ਚੰਡੀਗੜ੍ਹ: ਸੂਬੇ ਵਿੱਚ ਹੋਏ ਕਥਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦਾ ਮੁੱਦਾ ਲਗਾਤਾਰ ਗਰਮ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਲਗਾਤਾਰ ਘਿਰੇ ਹੋਏ ਹਨ। ਇਸ ਘੁਟਾਲੇ ਨੂੰ ਲੈ ਕੇ ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਇੱਕ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੋਇਆ ਹੈ। ਹੁਣ ਇਸ ਕਮੇਟੀ ਨੇ ਆਪਣੀ ਜਾਂਚ ਮੁਕੰਮਲ ਕਰ ਲਈ ਹੈ ਜੋ ਜਲਦ ਹੀ ਆਪਣੀ ਜਾਂਚ ਰਿਪੋਰਟ ਸਰਕਾਰ ਨੂੰ ਸੌਂਪੇਗੀ।
ਕਾਂਗਰਸ ਦੇ ਸੀਨੀਅਰ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਤਿੰਨ ਆਈਏਐੱਸ ਅਫਸਰਾਂ ਦੀ ਬਣਾਈ ਜਾਂਚ ਟੀਮ ਵੱਲੋਂ ਜਾਂਚ ਪੂਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਰਿਪੋਰਟ ਮੁੱਖ ਮੰਤਰੀ ਦੇ ਦਫ਼ਤਰ ਪਹੁੰਚ ਜਾਵੇਗੀ। ਇਸ ਦੌਰਾਨ ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਜੋ ਵੀ ਇਸ ਰਿਪੋਰਟ ਮੁਤਾਬਕ ਦੋਸ਼ੀ ਹੋਣਗੇ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।