ਚੰਡੀਗੜ੍ਹ :ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਐਨਕੋਰ ਸਾਫਟਵੇਅਰ 'ਤੇ ਉਪਲਬਧ ਅੰਕੜਿਆਂ ਅਨੁਸਾਰ ਤੀਸਰੇ ਦਿਨ ਸੂਬੇ ਵਿੱਚ ਸਿਰਫ਼ 176 ਨਾਮਜ਼ਦਗੀਆਂ ਹੀ ਦਾਖ਼ਲ ਹੋਈਆਂ ਹਨ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੇ ਪਹਿਲੇ ਅਤੇ ਦੂਜੇ ਦਿਨ 126 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਸੂਬੇ ਵਿੱਚ ਦਾਖ਼ਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 302 ਹੋ ਗਈ ਹੈ। ਡਾ.ਰਾਜੂ ਨੇ ਕਿਹਾ ਕਿ ਮਿਤੀ 29 ਜਨਵਰੀ ਨੂੰ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ।
ਡਾ. ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ `ਨੋਅ ਯੂਅਰ ਕੈਂਡੀਡੇਟ`(know your candidate) ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ 'ਤੇ ਵੀ ਉਪਲਬਧ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ 2 ਵੱਡੇ ਹਾਥੀ: ਰਾਘਵ ਚੱਢਾ