ਚੰਡੀਗੜ: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੂਬੇ ਵਿੱਚ ਕੁੱਲ 20, 000 ਆਰ.ਟੀ-ਪੀ.ਸੀ.ਆਰ ਟੈਸਟਾਂ ਦਾ ਅੰਕੜਾ ਪਾਰ ਕੀਤਾ ਹੈ। ਇਸੇ ਨਾਲ ਹੀ ਸੂਬੇ ਨੇ ਆਉਣ ਵਾਲੇ ਦਿਨਾਂ ਵਿੱਚ ਹੋਰ ਲੈਬਾਂ ਅਤੇ ਟੈਸਟਿੰਗ ਸਹੂਲਤਾਂ ਸ਼ਾਮਲ ਕਰਨ ਦੀ ਤਿਆਰੀ ਵੀ ਕਰ ਲਈ ਹੈ।
ਡਾਕਟਰੀ ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਨੇ ਸੂਬੇ ਵਿੱਚ ਇੱਕ ਦਿਨ ਵਿੱਚ ਟੈਸਟਾਂ ਦੀ ਸਮਰੱਥਾ ਨੂੰ 1500 ਤੱਕ ਵਧਾਉਣ ਵਿੱਚ ਸਹਾਇਤਾ ਕੀਤੀ ਹੈ, ਜਿਸ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮਈ ਮਹੀਨੇ ਦੇ ਅੱਧ ਤੱਕ ਰੋਜ਼ਾਨਾ 6000 ਆਰ.ਟੀ.-ਪੀ.ਸੀ.ਆਰ ਕੋਵਿਡ ਟੈਸਟਿੰਗ ਕਰਨ ਦੀ ਹਦਾਇਤ ਕੀਤੀ ਗਈ ਹੈ। ਕਿਉਂ ਜੋ ਆਉਣ ਵਾਲੇ ਦਿਨਾਂ ਵਿਚ ਪ੍ਰਵਾਸੀਆਂ ਅਤੇ ਹੋਰ ਪੰਜਾਬੀਆਂ ਦੀ ਘਰ ਵਾਪਸੀ ਦੀ ਉਮੀਦ ਹੈ।
ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਇਸ ਸਬੰਧੀ ਦੱਸਿਆ ਕਿ ਸੂਬੇ ਨੇ 25 ਅਪ੍ਰੈਲ ਤੱਕ 10,000 ਨਮੂਨੇ ਜਾਂਚ ਲਏ ਸਨ ਅਤੇ ਇਸ ਤੋਂ ਬਾਅਦ 7 ਦਿਨਾਂ ਵਿੱਚ 2 ਮਈ ਤੱਕ 10,000 ਹੋਰ ਟੈਸਟ ਕਰਕੇ ਕੁੱਲ 20,000 ਟੈਸਟ ਸਫਲਤਾਪੂਰਵਕ ਕਰ ਲਏ ਹਨ।
ਮਹਾਜਨ ਨੇ ਕਿਹਾ ਕਿ ਸੂਬੇ ਵਿੱਚ ਟੈਸਟਿੰਗ ਸਮਰੱਥਾ ਨੂੰ ਹੋਰ ਵਧਾਉਣ ਲਈ ਭਾਰਤ ਸਰਕਾਰ ਨੂੰ ਬਰਨਾਲਾ, ਰੂਪਨਗਰ, ਲੁਧਿਆਣਾ ਅਤੇ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਹਸਪਤਾਲਾਂ ਵਿੱਚ 4 ਨਵੀਆਂ ਲੈਬਾਂ ਸਥਾਪਤ ਕਰਨ ਦਾ ਪ੍ਰਸਤਾਵ ਭੇਜਿਆ ਗਿਆ ਹੈ। ਇਸ ਤੋਂ ਇਲਾਵਾ 15 ਟਰੂਨਾਟ ਮਸ਼ੀਨਾਂ ਖਰੀਦਣ ਦਾ ਪ੍ਰਸਤਾਵ ਭੇਜਿਆ ਗਿਆ ਹੈ ਅਤੇ ਸੂਬਾ ਪਟਿਆਲਾ ਅਤੇ ਫ਼ਰੀਦਕੋਟ ਵਿੱਚ ਸੀ. ਬੀ. ਨਾਟ ਟੈਸਟਿੰਗ ਸ਼ੁਰੂ ਕਰਨ ਬਾਰੇ ਵੀ ਵਿਚਾਰ ਕਰ ਰਿਹਾ ਹੈ।