ਚੰਡੀਗੜ੍ਹ: ਪੂਰੇ ਦੇਸ਼ ਵਿੱਚ ਅੱਜ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਹਾੜੇ ਨੂੰ ਲੈ ਕੇ ਦੇਸ਼ ਭਰ ਵਿੱਚ ਅਧਿਆਪਕਾਂ ਦੇ ਸਨਮਾਨ ਲਈ ਵੱਖ-ਵੱਖ ਤਰ੍ਹਾਂ ਦੇ ਸਮਾਗਮ ਹੋ ਰਹੇ ਹਨ। ਇਸੇ ਤਰ੍ਹਾਂ ਹੀ ਪੰਜਾਬ ਚੋਣ ਕਮਿਸ਼ਨ ਨੇ ਵੀ ਅਧਿਆਪਕਾਂ ਦੇ ਸਨਮਾਨ ਲਈ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਹੈ।
ਪੰਜਾਬ ਮੁੱਖ ਚੋਣ ਅਫ਼ਸਰ ਐਸ ਕਰੁਣਾ ਰਾਜੂ ਵੱਲੋਂ ਅਧਿਆਪਕ ਦਿਵਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਸੂਬੇ ਭਰ ਦੇ ਵਿੱਚ ਵਧੀਆ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਇੱਕ ਲੇਖ ਮੁਕਾਬਲਾ ਵੀ ਕਰਵਾਇਆ ਗਿਆ ਸੀ ਜਿਸ ਵਿੱਚ ਜਿੱਤਣ ਵਾਲੇ ਅਧਿਆਪਕਾਂ ਨੂੰ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਵਿੱਚ 600 ਤੋਂ ਵੱਧ ਅਧਿਆਪਕਾਂ ਨੇ ਲੇਖ ਮੁਕਾਬਲਿਆਂ ਦੇ ਵਿੱਚ ਭਾਗ ਲਿਆ ਸੀ ਤੇ ਇਸ ਤੋਂ ਇਲਾਵਾ ਚੋਣਾਂ ਦੇ ਵਿੱਚ ਨੋਡਲ ਅਫ਼ਸਰ ਨੂੰ ਵੀ ਵਧੀਆ ਕੰਮ ਕਰਨ ਦੇ ਚੱਲਦਿਆਂ ਸਨਮਾਨਿਤ ਕੀਤਾ ਗਿਆ।
ਕਰੁਣਾ ਰਾਜੂ ਨੇ ਇਹ ਵੀ ਦੱਸਿਆ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਹੋਰਨਾਂ ਸੂਬਿਆਂ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਤੌਰ ਤਰੀਕਾ ਵੇਖਿਆ ਜਾਵੇਗਾ ਕਿ ਕਿਸ ਤਰੀਕੇ ਨਾਲ ਚੋਣਾਂ ਕਰਵਾਈਆਂ ਜਾਣਗੀਆਂ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਵੀ ਉਸ ਹਿਸਾਬ ਨਾਲ ਸੂਬੇ ਵਿੱਚ ਚੋਣਾਂ ਕਰਵਾਉਣ ਦਾ ਫ਼ੈਸਲਾ ਕੀਤਾ ਜਾਵੇਗਾ ਤੇ ਉਸ ਸਬੰਧੀ ਤਿਆਰੀਆਂ ਕੀਤੀਆਂ ਜਾਣਗੀਆਂ।