ਚੰਡੀਗੜ੍ਹ: ਪੰਜਾਬ ਕੈਬਿਨੇਟ ਨੇ ਅੱਜ ਇੱਕ ਹੋਰ ਫ਼ੈਸਲਾ ਲੈਂਦਿਆਂ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਓ.ਐਸ.ਡੀਜ਼ (ਲਿਟੀਗੇਸ਼ਨ) ਦੀ ਬੱਝਵੀ ਤਨਖਾਹ/ਰਿਟੇਨਰਸ਼ਿਪ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ। ਇਹ ਵਾਧਾ 20 ਫੀਸਦੀ ਵਧਾ 50,000 ਰੁਪਏ ਤੋਂ ਵਧਾ ਕੇ 60,000 ਰੁਪਏ ਕਰ ਦਿੱਤਾ ਹੈ।
ਗੌਰਤਲਬ ਹੈ ਕਿ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਦਫ਼ਤਰ, ਆਮ ਰਾਜ ਪ੍ਰਬੰਧ, ਗ੍ਰਹਿ ਮਾਮਲੇ ਅਤੇ ਨਿਆਂ, ਜਲ ਸਰੋਤ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ, ਪੇਂਡੂ ਵਿਕਾਸ ਅਤੇ ਪੰਚਾਇਤ, ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਲੋਕ ਨਿਰਮਾਣ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਿਹਤ ਅਤੇ ਪਰਿਵਾਰ ਭਲਾਈ ਅਤੇ ਸਿੱਖਿਆ ਵਿਭਾਗਾਂ ਵਿੱਚ ਓ.ਐਸ.ਡੀ. (ਲਿਟੀਗੇਸ਼ਨ) ਦੀਆਂ 11 ਆਰਜੀ ਅਸਾਮੀਆਂ ਦੀ ਰਚਨਾ ਕੀਤੀ ਗਈ ਸੀ।
ਸ਼ੁਰੂਆਤ ਵਿੱਚ ਓ.ਐਸ.ਡੀ. (ਲਿਟੀਗੇਸ਼ਨ) ਨੂੰ 35,000 ਰੁਪਏ ਪੱਕੀ ਤਨਖਾਹ ਦਿੱਤੀ ਜਾਂਦੀ ਸੀ। ਇਸ ਤੋਂ ਬਾਅਦ 5 ਦਸੰਬਰ, 2016 ਨੂੰ ਕੈਬਨਿਟ ਮੀਟਿੰਗ ਵਿੱਚ ਲਏ ਫੈਸਲੇ ਅਨੁਸਾਰ ਤਨਖਾਹ ਵਧਾਉਂਦਿਆਂ 35,000 ਰੁਪਏ ਤੋਂ ਵਧਾ ਕੇ 50,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਸੀ। ਸਾਲ 2016 ਤੋਂ ਬਾਅਦ ਇਸ ਪੱਕੀ ਤਨਖਾਹ/ਰਿਟੇਨਰਸ਼ਿਪ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ।