ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ 'ਤੇ ਪੀ.ਐਸ.ਪੀ.ਸੀ.ਐਲ, ਪੀ.ਐਸ.ਟੀ.ਸੀ.ਐਲ ਦੀ ਮੈਨੇਜਮੈਂਟ, ਕਰਮਚਾਰੀਆਂ ਅਤੇ ਪੈਨਸ਼ਨਰਾਂ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 7.91 ਕਰੋੜ ਰੁਪਏ ਦਾ ਯੋਗਦਾਨ ਪਾਇਆ।
ਇਸ ਪਰੋ-ਉਪਕਾਰੀ ਭਾਵਨਾ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਦਾਨ ਕੋਵਿਡ-19 ਕਾਰਨ ਪੈਦਾ ਹੋਏ ਹਾਲਾਤਾਂ ਵਿੱਚ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਵਧੇਰੇ ਸਹਾਈ ਸਿੱਧ ਹੋਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੀ ਮੈਨੇਜਮੈਂਟ, ਕਰਮਚਾਰੀਆਂ ਅਤੇ ਪੈਨਸ਼ਨਰਾਂ ਵੱਲੋਂ ਕੋਰੋਨਵਾਇਰਸ ਵਿਰੁੱਧ ਜੰਗ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਆਪਣੀ ਇੱਕ ਦਿਨ ਦੀ ਤਨਖਾਹ/ਪੈਨਸ਼ਨ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕੀਤੀ ਗਈ ਹੈ। ਪਿਛਲੇ ਸਾਲ ਵੀ ਸੂਬੇ ਵਿੱਚ ਆਏ ਹੜਾਂ ਦੌਰਾਨ ਪੀਐਸਪੀਸੀਐਲ/ਪੀਐਸਟੀਸੀਐਲ ਦੇ ਕਰਮਚਾਰੀਆਂ/ਪੈਨਸ਼ਨਰਾਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ/ਪੈਨਸ਼ਨ ਦਾ ਯੋਗਦਾਨ ਪਾ ਕੇ ਆਪਣੀ ਇੱਕਜੁਟਤਾ ਪ੍ਰਗਟਾਈ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਕਾਰਪੋਰੇਸ਼ਨਾਂ ਦੇ ਕਰਮਚਾਰੀਆਂ ਵੱਲੋਂ ਗਰਮੀ, ਸਰਦੀ ਅਤੇ ਬਰਸਾਤ ਦੇ ਮੌਸਮ ਤੋਂ ਇਲਾਵਾ ਕਰਫਿਊ/ਲੌਕਡਾਊਨ ਦੌਰਾਨ ਸਖ਼ਤ ਹਾਲਾਤਾਂ ਵਿੱਚ ਦਿਨ-ਰਾਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।
ਬੁਲਾਰੇ ਨੇ ਦੱਸਿਆ ਕਿ 7.91 ਕਰੋੜ ਰੁਪਏ ਦੀ ਇਹ ਰਾਸ਼ੀ ਆਰ.ਟੀ.ਜੀ.ਐਸ. ਰਾਹੀਂ ਪਹਿਲਾਂ ਹੀ ਮੁੱਖ ਮੰਤਰੀ ਕੋਵੀਡ -19 ਰਾਹਤ ਫੰਡ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ।