ਚੰਡੀਗੜ੍ਹ: ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲ ਬੀ ਐਸ ਬਾਜਵਾ ਅਤੇ ਰਵੀ ਜੋਸ਼ੀ ਵੱਲੋਂ ਪੰਜਾਬ ਦੇ ਡੀ.ਜੀ.ਪੀ. ਨੂੰ ਇੱਕ ਸ਼ਿਕਾਇਤ ਦਿੱਤੀ ਹੈ। ਇਸ ਵਿੱਚ ਫਿਲਮ ਅਦਾਕਾਰਾ ਕੰਗਨਾ ਰਣੌਤ ਦੇ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਲਈ ਕਿਹਾ ਗਿਆ ਹੈ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਕੰਗਨਾ ਰਣੌਤ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਇੱਕ 85 ਸਾਲਾ ਬਜ਼ੁਰਗ ਮਹਿਲਾ ਦਾ ਮਜ਼ਾਕ ਬਣਾਇਆ ਅਤੇ ਉਸ ਨੂੰ ਕਿਹਾ ਕਿ ਉਹ 100 ਰੁਪਏ ਵਿੱਚ ਕਿਰਾਏ 'ਤੇ ਬੁਲਾਈ ਗਈ ਹੈ। ਸ਼ਿਕਾਇਤ ਕਰਤਾ ਨੇ ਇਹ ਵੀ ਕਿਹਾ ਹੈ ਕਿ ਕੰਗਨਾ ਆਪਣੇ ਟਵੀਟਸ ਰਾਹੀਂ ਆਪਣੇ ਸੈਲੀਬ੍ਰਿਟੀ ਸਟੇਟਸ ਦਾ ਫ਼ਾਇਦਾ ਚੁੱਕ ਰਹੀ ਹੈ ਅਤੇ ਲੋਕਾਂ ਵਿੱਚ ਨਫ਼ਰਤ ਫੈਲਾਉਣ ਦਾ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੇ ਬਜ਼ੁਰਗ ਮਹਿਲਾ ਮਹਿੰਦਰ ਕੌਰ ਦੇ ਖਿਲਾਫ ਜਾਣ ਬੁੱਝ ਕੇ ਗ਼ਲਤ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਹੈ ਅਤੇ ਇਸ ਦੇ ਨਾਲ ਸਿੱਖਾਂ ਦੀ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ ਹੈ। ਕੰਗਨਾ ਰਣੌਤ ਟਵੀਟਸ ਕਿਤੇ ਨਾ ਕਿਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਖ਼ਿਲਾਫ਼ ਹਨ ਅਤੇ ਕਿਸਾਨਾਂ ਦੀ ਛਵੀ ਖ਼ਰਾਬ ਕਰਦੇ ਹਨ। ਇਸ ਕਰਕੇ ਉਨ੍ਹਾਂ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਦੇਸ਼ ਦੀ ਅਖੰਡਤਾ ਨੂੰ ਨੁਕਸਾਨ ਨਾ ਪਹੁੰਚ ਸਕੇ।