ਚੰਡੀਗੜ੍ਹ: ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਵਿੱਚ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ ਨੇ ਇਹ ਅਸਤੀਫਾ ਅਜਿਹੇ ਸਮੇਂ ਦਿੱਤਾ ਹੈ ਜਦੋਂ ਅਗਲੇ ਸਾਲ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹਨ।
ਸੂਤਰਾਂ ਦੀ ਮੰਨੀਏ ਤਾਂ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਇਹ ਕਹਿ ਕੇ ਅਸਤੀਫਾ ਦੇ ਦਿੱਤਾ ਹੈ ਕਿ ਉਨ੍ਹਾਂ ਨੇ ਜਨਤਕ ਜੀਵਨ ਵਿੱਚ ਸਰਗਰਮ ਭੂਮਿਕਾ ਤੋਂ ਅਸਥਾਈ ਬ੍ਰੇਕ ਲੈਣ ਦਾ ਫੈਸਲਾ ਲਿਆ ਹੈ।
ਮੁੱਖ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਜਿਵੇਂ ਕਿ ਤੁਸੀਂ ਜਾਣਦੇ ਹੋ, ਜਨਤਕ ਜੀਵਨ ਵਿੱਚ ਸਰਗਰਮ ਭੂਮਿਕਾ ਤੋਂ ਅਸਥਾਈ ਬ੍ਰੇਕ ਲੈਣ ਦੇ ਮੇਰੇ ਫੈਸਲੇ ਦੇ ਮੱਦੇਨਜ਼ਰ, ਮੈਂ ਤੁਹਾਡੇ ਪ੍ਰਮੁੱਖ ਸਲਾਹਕਾਰ ਵਜੋਂ ਜ਼ਿੰਮੇਵਾਰੀਆਂ ਨੂੰ ਸੰਭਾਲਣ ਦੇ ਯੋਗ ਨਹੀਂ ਹਾਂ। ਕਿਉਂਕਿ ਮੈਂ ਅਜੇ ਆਪਣੀ ਭਵਿੱਖ ਦੀ ਕਾਰਜਪ੍ਰਣਾਲੀ ਬਾਰੇ ਫੈਸਲਾ ਨਹੀਂ ਕੀਤਾ ਹੈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਮੈਨੂੰ ਇਸ ਜ਼ਿੰਮੇਵਾਰੀ ਤੋਂ ਮੁਕਤ ਕਰੋ।
ਪ੍ਰਸ਼ਾਂਤ ਕਿਸ਼ੋਰ ਨੂੰ ਇਸੇ ਸਾਲ ਮਾਰਚ ਵਿੱਚ ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਦੇ ਅਹੁਦੇ ਲਈ ਨਿਯੁਕਤ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਹ ਖ਼ਬਰ ਸਾਂਝੀ ਕੀਤੀ ਸੀ, "ਇਹ ਦੱਸਦਿਆਂ ਖੁਸ਼ੀ ਹੋਈ ਕਿ ਪ੍ਰਸ਼ਾਂਤ ਕਿਸ਼ੋਰ ਮੇਰੇ ਮੁੱਖ ਸਲਾਹਕਾਰ ਵਜੋਂ ਮੇਰੇ ਨਾਲ ਸ਼ਾਮਲ ਹੋਏ ਹਨ। ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਕਰਦੇ ਹਾਂ।"
ਪ੍ਰਸ਼ਾਂਤ ਕਿਸ਼ੋਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕੰਮ ਕੀਤਾ ਸੀ ਜਿੱਥੇ ਪਾਰਟੀ ਨੇ 117 ਮੈਂਬਰਾਂ ਦੀ ਵਿਧਾਨ ਸਭਾ ਵਿੱਚ 77 ਸੀਟਾਂ ਦੇ ਸ਼ਾਨਦਾਰ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਸੀ।