ਚੰਡੀਗੜ੍ਹ: ਕੋਰੋਨਾ ਵਾਇਰਸ (ਕੋਵਿਡ-19) ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਾਵਧਾਨੀਆਂ ਵਰਤਣ ਬਾਰੇ ਸਮੇਂ-ਸਮੇਂ 'ਤੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹੋਈ ਸਟੇਟ ਮੈਨੇਜਮੈਂਟ ਕੋਵਿਡ-19 ਗਰੁੱਪ ਦੀ ਉੱਚ ਪੱਧਰੀ ਮੀਟਿੰਗ ਵਿੱਚ ਮੋਬਾਈਲ ਐਪਲੀਕੇਸ਼ਨ 'ਕੋਵਾ ਪੰਜਾਬ' ਲਾਂਚ ਕੀਤੀ ਗਈ।
ਦੱਸਣਯੋਗ ਹੈ ਕਿ ਕੋਵਾ ਐਪ ਦਾ ਅਰਥ ਕੋਰੋਨਾ ਵਾਇਰਸ ਅਲਰਟ ਹੈ। ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ ਵੱਲੋਂ ਇਹ ਐਪ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਯਾਤਰਾ ਅਤੇ ਰੋਕਥਾਮ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ।
ਇਸ ਸਬੰਧੀ ਕਰਨ ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਐਪਲੀਕੇਸ਼ਨ ਰਾਹੀਂ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਇਸ ਬਿਮਾਰੀ ਬਾਰੇ ਅਤੇ ਇਸ ਤੋਂ ਬਚਾਅ ਲਈ ਅਹਿਤਿਆਤੀ ਤਰੀਕਿਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਜੇਕਰ ਕੋਰੋਨਾ ਵਾਇਰਸ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਇਹ ਐਪ ਨਾਗਰਿਕਾਂ ਨੂੰ ਜ਼ਿਲ੍ਹੇ ਦੇ ਨਜ਼ਦੀਕੀ ਹਸਪਤਾਲ ਅਤੇ ਨੋਡਲ ਅਫ਼ਸਰ ਬਾਰੇ ਵੀ ਜਾਣਕਾਰੀ ਮੁਹੱਈਆ ਕਰਾਵੇਗੀ।
ਇਹ ਵੀ ਪੜ੍ਹੋ: ਪੰਜਾਬ ਵਿੱਚ ਕੋਰੋਨਾ ਦਾ ਪਹਿਲਾ ਪਾਜ਼ਿਟਿਵ ਮਾਮਲਾ ਆਇਆ ਸਾਹਮਣੇ
ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਇਹ ਐਪ ਉਹ ਸਾਰੀ ਜਾਣਕਾਰੀ ਮੁਹੱਈਆ ਕਰਵਾਉਂਦੀ ਹੈ ਜਿਸ ਰਾਹੀਂ ਨਾਗਰਿਕ ਆਪਣੇ ਅਤੇ ਆਪਣੇ ਪਰਿਵਾਰ ਨੂੰ ਕੋਵਿਡ-19 ਤੋਂ ਬਚਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਐਪ ਐਂਡਰਾਇਡ ਪਲੇਅ ਸਟੋਰ ਅਤੇ ਆਈਓਐਸ ਐਪ ਸਟੋਰ 'ਤੇ “ਕੋਵਾ ਪੰਜਾਬ'' ਨਾਂਅ ਦੇ ਨਾਲ ਉਪਲਬਧ ਹੈ। ਉਨ੍ਹਾਂ ਨਾਗਰਿਕਾਂ ਨੂੰ ਸਲਾਹ ਦਿੱਤੀ ਕਿ ਉਹ ਇਸ ਐਪ ਨੂੰ ਆਪਣੇ ਫੋਨਾਂ ਵਿੱਚ ਰੱਖਣ ਤਾਂ ਜੋ ਉਨ੍ਹਾਂ ਨੂੰ ਸਰਕਾਰ ਦੀਆਂ ਐਡਵਾਇਜ਼ਰੀਆਂ ਬਾਰੇ ਜਲਦੀ ਸੂਚਨਾ ਮਿਲ ਸਕੇ।
ਪ੍ਰਮੁੱਖ ਸਕੱਤਰ ਸਿਹਤ ਅਨੁਰਾਗ ਅਗਰਵਾਲ ਨੇ ਕਿਹਾ ਕਿ ਇਸ ਐਪ ਰਾਹੀਂ ਸਰਕਾਰ ਵੱਲੋਂ ਨਾਗਰਿਕਾਂ ਨਾਲ ਸਮੇਂ-ਸਮੇਂ 'ਤੇ ਇਸ ਬਿਮਾਰੀ ਸਬੰਧੀ ਅਪਡੇਟਸ ਅਤੇ ਹਿਦਾਇਤਾਂ ਸਾਂਝੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਐਪ ਵਿੱਚ ਡਾਇਨਾਮਿਕ ਨਕਸ਼ੇ ਦੇ ਨਾਲ-ਨਾਲ ਇੱਕ ਰੀਅਲ ਟਾਈਮ ਕਾਊਂਟਰ ਵੀ ਦਿੱਤਾ ਗਿਆ ਹੈ ਜਿਸ ਨਾਲ ਸੂਬੇ ਦੇ ਨਾਗਰਿਕਾਂ ਨੂੰ ਕੋਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਮਿਲਦੀ ਰਹੇਗੀ।