ਚੰਡੀਗੜ੍ਹ: ਪੰਜਾਬ ਪੁਲਿਸ ਮੁਖੀ ਦਿਨਕਰ ਗੁਪਤਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸ਼ੁੱਕਰਵਾਰ ਨੂੰ ਹਾਈਕੋਰਟ ਨੇ ਡੀਜੀਪੀ ਗੁਪਤਾ ਦੀ ਨਿਯੁਕਤੀ ਦੇ ਮਾਮਲੇ ਵਿੱਚ ਸੁਣਵਾਈ ਦੌਰਾਨ ਗੁਪਤਾ ਦੀ ਨਿਯੁਕਤੀ ਨੂੰ ਬਰਕਰਾਰ ਰੱਖਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਰਾਜ ਨੂੰ ਕੈੱਟ ਦੇ ਹੁਕਮਾਂ ਵਿਰੁੱਧ ਅਪੀਲ ਕਰਨ ਦੀ ਆਗਿਆ ਵੀ ਦਿੱਤੀ ਹੈ।
ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਮੁਹੰਮਦ ਮੁਸਤਫ਼ਾ ਅਤੇ ਸਿਧਾਰਥ ਚਟੋਪਾਧਿਆਏ ਦੀ ਅਪੀਲ 'ਤੇ 17 ਜਨਵਰੀ ਨੂੰ ਦਿਨਕਰ ਗੁਪਤਾ ਦੀ ਪੰਜਾਬ ਪੁਲਿਸ ਮੁਖੀ ਵਜੋਂ ਨਿਯੁਕਤੀ ਨੂੰ ਰੱਦ ਕਰ ਦਿੱਤਾ ਸੀ। ਇਨ੍ਹਾਂ ਦੋਵੇਂ ਆਗੂਆਂ ਨੇ ਇਹ ਤਰਕ ਦਿੱਤਾ ਸੀ ਕਿ ਇਨ੍ਹਾਂ ਦੀ ਸੀਨੀਅਰਤਾ ਨੂੰ ਨਜ਼ਰ ਅੰਦਾਜ਼ ਕਰ ਕੇ ਗੁਪਤਾ ਨੂੰ ਨਿਯੁਕਤ ਕੀਤਾ ਗਿਆ ਸੀ।
ਡੀਜੀਪੀ ਦਿਨਕਰ ਗੁਪਤਾ ਦੇ ਵਕੀਲ ਪੁਨੀਤ ਬਾਲੀ ਨੇ ਦੱਸਿਆ ਕਿ ਕੈੱਟ ਦੇ ਫ਼ੈਸਲੇ ਨੂੰ ਅਸਰਹੀਣ ਕਰ ਦਿੱਤਾ ਹੈ ਅਤੇ ਦਿਨਕਰ ਗੁਪਤਾ ਜਿਉਂ ਦੀ ਤਿਉਂ ਆਪਣੇ ਅਹੁਦੇ 'ਤੇ ਬਣੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਅਦਾਲਤ ਨੇ ਪੰਜਾਬ ਸਰਕਾਰ, ਦਿਨਕਰ ਗੁਪਤਾ ਅਤੇ ਯੂਪੀਐਸਸੀ ਦੀਆਂ ਦਲੀਲਾਂ ਨਾਲ ਸਹਿਮਤ ਹੋ ਕੇ ਇਹ ਫ਼ੈਸਲਾ ਕੀਤਾ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਡੀਜੀਪੀ ਮੁਹੰਮਦ ਮੁਸਤਫ਼ਾ ਜਲਦ ਹੀ ਆਪਣੀ ਸੇਵਾ ਤੋਂ ਮੁਕਤ ਹੋਣ ਜਾ ਰਹੇ ਹਨ। ਇਸੇ ਕਾਰਨ ਉਨ੍ਹਾਂ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਇਸ ਮਾਮਲੇ ਦੀ ਸੁਣਵਾਈ ਜਲਦ ਕੀਤੀ ਜਾਵੇ।