ਚੰਡੀਗੜ੍ਹ: ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨਾਲ ਅੱਜ ਪੀਐੱਸਐੱਮਯੂ ਦੇ ਮੁਲਾਜ਼ਮ ਮਿਲਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗੱਲਬਾਤ ਕੀਤੀ। ਉੱਥੇ ਹੀ ਬੈਠਕ ਤੋਂ ਬਾਅਦ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ 14 ਦਿਨ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਤੇ ਕਲਮ ਛੋੜ ਹੜਤਾਲ 'ਤੇ ਬੈਠੇ ਮੁਲਾਜ਼ਮਾਂ ਦੀਆਂ ਮੰਗਾਂ ਸ਼ਾਰਟ ਲਿਸਟ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਭੇਜੀਆਂ ਜਾ ਰਹੀਆਂ ਹਨ।
ਹਾਲਾਂਕਿ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਜਦੋਂ ਪੁੱਛਿਆ ਗਿਆ ਕਿ 14 ਦਿਨਾਂ ਬਾਅਦ ਸਰਕਾਰ ਨੀਂਦ ਤੋਂ ਜਾਗੀ ਹੈ ਭਾਵ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਗੱਲਬਾਤ ਕਰਨ ਦੇ ਲਈ ਰਾਜ਼ੀ ਹੋਈ ਹੈ। ਇਸ ਤੋਂ ਪਹਿਲਾਂ ਧਰਨਾ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨਾਲ ਸਰਕਾਰ ਨੇ ਗੱਲਬਾਤ ਕਿਉਂ ਨਹੀਂ ਕੀਤੀ। 14 ਦਿਨ ਤੱਕ ਸੂਬੇ ਭਰ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਿਸ ਦਾ ਜਵਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨਹੀਂ ਦੇ ਸਕੇ।
ਉੱਥੇ ਹੀ ਮੁਲਾਜ਼ਮ ਆਗੂਆਂ ਵੱਲੋਂ ਕੋਈ ਵੀ ਸਰਕਾਰ ਨਾਲ ਸਹਿਮਤੀ ਨਾ ਬਣਨ 'ਤੇ ਧਰਨਾ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ ਗਈ ਹੈ। ਕੈਬਿਨੇਟ ਮੰਤਰੀ ਨੇ ਸ਼ਾਮ ਤੱਕ ਦਾ ਸਮਾਂ ਮੰਗਿਆ ਹੈ।