ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ਰਿਹਾ ਹੈ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਸੋਮਵਾਰ ਨੂੰ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ ਪਰ ਉਨ੍ਹਾਂ ਦੀ ਮੁਲਕਾਤ ਜਥੇਦਾਰ ਨਾਲ ਨਹੀ ਹੋ ਸਕੀ। ਇਸ ਲਈ ਚਰਨਜੀਤ ਚੰਨੀ ਹੁਣ ਮੁਲਾਕਾਤ ਲਈ ਮੰਗਲਵਾਰ ਨੂੰ ਅੰਮ੍ਰਿਤਸਰ ਜਾਣਗੇ।
ਸਰਕਾਰ ਵੱਲੋਂ ਬਣਾਈ ਗਈ ਮੰਤਰੀਆਂ ਦੀ ਕਮੇਟੀ ਦੇ ਮੈਂਬਰ ਚਰਨਜੀਤ ਚੰਨੀ ਸੋਮਵਾਰ ਨੂੰ ਕੈਪਟਨ ਦਾ ਸੁਨੇਹਾ ਲੈ ਕੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਪਹੁੰਚੇ ਸੀ ਪਰ ਜਥੇਦਾਰ ਨਾਲ ਮੁਲਾਕਾਤ ਨਹੀਂ ਹੋ ਪਾਈ। ਇਸ ਬਾਰੇ ਚੰਨੀ ਨੇ ਕਿਹਾ ਕਿ ਸਰਕਾਰ ਫਿਰ ਤੋਂ ਕੋਸ਼ਿਸ਼ ਕਰ ਰਹੀ ਹੈ ਕਿ ਐਸਜੀਪੀਸੀ ਨਾਲ ਰਲ ਕੇ ਸੁਲਤਾਨਪੁਰ ਲੋਧੀ ਵਿਖੇ ਸਮਾਗਮ ਕਰਵਾਏ ਜਾਣ। ਇਸ ਲਈ ਸ਼੍ਰੀ ਅਕਾਲ ਤਖ਼ਤ ਰਾਹੀਂ ਐਸਜੀਪੀਸੀ ਨਾਲ ਇਸ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਚੰਨੀ ਨੇ ਕਿਹਾ ਕਿ ਮਾਮਲੇ ਦੀ ਅਗਲੀ ਕਾਰਵਾਈ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਕਰਕੇ ਕੀਤੀ ਜਾਵੇਗੀ।
ਚੰਨੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੱਤਰ ਸੌਂਪਣਾ ਸੀ। ਇਸ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕੈਪਟਨ ਸਰਕਾਰ ਦੇ ਤਿੰਨ ਮੰਤਰੀਆਂ ਨਾਲ ਸਾਂਝੇ ਸਮਾਗਮ ਕਰਨ ਬਾਰੇ ਮੀਟਿੰਗਾਂ ਕਰਦੇ ਰਹੇ ਪਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰ ਆਗੂਆਂ ਤੇ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇ ਦਿੱਤੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਸ਼੍ਰੋਮਣੀ ਕਮੇਟੀ ਨੇ ਸਮਾਗਮ ਸਾਂਝੇ ਕਰਨ ਦੀ ਥਾਂ ਵੱਖਰੇ ਤੌਰ ਉੱਤੇ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ।
ਇਹ ਵੀ ਪੜੋ: ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੇ 4 ਸਾਲ ਪੂਰੇ, ਪੀੜਤਾਂ ਦੇ ਜ਼ਖਮ ਅਜੇ ਵੀ ਅੱਲ੍ਹੇ
ਸੂਤਰਾਂ ਮੁਤਾਬਕ ਅਜਿਹਾ ਕਰਨ ਪਿੱਛੇ ਬਾਦਲ ਪਰਿਵਾਰ ਦਾ ਦਬਾਅ ਸੀ ਕਿਉਂਕਿ ਸਾਂਝੇ ਸਮਾਗਮ ਦੀ ਸਟੇਜ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬੈਠ ਨਹੀਂ ਸਕਦੇ ਸਨ। ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਦੀ ਸਾਂਝੀ ਮੀਟਿੰਗ ਵਿੱਚ ਸਟੇਜ ਉੱਤੇ ਬੈਠਣ ਵਾਲੇ ਚਾਰ ਆਗੂਆਂ ਬਾਰੇ ਫੈਸਲਾ ਹੋ ਗਿਆ ਸੀ ਪਰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਨੇ ਦੋ ਹੋਰ ਆਗੂਆਂ ਦੇ ਸਟੇਜ ਉੱਤੇ ਬੈਠਣ ਦੀ ਗੱਲ ਕੀਤੀ ਸੀ ਪਰ ਉਨ੍ਹਾਂ ਦੇ ਨਾਂ ਨਹੀਂ ਦੱਸੇ ਸਨ।