ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੀ ਸ਼ੁਰੂਆਤ ’ਚ ਉੱਤਰ ਪ੍ਰਦੇਸ਼ ਦੇ ਲਖਮੀਰਪੁਰ ਖੀਰੀ ਵਿੱਚ 3 ਅਕਤੂਬਰ ਨੂੰ ਵਾਪਰੀ ਮੰਦਭਾਗੀ ਘਟਨਾ ਵਿਚ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ।
ਮੀਟਿੰਗ ਵਿਚ ਹਾਜ਼ਰ ਮੰਤਰੀਆਂ ਅਤੇ ਅਧਿਕਾਰੀਆਂ ਨੇ ਪਰਮਾਤਮਾ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਸੰਕਟ ਦੀ ਘੜੀ ਵਿਚ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਨਾ-ਪੂਰਿਆ ਜਾਣ ਵਾਲਾ ਘਾਟਾ ਸਹਿਣ ਲਈ ਬਲ ਬਖਸ਼ਣ ਲਈ ਅਰਦਾਸ ਕੀਤੀ।
ਇਸ ਦੌਰਾਨ ਮੰਤਰੀ ਮੰਡਲ ਨੇ ਅਫਸੋਸ ਜ਼ਾਹਿਰ ਕੀਤਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਦੇ ਸਮੇਂ ਸਾਡੇ ਅੰਨਦਾਤਿਆਂ ਦੀ ਜਾਨ ਚਲੀ ਗਈ। ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਇਸ ਘਿਨਾਉਣੀ ਕਾਰਵਾਈ ਦੇ ਪਰਦੇ ਪਿਛਲੇ ਅਸਲ ਦੋਸ਼ੀਆਂ ਦੇ ਚਿਹਰਿਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ ਭਾਵੇਂ ਉਹ ਕਿੰਨਾ ਵੀ ਅਸਰ-ਰਸੂਖ ਜਾਂ ਪਹੁੰਚ ਰੱਖਦੇ ਹੋਣ। ਮੰਤਰੀ ਮੰਡਲ ਨੇ ਤਹੱਈਆ ਕਰਦਿਆਂ ਕਿਹਾ ਕਿ ਬੇਕਸੂਰ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਇਨਸਾਫ ਦਿੱਤਾ ਜਾਣਾ ਚਾਹੀਦਾ ਹੈ ਜਿਨ੍ਹਾਂ ਦੀ ਇਸ ਮੰਦਭਾਗੀ ਘਟਨਾ ਵਿਚ ਜਾਨ ਚਲੀ ਗਈ।
ਮੰਤਰੀ ਮੰਡਲ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਘੋਖਣ ਅਤੇ ਰੱਦ ਦੀ ਜ਼ਰੂਰਤ ਨੂੰ ਦੁਹਰਾਉਂਦਿਆਂ ਕਿਹਾ ਕਿ ਇਨ੍ਹਾਂ ਕਰਕੇ ਹੀ ਕਿਸਾਨਾਂ ਵਿਚ ਰੋਸ ਪੈਦਾ ਹੋਇਆ ਹੈ ਅਤੇ ਇਹੀ ਕਾਨੂੰਨ ਟਾਲੇ ਜਾ ਸਕਣ ਵਾਲੇ ਇਸ ਜਾਨੀ ਨੁਕਸਾਨ ਦੀ ਜੜ੍ਹ ਹਨ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੰਤਰੀ ਮੰਡਲ ਨੇ ਦੁੱਖ ਦੀ ਇਸ ਘੜੀ ਵਿਚ ਕਿਸਾਨ ਭਾਈਚਾਰੇ ਨਾਲ ਇਕਜੁੱਟਤਾ ਜ਼ਾਹਰ ਕੀਤੀ ਅਤੇ ਮੀਟਿੰਗ ਹੋਰ ਕਿਸੇ ਕੰਮਕਾਜ ਤੋਂ ਬਿਨਾਂ ਸਮਾਪਤ ਹੋ ਗਈ।
ਇਹ ਵੀ ਪੜ੍ਹੋ:ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਕੀਤੀ ਵੱਡੀ ਮੰਗ