂੰ ਪਹਿਲਾਂ ਹੀ ਉਮਰ ਕੈਦ 'ਚ ਤਬਦੀਲ ਕਰ ਦਿੱਤਾ ਗਿਆ ਸੀ।
- ਉਨ੍ਹਾਂ ਦਾ ਕਹਿਣਾ ਹੈ ਕਿ ਭਾਈ ਰਾਜੋਆਣਾ ਇੱਕ ਆਮ ਉਮਰ ਕੈਦੀ ਨਾਲੋਂ ਤਿੰਨ ਗੁਣਾ ਸਮਾਂ ਜੇਲ੍ਹ 'ਚ ਗੁਜ਼ਾਰ ਚੁੱਕੇ ਹਨ।
- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਰਾਸ਼ਟਰਪਤੀ ਦੇ ਧਿਆਨ 'ਚ ਲਿਆਉਣ 'ਤੇ ਮੋਦੀ ਸਰਕਾਰ ਨੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ 'ਚ ਬਦਲ ਦਿੱਤਾ ਸੀ।
- ਉਨ੍ਹਾਂ ਦਾ ਕਹਿਣਾ ਹੈ ਕਿ 26 ਜਨਵਰੀ ਦਾ ਦਿਨ ਚੰਗਾ ਹੈ ਤੇ ਸੁਪਰੀਮ ਕੋਰਟ ਤੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਸ ਤੋਂ ਪਹਿਲਾਂ ਹੀ ਫਾਇਲ ਰਾਸ਼ਟਰਪਤੀ ਕੋਲ ਭੇਜ ਦਿੱਤੀ ਜਾਵੇ।
ਕੀ ਹੈ ਪੂਰਾ ਮਾਮਲਾ
ਇੱਥੇ ਦੱਸ ਦਈਏ ਕਿ ਚੰਡੀਗੜ੍ਹ ਦੀ ਅਦਾਲਤ ਨੇ 2007 ਵਿੱਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ ਅਤੇ 2010 ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਰਕਰਾਰ ਰੱਖਿਆ ਸੀ, ਜਿਸ ਤੋਂ ਬਾਅਦ ਰਾਜੋਆਣਾ ਨੇ ਇਸ ਫ਼ੈਸਲੇ ਦੇ ਖ਼ਿਲਾਫ਼ ਅਪੀਲ ਦਾਇਰ ਕੀਤੀ ਅਤੇ ਰਾਸ਼ਟਰਪਤੀ ਦੇ ਕੋਲ ਦਯਾ ਯਾਚਿਕਾ ਦਾਇਰ ਕੀਤੀ। ਇਸ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਵੀ ਮੌਤ ਦੀ ਸਜ਼ਾ ਸੁਣਾਈ ਗਈ ਸੀ। ਗੁਰਮੀਤ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇੱਥੇ ਇਹ ਵੀ ਦੱਸਦੀ 31 ਅਗਸਤ 1995 ਨੂੰ ਚੰਡੀਗੜ੍ਹ ਵਿਖੇ ਸਿਵਲ ਸਕੱਤਰੇਤ ਦੇ ਬਾਹਰ ਇੱਕ ਬੰਬ ਧਮਾਕੇ ਵਿੱਚ ਪੰਜਾਬ ਦੇ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਨਾਲ-ਨਾਲ ਹੋਰ ਵੀ ਲੋਕ ਮਾਰੇ ਗਏ ਸਨ।