ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਸਿਆਸਤ ਕਾਫੀ ਭਖੀ ਹੋਈ ਹੈ। ਸਿਆਸੀ ਆਗੂਆਂ ਵੱਲੋਂ ਵਿਰੋਧੀਆਂ ਨੂੰ ਘੇਰਿਆ ਜਾ ਰਿਹਾ ਹੈ। ਪੰਜਾਬ ’ਚ ਈਡੀ ਦੀ ਛਾਪੇਮਾਰੀ ਕਾਰਨ ਵਿਰੋਧੀਆਂ ਵੱਲੋਂ ਲਗਾਤਾਰ ਪੰਜਾਬ ਕਾਂਗਰਸ ਨੂੰ ਘੇਰਿਆ ਜਾ ਰਿਹਾ ਹੈ। ਦੂਜੇ ਪਾਸੇ ਈਡੀ ਦੀ ਛਾਪੇਮਾਰੀ ਨੂੰ ਕਾਂਗਰਸੀ ਆਗੂ ਭਾਜਪਾ ਦੀ ਬੌਖਲਾਹਟ ਦੱਸ ਰਹੇ ਹਨ।
ਉੱਥੇ ਹੀ ਦੂਜੇ ਪਾਸੇ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਖਿਲਾਫ਼ ਈਡੀ ਦੀ ਕਾਰਵਾਈ ਨੂੰ ਲੈ ਕੇ ਕਿਹਾ ਕਿ ਇਹ ਘੁਟਾਲਾ ਕਈ ਕਰੋੜ ਰੁਪਇਆਂ ਦਾ ਹੋ ਸਕਦਾ ਹੈ ਅਤੇ ਜੇਕਰ ਈਡੀ ਕਾਰਵਾਈ ਕਰ ਰਹੀ ਹੈ ਤਾਂ ਫਿਰ ਕਾਂਗਰਸ ਨੂੰ ਜਾਂਚ ਵਿੱਚ ਦਖ਼ਲਅੰਦਾਜ਼ੀ ਨਹੀਂ ਦੇਣੀ ਚਾਹੀਦੀ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਖਿਲਾਫ਼ ਈ ਡੀ ਦੀ ਕਾਰਵਾਈ ਨੂੰ ਲੈ ਕੇ ਭਾਜਪਾ ਸਰਕਾਰ ਨੂੰ ਘੇਰ ਰਹੀ ਕਾਂਗਰਸ ਨੂੰ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਵੱਲੋਂ ਮੋੜਵਾਂ ਜਵਾਬ ਦਿੱਤਾ ਗਿਆ ਹੈ।
ਹਰਜੀਤ ਗਰੇਵਾਲ ਨੇ ਕਾਂਗਰਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਦਲਿਤ ਮੁੱਦਾ ਬਣਾਏ ਜਾਣ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਦੇ ਵਿੱਚ ਜੋ ਵੀ ਸ਼ਾਮਿਲ ਹੈ ਉਨ੍ਹਾਂ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਨਾਲ ਹੀ ਗਰੇਵਾਲ ਨੇ ਪੰਜਾਬ ਦੇ ਵੋਟਰਾਂ ਨੂੰ ਅਜਿਹੇ ਲੋਕਾਂ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ ਹੈ।
ਹਰਜੀਤ ਗਰੇਵਾਲ ਨੇ ਕਿਹਾ ਕਿ ਈਡੀ ਆਪਣੀ ਕਾਰਵਾਈ ਕਰ ਰਹੀ ਹੈ ਇਸ ਵਿੱਚ ਕੋਈ ਵੀ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਈਡੀ ਗੈਰਕਾਨੂੰਨੀ ਮਾਈਨਿੰਗ ਨੂੰ ਲੈ ਕੇ ਕਾਰਵਾਈ ਕਰ ਰਹੀ ਉਸ ਉੱਤੇ ਸਿਆਸੀ ਸਵਾਲ ਚੁੱਕਣੇ ਨਹੀਂ ਬਣਦੇ।
ਉੱਥੇ ਹੀ ਭਗਵੰਤ ਮਾਨ ਦੇ ਧੂਰੀ ਤੋਂ ਚੋਣ ਲੜਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਮੁੱਖ ਮੰਤਰੀ ਬਣਦੇ ਹਨ ਤਾਂ ਪੰਜਾਬ ਵਿੱਚ ਸ਼ਰਾਬ ਸਸਤੀ ਹੋ ਜਾਵੇਗੀ ਅਤੇ ਨਸ਼ਾ ਹੋਰ ਵਧੇਗਾ। ਉੱਥੇ ਹੀ ਭਾਜਪਾ ਦੇ ਉਮੀਦਵਾਰਾਂ ਦੀ ਲਿਸਟ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਜਲਦ ਹੀ ਪਹਿਲੀ ਲਿਸਟ ਭਾਜਪਾ ਦੀ ਆ ਸਕਦੀ ਹੈ।
ਇਹ ਵੀ ਪੜ੍ਹੋ:ਬੀਜੇਪੀ ਪੰਜਾਬ ਦੇ ਦਲਿਤ CM ਨੂੰ ਕਰਨਾ ਚਾਹੁੰਦੀ ਹੈ ਬਦਨਾਮ- ਵੇਰਕਾ