ਚੰਡੀਗੜ੍ਹ: ਪੰਜਾਬ ਸਰਕਾਰ ਨੇ ਰਾਜ ਵਿੱਚ ਪਰਾਲੀ ਦੇ ਨਿਬੇੜੇ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਦਾ ਚੇਅਰਮੈਨ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਨੂੰ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਕਿਸਾਨਾਂ ਵੱਲੋਂ ਪਰਾਲੀ ਦੇ ਨਿਬੇੜੇ ਸਬੰਧੀ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਸਰਕਾਰ ਨੂੰ ਬੇਨਤੀ ਕੀਤੀ ਗਈ ਸੀ, ਜਿਸਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਇਹ ਕਮੇਟੀ ਗਠਿਤ ਕੀਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਕਮੇਟੀ ਵਿੱਚ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਚੇਅਰਮੈਨ ਤੋਂ ਇਲਾਵਾ ਸਕੱਤਰ ਖੇਤੀਬਾੜੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਪਰਸਨ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਪ੍ਰਤੀਨਿਧ, ਏ.ਡੀ.ਜੀ.ਪੀ. ਇੰਟੈਲੀਜੈਂਸ ਜਾਂ ਉਨ੍ਹਾਂ ਵੱਲੋਂ ਨਾਮਜ਼ਦ ਵਿਅਕਤੀ ਅਤੇ ਖੇਤੀ ਸੰਗਠਨਾਂ ਦੇ ਪ੍ਰਤੀਨਿਧਾਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਹ ਕਮੇਟੀ 2 ਮਹੀਨਿਆਂ ਵਿੱਚ ਆਪਣੀ ਰਿਪੋਰਟ ਸਰਕਾਰ ਨੂੰ ਪੇਸ਼ ਕਰੇਗੀ।