ਚੰਡੀਗੜ੍ਹ: ਪੰਜਾਬ 'ਚ ਭਾਜਪਾ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਕਮਰ ਕੱਸ ਰਹੀ ਹੈ। ਪੰਜਾਬ ਭਾਜਪਾ ਦੀ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫਤਰ 'ਚ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਰਾਸ਼ਟਰੀ ਜਨਰਲ ਸਕੱਤਰ ਦਲੀਪ ਸ਼ੇਖੀਆ ਵੀ ਮੌਜੂਦ ਸਨ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਨੇ ਜੰਮਕੇ ਮਾਨ ਸਰਕਾਰ ਖਿਲਾਫ਼ ਭੜਾਸ ਕੱਢੀ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਪੰਜਾਬ ਭਾਜਪਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਅਸਾਮ ਤੋਂ ਕੌਮੀ ਜਨਰਲ ਸਕੱਤਰ ਦਲੀਪ ਸ਼ੇਖੀਆ ਵੀ ਪੁੱਜੇ ਹੋਏ ਹਨ।
ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰਾਂ ਲਾਰੇ-ਲੱਪਿਆਂ ਨਾਲ ਲੰਮਾ ਸਮਾਂ ਨਹੀਂ ਚੱਲਦੀਆਂ, ਤੁਹਾਨੂੰ ਕੰਮ ਕਰਕੇ ਦਿਖਾਉਣਾ ਪਵੇਗਾ, ਲਿਫਾਫੇ, ਬਿਆਨਬਾਜ਼ੀ ਨਹੀਂ ਚੱਲੇਗੀ, ਜ਼ਮੀਨੀ ਪੱਧਰ 'ਤੇ ਕੰਮ ਕਰਨਾ ਪਵੇਗਾ।
ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਇਸ ਨੂੰ ਵਾਅਦੇ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੁੱਦੇ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਚੋਣਾਂ ਤੋਂ ਪਹਿਲਾਂ 'ਆਪ' ਨੇ ਜੋ ਵਾਅਦੇ ਕੀਤੇ ਸਨ। ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਲਈ ਵੀ ਸੜਕਾਂ 'ਤੇ ਆਵਾਂਗੇ।
ਇਸ ਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਸਬਸਿਡੀ ਦੇਣ ਦਾ ਫੈਸਲਾ ਜੋ ਪੰਜਾਬ ਦੀ ਕੈਬਨਿਟ 'ਚ ਲਿਆ ਗਿਆ ਹੈ ਬਹੁਤ ਘੱਟ ਹੈ, ਹਰਿਆਣਾ ਵਾਂਗ 4500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਸੁਨੀਲ ਜਾਖੜ ਦੇ ਜਲਦ ਹੀ ਭਾਜਪਾ 'ਚ ਸ਼ਾਮਲ ਹੋਣ ਦੇ ਸਵਾਲ 'ਤੇ ਕਿਹਾ ਕਿ ਜਾਖੜ ਵੱਡੇ ਨੇਤਾ ਹਨ, ਉਨ੍ਹਾਂ ਦੀ ਰਾਜਨੀਤੀ ਦਾ ਫੈਸਲਾ ਉਹ ਖੁਦ ਕਰਨਗੇ।
ਇਹ ਵੀ ਪੜ੍ਹੋ: ਕਿਸਾਨਾਂ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ, ਸਰਕਾਰ ਨੇ 13 ’ਚੋਂ 12 ਮੰਗਾਂ ਮੰਨੀਆਂ