ਚੰਡੀਗੜ੍ਹ: ਪੰਜਾਬ 'ਚ ਵਜ਼ੀਫੇ ਘੁਟਾਲੇ ਦੇ ਮਾਮਲੇ ਨੂੰ ਲੈ ਕੇ ਸਿਆਸਤ ਭੱਖੀ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਇੱਕ ਜਨਤਕ ਪਟੀਸ਼ਨ ਦਾਖਲ ਕੀਤੀ ਗਈ ਹੈ। ਇਸ ਪਟੀਸ਼ਨ 'ਚ ਵਜ਼ੀਫੇ ਘੁਟਾਲੇ ਦੀ ਸੀਬੀਆਈ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਗਈ ਹੈ।
ਪਟੀਸ਼ਨਕਰਤਾ ਸਤਬੀਰ ਸਿੰਘ ਵੱਲੋਂ ਇਸ ਪਟੀਸ਼ਨ 'ਚ ਪੰਜਾਬ ਸਰਕਾਰ ਸਣੇ ਕੇਂਦਰ ਸਰਕਾਰ ਅਤੇ ਸੀਬੀਆਈ ਨੂੰ ਪਾਰਟੀ ਬਣਾਇਆ ਗਿਆ ਹੈ। ਪਟੀਸ਼ਨਕਰਤਾ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦੇ ਹੋਏ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੇ ਜਾਣ ਦੀ ਮੰਗ ਕੀਤੀ ਹੈ।
ਪਟੀਸ਼ਨਕਰਤਾ ਨੇ ਪਟੀਸ਼ਨ 'ਚ ਲਿਖਿਆ ਕਿ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਜਿਵੇਂ ਹਿਮਾਚਲ ਪ੍ਰਦੇਸ਼ ਵਿੱਚ ਘੁਟਾਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ। ਕਿਉਂਕਿ ਜੇਕਰ ਪੰਜਾਬ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਹੋਏ ਵਜ਼ੀਫੇ ਘੁਟਾਲੇ ਦੀ ਜਾਂਚ ਕਰਦੀ ਹੈ ਤਾਂ ਨਿਰਪੱਖ ਜਾਂਚ ਨਾ ਹੋਣ ਦਾ ਖਦਸ਼ਾ ਬਰਕਰਾਰ ਰਹੇਗਾ। ਇਸ ਮਾਮਲੇ ਨਾਲ ਹੋਰਨਾਂ ਮੰਤਰੀਆਂ ਦੇ ਜੁੜੇ ਹੋਣ ਦਾ ਵੀ ਖਦਸ਼ਾ ਪ੍ਰਗਟਾਇਆ ਗਿਆ ਹੈ।