ਚੰਡੀਗੜ੍ਹ: ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨਾ ਸਾੜਣ ਲਈ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੁਆਵਜ਼ਾ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਮਿਲੇਗਾ, ਜਿਨ੍ਹਾਂ ਨੇ ਝੋਨੇ ਦੀ ਰਹਿੰਦ-ਖੂੰਦ ਨੂੰ ਅੱਗ ਨਹੀਂ ਲਾਈ ਸਗੋਂ ਖੇਤਾਂ ਵਿੱਚ ਵਾਹਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਗ਼ੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ।
ਉਨ੍ਹਾਂ ਕਿਹਾ ਕਿ ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ ਜਿਸ ਕੋਲ ਆਪਣੀ ਪਤਨੀ ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਂਅ 'ਤੇ ਸਿਰਫ਼ 5 ਏਕੜ ਤੱਕ ਦੀ ਜ਼ਮੀਨ ਦੀ ਮਾਲਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਰਹਿੰਦ-ਖੂੰਹਦ ਨੂੰ ਬਿਲਕੁਲ ਅੱਗ ਨਾ ਲਾਉਣ ਕਿਉਂਕਿ ਅਜਿਹਾ ਕਰਨਾ ਸਿੱਧੇ ਤੌਰ ’ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਇਹ ਕਦਮ ਚੁੱਕਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।