ਚੰਡੀਗੜ੍ਹ: ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ। ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਨਾਲ ਪੰਜਾਬ ਭਵਨ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਰਕਾਰ ਮਾਲ ਗੱਡੀਆਂ ਦੀਆਂ ਆਵਾਜ਼ਾਈ ਬੰਦ ਹੋਣ ਕਾਰਨ ਪੈਦਾ ਹੋਈ ਸਥਿਤੀ ਕਿਸਾਨ ਜਥੇਬੰਦੀਆਂ ਅੱਗੇ ਰੱਖੀ। ਸਰਕਾਰੀ ਨੁਮਾਇੰਦਿਆਂ ਨੇ 30 ਕਿਸਾਨ ਜਥੇਬੰਦੀਆਂ ਨਾਲ ਵਖ ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨਾਲ ਵੱਖਰੇ ਤੌਰ 'ਤੇ ਮੀਟਿੰਗ ਕੀਤੀ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਜਥੇਬੰਦੀਆਂ ਨੂੰ ਸਾਰੀ ਸਥਿਤੀ ਬਾਰੇ ਦੱਸਿਆ ਹੈ। ਰੰਧਾਵਾ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਕੇਂਦਰ ਸਰਕਾਰ ਨੇ ਬਦਲੇ ਦੀ ਭਾਵਨਾ ਨਾਲ ਰੋਕੀ ਹੈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਕੋਈ ਰੇਲ ਲਾਈਨ ਨਹੀਂ ਰੋਕੀ ਗਈ।