ਚੰਡੀਗੜ੍ਹ: ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਖੇਤੀ ਬਿੱਲਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਕਿਹਾ ਕਿ ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਮੰਗਾਂ ਮੰਨੀਆਂ ਜਾਣ ਤੱਕ ਕਿਸਾਨਾਂ ਦੇ ਮੋਢੇ ਨਾਲ ਮੋਢੇ ਡਾਹ ਕੇ ਡਟੀ ਰਹੇਗੀ।
ਬਿੰਦਰਾ ਨੇ ਕਿਹਾ ਕਿ ਸਾਡੀ ਲੜਾਈ ਪੰਜਾਬੀਆਂ ਦੇ ਹੱਕਾਂ ਲਈ ਹੈ ਅਤੇ ਅਸੀਂ ਇਸ ਲੜਾਈ ਨੂੰ ਉਦੋਂ ਤੱਕ ਜਾਰੀ ਰੱਖਾਂਗੇ, ਜਦੋਂ ਤੱਕ ਸਾਨੂੰ ਆਪਣਾ ਬਣਦਾ ਹੱਕ ਨਹੀਂ ਮਿਲ ਜਾਂਦਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਭੇਜੇ ਨੋਟਿਸਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨੇ ਕੇਂਦਰ ਸਰਕਾਰ ਦੀ ਮਾੜੀਸੋਚ ਨੂੰ ਨੰਗਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰ ਕੇ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕੀਤਾ। ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਇਸ ਭਿਆਨਕ ਤੇ ਸੰਕਟਕਾਲੀ ਦੌਰ ਵਿੱਚ ਪੰਜਾਬ ਸਰਕਾਰ ਨਾਲ ਖੜ੍ਹੇ ਹੋਣਾ ਚਾਹੀਦਾ ਹੈ ਕਿਉਂਕਿ ਨਰਿੰਦਰ ਮੋਦੀ ਦੀ ਸਰਕਾਰ ਪੰਜਾਬੀਆਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ’ਤੇ ਤੁਲੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾਂ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਖੜ੍ਹੇ ਹਾਂ।