ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਨੀਵੇਂ ਦਰਜੇ ਦੀ ਰਾਜਨੀਤੀ ਅਤੇ ਦੂਸ਼ਣਬਾਜ਼ੀ ਦੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਸੀਸ਼ਾ ਵਿਖਾਉਂਦਿਆਂ ਸਪੱਸ਼ਟ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਵਿੱਚ ਸਿਰਫ਼ ਕੌਮੀ ਸੁਰੱਖਿਆ ਦਾ ਏਜੰਡਾ ਵਿਚਾਰਿਆ ਗਿਆ ਸੀ।
ਆਪ ਨੇਤਾ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਵਿੱਚ ਕਤਈ ਸੱਚ ਨਹੀਂ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੇ ਪਰਿਵਾਰ ‘ਤੇ ਚੱਲ ਰਹੇ ਈ.ਡੀ. ਕੇਸਾਂ ਦੇ ਸਬੰਧ ਵਿੱਚ ਮਿਲੇ ਸਨ। ਉਨ੍ਹਾਂ ਕੇਜਰੀਵਾਲ ‘ਤੇ ਵਰ੍ਹਦਿਆਂ ਕਿਹਾ ਕਿ ਉਹ ਆਪਣੀ ਸਿਆਸਤ ਚਮਕਾਉਣ ਲਈ ਝੂਠ ‘ਤੇ ਆਧਾਰਿਤ ਮੁਹਿੰਮ ਚਲਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਵਰਗਾ ਨਿਕੰਮਾ ਸਿਆਸਤਦਾਨ ਹੀ ਅਜਿਹੇ ਨਤੀਜੇ ‘ਤੇ ਪਹੁੰਚ ਸਕਦਾ ਹੈ ਜਦੋਂ ਕਿ ਕੇਜਰੀਵਾਲ ਵੱਲੋਂ ਪੇਸ਼ ਕੀਤੀ ਜਾ ਰਹੀ ਤਸਵੀਰ ਤੋਂ ਅਸਲ ਤਸਵੀਰ ਬਿਲਕੁਲ ਵੱਖਰੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾਈ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਨ ਲਈ ਤੇ ਠੋਸ ਰਣਨੀਤੀ ਘੜਨ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ।
ਆਪ ਦੇ ਆਗੂਆਂ ‘ਤੇ ਵਰ੍ਹਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਿਰੇ ਦਾ ਪਾਖੰਡੀ ਦੱਸਦਿਆਂ ਕਿਹਾ ਕਿ ਉਸ ਦੇ ਹੱਥਠੋਕਿਆਂ ਦੀ ਅੱਖ ਪੰਜਾਬ ਦੀਆਂ 2022 ਵਿਧਾਨ ਸਭਾ ਚੋਣਾਂ ਉਤੇ ਹੈ। ਪਰ ਪੰਜਾਬ ਦੇ ਲੋਕ ਆਪ ਪਾਰਟੀ ਦੀਆਂ ਲੂੰਬੜ ਚਾਲਾਂ ਨੂੰ ਸਮਝ ਚੁੱਕੇ ਹਨ ਤੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੀ ਜਨਤਾ ਆਪ ਪਾਰਟੀ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਕਰਵਾਏਗੀ।