ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਕੋਵਿਡ-19 ਤੋਂ ਲੋਕਾਂ ਦੀ ਜਾਨ ਬਚਾਉਣ ਵੱਲ ਵਿਸ਼ੇਸ਼ ਧਿਆਨ ਕੇਂਦਰਤ ਕਰਨ ਲਈ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਐਤਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਸੂਬੇ ਵਿੱਚ ਮੌਤ ਦਰ ਨੂੰ ਰੋਕਣ ਲਈ ਹਰ ਸੰਭਵ ਕਦਮ ਉਠਾਏ ਜਾਣ ਤਾਂ ਕਿ 2.4 ਪ੍ਰਤੀਸ਼ਤ ਦੀ ਮੌਜੂਦਾ ਮੌਤ ਦਰ ਵਿੱਚ ਕਮੀ ਲਿਆਂਦੀ ਜਾ ਸਕੇ।
ਉਨ੍ਹਾਂ ਕਿਹਾ ਕਿ ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਹਰ ਪੰਜਾਬੀ ਦੇ ਜੀਵਨ ਨੂੰ ਬਚਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਗੰਭੀਰ ਰੋਗੀਆਂ ਦੀ ਵਿਸ਼ੇਸ਼ ਦੇਖਭਾਲ ਕਰਨ ਦੇ ਨਾਲ ਨਾਲ ਡਾ. ਕੇ.ਕੇ. ਤਲਵਾੜ ਦੀ ਪ੍ਰਧਾਨਗੀ ਵਾਲੇ ਸੂਬੇ ਦੇ ਮਾਹਿਰ ਸਮੂਹ ਸਮੇਤ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਮਾਹਿਰਾਂ ਦੀ ਮਦਦ ਲੈਣ ਦੇ ਨਿਰਦੇਸ਼ ਵੀ ਦਿੱਤੇ।
ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣ ਸੰਭਾਲਣ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਨਾਲ ਆਪਣੀ ਪਹਿਲੀ ਵੀਡੀਓ ਕਾਨਫਰੰਸ ਮੀਟਿੰਗ ਦੌਰਾਨ ਮਾਰੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬੇ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਵਿਨੀ ਮਹਾਜਨ ਨੇ ਸੂਬੇ ਵਿੱਚ ਕੋਵਿਡ-19 ਮਾਮਲਿਆਂ ਦੀ ਵਧ ਰਹੀ ਗਿਣਤੀ `ਤੇ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਇਹ ਹਰੇਕ ਡਿਪਟੀ ਕਮਿਸ਼ਨਰ ਦੀ ਡਿਊਟੀ ਬਣਦੀ ਹੈ ਕਿ ਉਹ ਉੱਚਿਤ ਨਿਗਰਾਨੀ ਸੁਨਿਸ਼ਚਿਤ ਕਰਨ ਅਤੇ ਨਾਲ ਹੀ ਮੌਤ ਦਰ ਨੂੰ ਰੋਕਣ ਲਈ ਵਿਸ਼ੇਸ਼ ਯਤਨ ਕਰਨ।
ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਕੋਵਿਡ ਮਰੀਜ਼ ਆਪਣੇ ਖ਼ਰਚ `ਤੇ ਨਿੱਜੀ ਹਸਪਤਾਲਾਂ ਵਿੱਚ ਜਾਣਾ ਚਾਹੁੰਦੇ ਹਨ ਤਾਂ ਉਨ੍ਰਾਂ ਨੂੰ ਜਾਣ ਦਿੱਤਾ ਜਾਵੇ।
ਮੁੱਖ ਸਕੱਤਰ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦਾ ਹਰ ਇੱਕ ਨਾਗਰਿਕ ਮਾਸਕ ਪਹਿਨ ਕੇ ਰੱਖੇ ਅਤੇ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰੇ।