ਚੰਡੀਗੜ੍ਹ: ਪੰਜਾਬ ਵਿੱਚ ਬਹੁਤ ਸਾਰੇ ਇਲਾਕੇ ਹੜ੍ਹ ਦੀ ਲਪੇਟ ਚ ਆਏ ਹੋਏ ਹਨ। ਲੋਕਾਂ ਦੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਹਨ ਅਤੇ ਹੋਰ ਵੀ ਕਾਫ਼ੀ ਨੁਕਸਾਨ ਹੋਇਆ ਹੈ। ਇਸ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦਾ ਵਿਸ਼ੇਸ਼ ਹੜ੍ਹ ਰਾਹਤ ਪੈਕੇਜ ਮੰਗਿਆ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਉਹ ਮੌਜੂਦਾ ਫ਼ਸਲੀ ਸੀਜ਼ਨ ਦੌਰਾਨ ਪ੍ਰਭਾਵਿਤ ਹੋਏ ਪਿੰਡਾਂ ਦੇ ਪੀੜਤ ਕਿਸਾਨਾਂ ਦੇ ਬੈਂਕਾਂ/ਵਿੱਤ ਸੰਸਥਾਵਾਂ ਤੋਂ ਲਏ ਫ਼ਸਲੀ ਕਰਜ਼ਿਆਂ ਨੂੰ ਮੁਆਫ਼ ਕਰਨ ਲਈ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤਾਂ ਦੇਣ।
ਮੁੱਖ ਮੰਤਰੀ ਨੇ ਕਿਹਾ ਕਿ 1958 ਤੋਂ ਬਾਅਦ ਹੁਣ ਭਾਖੜਾ ਡੈਮ ਵਿੱਚੋਂ ਸਤਲੁਜ ਦਰਿਆ ਵਿੱਚ ਪਾਣੀ ਛੱਡਿਆ ਗਿਆ ਜਿਸ ਨਾਲ ਖੜ੍ਹੀਆਂ ਫ਼ਸਲਾਂ ਦਾ ਨੁਕਸਾਨ ਹੋ ਗਿਆ ਅਤੇ ਪੇਂਡੂ ਰਿਹਾਇਸ਼ੀ ਖੇਤਰ ਬੁਰੀ ਤਰਾਂ ਪ੍ਰਭਾਵਿਤ ਹੋਏ। ਮੁੱਢਲੇ ਅਨੁਮਾਨਾਂ ਅਨੁਸਾਰ ਇਨ੍ਹਾਂ ਹੜ੍ਹਾਂ ਕਾਰਨ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਭਾਵਿਤ ਖੇਤਰਾਂ ਵਿੱਚ ਕੁਦਰਤੀ ਆਫ਼ਤ ਐਲਾਨੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਫੌਜ ਵੱਲੋਂ ਵੀ ਜ਼ਰੂਰੀ ਮੱਦਦ ਲਈ ਜਾ ਰਹੀ ਹੈ। ਉਨਾਂ ਕਿਹਾ ਕਿ ਸਤਲੁਜ ਦਰਿਆ ਵਿੱਚ ਆਏ ਹੜਾਂ ਕਾਰਨ ਕਈ ਥਾਵਾਂ ਖਾਸ ਕਰ ਕੇ ਰੋਪੜ, ਲੁਧਿਆਣਾ, ਜਲੰਧਰ ਤੇ ਕਪੂਰਥਲਾ ਜ਼ਿਲਿਆਂ ਦੇ 100 ਤੋਂ ਵੱਧ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਫਸਲਾਂ ਬਰਬਾਦ ਹੋਈਆ ਹਨ ਅਤੇ ਘਰਾਂ ਦੇ ਨਾਲ-ਨਾਲ ਕਈ ਥਾਵਾਂ ਉਤੇ ਪੇਂਡੂ ਤੇ ਸ਼ਹਿਰੀ ਖੇਤਰਾਂ ਦਾ ਬੁਨਿਆਦੀ ਢਾਂਚਾ ਵੀ ਬਹੁਤ ਨੁਕਸਾਨਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਸੂਬਾ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਭਾਰਤ ਸਰਕਾਰ ਕੋਲੋਂ ਵਿਸ਼ੇਸ਼ ਪੈਕੇਜ ਲੈਣ ਲਈ ਇਕ ਮੈਮੋਰੰਡਮ ਤਿਆਰ ਕਰਨ। ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਸੂਬੇ ਵਿੱਚ 326 ਪਿੰਡ ਹੜਾਂ ਨਾਲ ਪ੍ਰਭਾਵਿਤ ਹੋਏ ਹਨ ਅਤੇ ਪਾਣੀ ਵਿੱਚ ਡੁੱਬਣ ਕਾਰਨ 1.20 ਲੱਖ ਏਕੜ ਰਕਬੇ ਵਿੱਚ ਫਸਲਾਂ ਦਾ ਨੁਕਸਾਨ ਹੋਇਆ ਹੈ।
ਇਹ ਵੀ ਪੜੋ: ਵਿਜੈ ਮਾਲਿਆ ਦੀਆਂ ਨਕਲਾਂ ਕਰਦੇ ਨਜ਼ਰ ਆਏ ਪੀ.ਚਿਦੰਬਰਮ: BJP
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਜੋ ਕਿ ਖੁਦ ਸਥਿਤੀ ਉੱਤੇ ਨਿਗਰਾਨੀ ਰੱਖ ਰਹੇ ਹਨ, ਦੇ ਨਿਰਦੇਸ਼ਾਂ ’ਤੇ ਹੜ ਪ੍ਰਭਾਵਿਤ ਖੇਤਰਾਂ ਖਾਸ ਕਰ ਕੇ ਜਲੰਧਰ ਤੇ ਫਿਰੋਜ਼ਪੁਰ ਜ਼ਿਲੇ ਵਿੱਚ ਫੌਜ ਤੇ ਐਸ.ਡੀ.ਆਰ.ਐਫ. ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਉਨ੍ਹਾਂ ਮੁੱਖ ਸਕੱਤਰ ਨੂੰ ਇਸ ਮਾਮਲੇ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਤੇ ਪ੍ਰਮੁੱਖ ਸਕੱਤਰ ਜਲ ਸਰੋਤ ਨਾਲ ਨਿਰੰਤਰ ਤਾਲਮੇਲ ਸਥਾਪਤ ਕਰਨ ਲਈ ਵੀ ਕਿਹਾ ਹੈ।