ਚੰਡੀਗੜ੍ਹ : ਰਾਜਪੁਰਾ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਸ ਹਲਕੇ ਨੂੰ 10 ਕਰੋੜ ਰੁਪਏ ਤੋਂ ਇਲਾਵਾ ਬਨੂੜ ਨੂੰ ਜਲਦੀ ਹੀ ਸਬ ਡਵੀਜ਼ਨ ਦਾ ਦਰਜਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਬਨੂੜ ਵਿਖੇ ਸਰਕਾਰੀ ਕਾਲਜ ਬਣਾਉਣ ਅਤੇ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ।
ਅੱਜ ਇੱਥੇ ਸਥਾਨਕ ਅਨਾਜ ਮੰਡੀ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅੱਜ ਮੌਸਮ ਵੀ ਖ਼ਰਾਬ ਹੈ ਪਰ ਮੌਜੂਦਾ ਸੂਬਾ ਸਰਕਾਰ ਦੀ ਲੋਕਪ੍ਰਿਅਤਾ ਦਾ ਅੰਦਾਜ਼ਾ ਲੋਕਾਂ ਦੀ ਵੱਡੀ ਗਿਣਤੀ ਤੋਂ ਲਗਾਇਆ ਜਾ ਸਕਦਾ ਹੈ। ਪਰ ਫਿਰੋਜ਼ਪੁਰ ਰੈਲੀ ਵਿੱਚ 70000 ਕੁਰਸੀਆਂ ਲਗਾਉਣ ਦੇ ਬਾਵਜੂਦ ਸਿਰਫ 700 ਲੋਕ ਹੀ ਪਹੁੰਚੇ ਸਨ। ਉਹਨਾਂ ਅੱਗੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖਾਲੀ ਕੁਰਸੀਆਂ ਨੂੰ ਹੀ ਸੰਬੋਧਨ ਕਰਨਾ ਪਿਆ।
ਉਹਨਾਂ ਦੀ ਸਰਕਾਰ ਵੱਲੋਂ ਕੀਤੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਜ਼ੀਗਰ ਭਾਈਚਾਰੇ ਨੂੰ ਉਹਨਾਂ ਦੇ ਕਬਜੇ ਵਾਲੇ ਪਲਾਟਾਂ ‘ਤੇ ਮਲਕੀਅਤ ਦੇ ਅਧਿਕਾਰ ਦਿੱਤੇ ਜਾ ਰਹੇ ਹਨ ਅਤੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਵੀ ਮਲਕੀਅਤ ਦੇ ਅਧਿਕਾਰ ਦਿੱਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 27 ਲੱਖ ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਅੱਜ ਉਨ੍ਹਾਂ ਦੇ ਖਾਤਿਆਂ ਵਿੱਚ 1000 ਰੁਪਏ ਦੀ ਵਾਧੂ ਰਾਸ਼ੀ ਜਮ੍ਹਾਂ ਹੋ ਜਾਵੇਗੀ। ਇਸ ਦੇ ਨਾਲ ਹੀ, ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ 8.50 ਲੱਖ ਨੌਜਵਾਨਾਂ ਦੇ ਬੈਂਕ ਖਾਤਿਆਂ ਵਿੱਚ ਦੋ ਦੋ ਹਜ਼ਾਰ ਰੁਪਏ ਪਾਏ ਜਾਣਗੇ।
ਚੰਨੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਕਿਸਾਨਾਂ ਤੇ ਵਪਾਰੀਆਂ ਦੇ ਹਿੱਤਾਂ ਦਾ ਧਿਆਨ ਰੱਖਿਆ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੀ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 10 ਰੁਪਏ ਅਤੇ 5 ਰੁਪਏ ਦੀ ਕਟੌਤੀ, ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ ਵਿੱਚ 3 ਰੁਪਏ ਦੀ ਕਟੌਤੀ, ਪਾਣੀ ਦੇ ਖਰਚੇ ਨੂੰ 50 ਰੁਪਏ ਤੱਕ ਘਟਾਉਣ, ਗਊਸ਼ਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ, 52000 ਆਂਗਣਵਾੜੀ ਵਰਕਰਾਂ ਤੋਂ ਇਲਾਵਾ 67000 ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਦੇ ਮਾਸਿਕ ਮਾਣ ਭੱਤੇ ਵਿੱਚ ਵਾਧਾ ਕਰਨਾ ਸ਼ਾਮਲ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰੀ ਸੰਸਥਾਵਾਂ ਰਾਹੀਂ ਆਈਲੈਟਸ ਦੀ ਸਿਖਲਾਈ ਦੇਣ ਵਾਲਾ ਪਹਿਲਾ ਸੂਬਾ ਬਣਿਆ
ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਇਕ ਹਲਕੇ ਦੇ ਸਰਬਪੱਖੀ ਵਿਕਾਸ ਤੋਂ ਇਲਾਵਾ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਤਤਪਰ ਹਨ। ਸ਼੍ਰੋਮਣੀ ਅਕਾਲੀ ਦਲ ਖਾਸ ਕਰਕੇ ਬਾਦਲਾਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਸਰਪ੍ਰਸਤੀ ਵਾਲੇ ਟਰਾਂਸਪੋਰਟ ਮਾਫੀਆ ਨੂੰ ਕਾਂਗਰਸ ਸਰਕਾਰ ਨੇ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਈ ਹੈ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਉਸ ਦੇ ਕਾਰਨਾਮਿਆਂ ਕਰਕੇ ਕਾਨੂੰਨੀ ਘੇਰੇ ਵਿੱਚ ਲਿਆ ਹੈ।
ਆਮ ਆਦਮੀ ਪਾਰਟੀ (ਆਪ) ਦੀ ਲੀਡਰਸ਼ਿਪ ਅਤੇ ਖਾਸ ਤੌਰ 'ਤੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਦਿੱਲੀ ਦੇ ਲੋਕਾਂ ਨਾਲ ਵੀ ਧੋਖਾ ਕਰ ਰਿਹਾ ਹੈ ਕਿਉਂਕਿ ਉਹ ਦਿੱਲੀ ਵਾਸੀਆਂ ਦੀ ਮਿਹਨਤ ਦੀ ਕਮਾਈ ਪੰਜਾਬ ਵਿੱਚ ਚੋਣ ਪ੍ਰਚਾਰ 'ਤੇ ਖਰਚ ਕਰ ਰਿਹਾ ਹੈ। ਚੰਨੀ ਨੇ ਅੱਗੇ ਕਿਹਾ ਕਿ ਜੇਕਰ ਰੱਬ ਨਾ ਕਰੇ, ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਕੇਜਰੀਵਾਲ ਆਪਣੀਆਂ ਖਾਹਿਸ਼ਾਂ ਨੂੰ ਪੂਰਤੀ ਲਈ ਪੰਜਾਬ ਦੇ ਖਜ਼ਾਨੇ ਨੂੰ ਪਾੜ ਲਾਵੇਗਾ। ਇਸ ਤੋਂ ਇਲਾਵਾ ਦਿੱਲੀ ਦਾ ਮੁੱਖ ਮੰਤਰੀ ਆਪਣੇ ਸਾਥੀ ਭਗਵੰਤ ਮਾਨ ਰਾਹੀਂ ਪੰਜਾਬ 'ਤੇ ਰਾਜ ਕਰਨ ਦੀ ਲਾਲਸਾ ਨੂੰ ਪਾਲ ਰਿਹਾ ਹੈ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ ਜਿਸ ਨਾਲ ਆਮ ਲੋਕ ਅਸਾਨੀ ਨਾਲ ਮਿਲ ਸਕਦੇ ਹਨ ਜਦਕਿ ਪਹਿਲਾਂ ਵਾਲਾ ਮੁੱਖ ਮੰਤਰੀ ਪੂਰਾ ਸਾਲ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਹੀ ਨਹੀਂ ਮਿਲਿਆ। ਉਨਾਂ ਨੇ ਮੁੱਖ ਮੰਤਰੀ ਦਾ, ਉਨਾਂ ਦੀ ਸਰਕਾਰ ਵਲੋਂ 100 ਦਿਨਾਂ ਦੌਰਾਨ ਰਾਜਪੁਰਾ ਹਲਕੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 41 ਕਰੋੜ ਰੁਪਏ ਮੁਹੱਈਆ ਕਰਵਾਉਣ ਲਈ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਵਿਧਾਇਕ ਨਿਰਮਲ ਸਿੰਘ ਸੁਤਰਾਣਾ, ਜ਼ਿਲ੍ਹਾ ਯੂਥ ਕਾਂਗਰਸ (ਦਿਹਾਤੀ) ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ, ਪ੍ਰਧਾਨ ਜ਼ਿਲ੍ਹਾ ਕਾਂਗਰਸ (ਦਿਹਾਤੀ) ਗੁਰਦੀਪ ਸਿੰਘ ਊਂਟਸਰ, ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਅਤੇ ਐਸ.ਐਸ.ਪੀ ਡਾ.ਸੰਦੀਪ ਗਰਗ ਸ਼ਾਮਲ ਹਨ।
ਇਹ ਵੀ ਪੜ੍ਹੋ : ਟਿਕਟ ਵੰਡ ਨੂੰ ਲੈ ਕੇ 'ਆਪ' ਵਰਕਰ ਭਿੜੇ, ਵੀਡੀਓ ਵਾਇਰਲ