ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸਤਦਾਨ ਪੂਰੀ ਤਰ੍ਹਾਂ ਸਰਗਰਮ ਹਨ। ਹਰ ਇੱਕ ਸਿਆਸੀ ਪਾਰਟੀ ਵਲੋਂ ਆਪਣਾ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਸਟਾਰ ਪ੍ਰਚਾਰਕ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਵੋਟ ਮੰਗ ਰਹੇ ਹਨ। ਇਸ ਦੇ ਚੱਲਦਿਆਂ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕਾਂਗਰਸ ਤੋਂ ਰਾਹੁਲ ਗਾਂਧੀ ਪੰਜਾਬ ਫੇਰੀ 'ਤੇ ਆਉਣਗੇ। ਜਿਥੇ ਉਨ੍ਹਾਂ ਵਲੋਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਚੋਣ ਪ੍ਰਚਾਰ ਕੀਤਾ ਜਾਵੇਗਾ।
ਪ੍ਰਧਾਨ ਮੰਤਰੀ ਆਉਣਗੇ ਪੰਜਾਬ
ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਜਲੰਧਰ 'ਚ ਵੱਡੀ ਜਨਸਭਾ ਨੂੰ ਸੰਬੋਧਨ ਕੀਤਾ ਜਾਵੇਗਾ। ਜਿਸ ਲਈ ਉਹ ਪੰਜਾਬ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਵਲੋਂ ਸਾਢੇ ਤਿੰਨ ਵਜੋਂ ਤੋਂ ਬਾਅਦ ਜਨਸਭਾ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪੰਜਾਬ ਦੌਰੇ 'ਤੇ ਰਹੇ। ਜਿਥੇ ਉਨ੍ਹਾਂ ਵਲੋਂ ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ 'ਚ ਚੋਣ ਰੈਲੀ ਨੂੰ ਸੰਬੋਧਨ ਕੀਤਾ ਗਿਆ ਸੀ।
ਰਾਹੁਲ ਗਾਂਧੀ ਦੀ ਪੰਜਾਬ ਫੇਰੀ
ਇਸ ਤੋਂ ਇਲਾਵਾ ਰਾਹੁਲ ਗਾਂਧੀ ਵੀ ਪੰਜਾਬ ਦੌਰੇ ਦੌਰਾਨ ਗੁਰਦਾਸਪੁਰ ਅਤੇ ਹੁਸ਼ਿਆਰਪੁਰ 'ਚ ਲੋਕਾਂ ਨਾਲ ਸੰਵਾਦ ਕਰਨਗੇ ਅਤੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਪਹਿਲਾਂ ਬੀਤੇ ਦਿਨੀਂ ਪ੍ਰਿਯੰਕਾ ਗਾਂਧੀ ਪੰਜਾਬ ਦੌਰੇ 'ਤੇ ਸੀ। ਜਿਥੇ ਉਨ੍ਹਾਂ ਕੋਟਕਪੂਰਾ,ਧੂਰੀ ਅਤੇ ਡੇਰਾਬਸੀ 'ਚ ਆਪਣੇ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕੀਤਾ ਸੀ।
ਸੁਰੱਖਿਆ 'ਚ ਹੋ ਚੁੱਕੀ ਕੁਤਾਹੀ
ਇਸ ਤੋਂ ਪਹਿਲਾਂ ਜਦੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਿਛਲੇ ਮਹੀਨੇ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਆਏ ਸਨ ਤਾਂ ਉਨ੍ਹਾਂ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਜਿਥੇ ਪ੍ਰਧਾਨ ਮੰਤਰੀ ਨੂੰ ਰੈਲੀ 'ਚ ਜਾਂਦਿਆਂ ਫਲਾਈਓਵਰ 'ਤੇ 15 ਮਿੰਟ ਖੜਾ ਰਹਿਣਾ ਪਿਆ ਸੀ। ਜਿਸ ਨੂੰ ਲੈਕੇ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਰਾਹੁਲ ਗਾਂਧੀ ਵਲੋਂ ਪਿਛਲੇ ਦਿਨੀਂ ਲੁਧਿਆਣਾ 'ਚ ਕੀਤੀ ਰੈਲੀ ਦੌਰਾਨ ਵੀ ਸੁਰੱਖਿਆ 'ਚ ਚੂਕ ਦਾ ਮਾਮਲਾ ਸਾਹਮਣੇ ਆਇਆ ਸੀ। ਜਿਥੇ ਇੱਕ ਵਿਅਕਤੀ ਵਲੋਂ ਰਾਹੁਲ ਗਾਂਧੀ ਦੀ ਗੱਡੀ ਵੱਲ ਝੰਡਾ ਸੁੱਟਿਆ ਗਿਆ ਸੀ।
ਕਿਸਾਨਾਂ ਦੇ ਵਿਰੋਧ ਦਾ ਐਲਾਨ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਰੈਲੀ ਨੂੰ ਲੈਕੇ ਮੁੜ ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਪ੍ਰਧਾਨ ਮੰਤਰੀ ਦਾ ਵਿਰੋਧ ਕੀਤਾ ਜਾਵੇਗਾ। ਦੱਸ ਦਈਏ ਕਿ ਬੀਤੇ ਦਿਨ ਵੀ ਜਦੋਂ ਅਮਿਤ ਸ਼ਾਹ ਪੰਜਾਬ 'ਚ ਰੈਲੀ ਲਈ ਆਏ ਸਨ ਤਾਂ ਕਿਸਾਨਾਂ ਵਲੋਂ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ ਗਏ ਸਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਭਾਜਪਾ ਉਮੀਦਵਾਰ ‘ਤੇ ਹਮਲਾ, ਪੁਲਿਸ ਵਲੋਂ ਜਾਂਚ ਸ਼ੁਰੂ