ਚੰਡੀਗੜ੍ਹ: ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਪ੍ਰੈੱਸ ਕਾਨਫਰੰਸ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਸਾਬਕਾ ਗ੍ਰਹਿ ਮੰਤਰੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਸੰਬੋਧਨ ਕੀਤਾ।
ਕਾਨੂੰਨ ਵਿਵਸਥਾ ਨੂੰ ਲੈਕੇ ਸਰਕਾਰ ’ਤੇ ਸਵਾਲ: ਇਸ ਮੌਕੇ ਸਮੂਹ ਆਗੂਆਂ ਨੇ ਪੰਜਾਬ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਲਈ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ। ਇੰਨ੍ਹਾਂ ਸਾਰਿਆਂ ਨੇ ਇੱਕ ਆਵਾਜ਼ ਵਿੱਚ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਖਤਮ ਹੋ ਚੁੱਕੀ ਹੈ ਅਤੇ ਹਰ ਰੋਜ਼ ਕਿਸੇ ਨਾ ਕਿਸੇ ਦਾ ਕਤਲ ਹੋ ਰਿਹਾ ਹੈ ਅਤੇ ਨਾਲ ਹੀ ਲੋਕਾਂ ਤੋਂ ਨਿਡਰ ਹੋ ਕੇ ਫਿਰੌਤੀ ਮੰਗੀ ਜਾ ਰਹੀ ਹੈ। ਸਾਰੇ ਆਗੂਆਂ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕਾਨੂੰਨ ਦਾ ਰਾਜ ਖ਼ਤਮ ਹੋ ਗਿਆ ਹੈ।
ਕਾਨੂੰਨ ਵਿਵਸਥਾ ਨੂੰ ਲੈਕੇ ਕੀ ਬੋਲੇ ਰਾਜਾ ਵੜਿੰਗ?: ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਵਪਾਰੀ ਹੋਵੇ ਜਾਂ ਖਿਡਾਰੀ ਜਾਂ ਡਾਕਟਰ, ਬਦਮਾਸ਼ ਸਾਰੇ ਲੋਕਾਂ ਤੋਂ ਨਿਡਰ ਹੋ ਕੇ ਫਿਰੌਤੀ ਮੰਗ ਰਹੇ ਹਨ ਪਰ ਇਹ ਸਰਕਾਰ ਕੁਝ ਵੀ ਕਰਨ ਦੇ ਸਮਰੱਥ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਬਕਾ ਡਿਪਟੀ ਸੀਐਮ ਓਪੀ ਸੋਨੀ, ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਵੀ ਧਮਕੀਆਂ ਮਿਲੀਆਂ ਹਨ। ਪਰ ਸਰਕਾਰ ਇਨ੍ਹਾਂ ਮਾਮਲਿਆਂ ਵਿੱਚ ਕੁਝ ਵੀ ਕਰਨ ਦੇ ਸਮਰੱਥ ਨਹੀਂ ਹੈ।
ਮੂਸੇਵਾਲਾ ਮਾਮਲੇ ਚ ਸਰਕਾਰ 'ਤੇ ਸਵਾਲ: ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਧੂ ਮੂਸੇ ਵਾਲੇ ਦੇ ਕਤਲ ਨੂੰ ਕਰੀਬ 1 ਮਹੀਨਾ ਹੋਣ ਵਾਲਾ ਹੈ ਪਰ ਪੰਜਾਬ ਪੁਲਿਸ ਨੇ ਇਸ ਮਾਮਲੇ 'ਚ ਕੋਈ ਵੱਡੀ ਕਾਰਵਾਈ ਨਹੀਂ ਕੀਤੀ ਜਦਕਿ ਦਿੱਲੀ ਅਤੇ ਮਹਾਰਾਸ਼ਟਰ ਦੀ ਪੁਲਿਸ ਇਸ ਮਾਮਲੇ 'ਚ ਜ਼ਿਆਦਾ ਸਰਗਰਮ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਇਸ ਮਾਹੌਲ ਕਾਰਨ ਸੰਗਰੂਰ 'ਚ ਪੋਲਿੰਗ ਬੂਥ ਖਾਲੀ ਦਿਖਾਈ ਦਿੱਤੇ ਹਨ।
ਪ੍ਰਤਾਪ ਬਾਜਵਾ ਦੇ ਸਰਕਾਰ ’ਤੇ ਨਿਸ਼ਾਨੇ: ਕਾਂਗਰਸ ਆਗੂਆਂ ਇਹ ਵੀ ਕਿਹਾ ਕਿ ਲਾਰੈਂਸ ਬਿਸ਼ਨੋਈ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ, ਜਿਸ ਦੀ ਜ਼ਿੰਮੇਵਾਰੀ ਦਿੱਲੀ ਸਰਕਾਰ ਯਾਨੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਹੈ, ਅਜਿਹੇ 'ਚ ਜੇਕਰ ਉਸ ਨੇ ਇੰਨਾ ਵੱਡਾ ਅਪਰਾਧ ਕੀਤਾ ਹੈ ਤਾਂ ਇਸ ਦਾ ਜਵਾਬ ਕੌਣ ਦੇਵੇਗਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਖੁਦ ਕਹਿ ਰਹੇ ਹਨ ਕਿ ਮੈਨੂੰ ਵੀ ਧਮਕੀਆਂ ਮਿਲ ਰਹੀਆਂ ਹਨ। ਜੇਕਰ ਮੁੱਖ ਮੰਤਰੀ ਕੋਲ ਤਜਰਬਾ ਹੁੰਦਾ ਤਾਂ ਉਹ ਕਾਬੂ ਕਰ ਲੈਂਦੇ।
ਕੁੱਲੂ ਮਨਾਲੀ ਦੇ ਚੱਕਰ ਛੱਡ ਪੰਜਾਬ ਵੱਲ ਧਿਆਨ ਦੇਣ ਦੀ ਨਸੀਹਤ: ਉਨ੍ਹਾਂ ਕਿਹਾ ਕਿ ਕੁੱਲੂ ਮਨਾਲੀ ਦਾ ਦੌਰਾ ਕਰਨ ਦਾ ਪ੍ਰੋਗਰਾਮ ਬਣਾਉਣ ਤੋਂ ਪਹਿਲਾਂ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਇੱਥੇ ਲੋਕਾਂ ਲਈ ਪ੍ਰਬੰਧ ਕਰਨੇ ਚਾਹੀਦੇ ਹਨ। ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਲਕੇ ਤੋਂ ਸ਼ੁਰੂ ਹੋਣ ਵਿਧਾਨ ਸਭਾ ਸੈਸ਼ਨ 'ਚ ਕਾਨੂੰਨ ਵਿਵਸਥਾ ਦੀ ਸਭ ਤੋਂ ਪਹਿਲਾਂ ਗੱਲ ਕਰਨ ਦੀ ਮੰਗ ਕੀਤੀ ਹੈ।
ਰੰਧਾਵਾ ਦੇ ਸਰਕਾਰ ’ਤੇ ਸਵਾਲ: ਸਾਬਕਾ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਕੋਈ ਠੋਸ ਕਾਰਵਾਈ ਨਹੀਂ ਹੋਈ ਹੈ। ਮੁੱਖ ਮੰਤਰੀ ਕਹਿ ਰਹੇ ਹਨ ਕਿ ਮੈਨੂੰ ਧਮਕੀਆਂ ਮਿਲ ਰਹੀਆਂ ਹਨ, ਕੀ ਇਸ ਦਾ ਮਤਲਬ ਹੈ ਕਿ ਦੂਜਿਆਂ ਨੂੰ ਧਮਕੀਆਂ ਦੀ ਕੋਈ ਮਹੱਤਤਾ ਨਹੀਂ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਪੁਲਿਸ ਨੇ ਫਤਿਹਾਬਾਦ 'ਚ ਮਾਰਿਆ ਛਾਪਾ, ਦੋ ਨੂੰ ਲਿਆ ਹਿਰਾਸਤ 'ਚ