ਚੰਡੀਗੜ੍ਹ: ਕੇਂਦਰੀ ਮੰਤਰੀ ਪਿਯੂਸ਼ ਗੋਇਲ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ ਨੂੰ ਲੈ ਕੇ ਸਿਆਸਤ ਭੱਖ ਚੁਕੀ ਹੈ। ਪਿਯੂਸ਼ ਗੋਇਲ ਨੇ ਚਿੱਠੀ 'ਚ ਸਾਫ਼ ਕਹਿ ਦਿੱਤਾ ਹੈ ਕਿ ਕਿਸਾਨਾਂ ਨੂੰ ਸਿੱਧੀ ਅਦਾਇਗੀ ਵਾਲੇ ਕਾਨੂੰਨ ਤਹਿਤ ਫਸਲਾਂ ਦੀ ਅਦਾਇਗੀ ਕੀਤੀ ਜਾਵੇ। ਜਿਸ ਨੂੰ ਲੈਕੇ ਪ੍ਰਤੀਕ੍ਰਿਆ ਦਿੰਦਿਆਂ ਕਾਂਗਰਸੀ ਵਿਧਾਇਕ ਅਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੇਨ ਰਾਜ ਕੁਮਾਰ ਵੇਰਕਾ ਨੇ ਕਿਹਾ ਕੀ ਕੇਂਦਰ ਦੀ ਬੀਜੇਪੀ ਸਰਕਾਰ ਦੀਆਂ ਗਿੱਦੜ ਭਬਕੀਆ ਤੋਂ ਪੰਜਾਬ ਦੀ ਕਾਂਗਰਸ ਸਰਕਾਰ ਡਰਨ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਭਾਵੇ ਲੱਖ ਸਬਸਿਡੀਆਂ ਰੋਕਣ ਦੀ ਧਮਕੀਆਂ ਦਿੱਤੀਆਂ ਜਾਣ ਪਰ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹਮੇਸ਼ਾ ਖੜੀ ਰਹੇਗੀ।
ਵਿਧਾਇਕ ਵੇਰਕਾ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ 'ਚ ਕੇਸ ਪੈਂਡਿੰਗ ਹੈ ਤਾਂ ਦੂਜੇ ਪਾਸੇ ਪੰਜਾਬ ਸਰਾਕਰ 'ਤੇ ਦਬਾਅ ਪਾਕੇ ਸੂਬੇ 'ਚ ਲਾਗੂ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਕਿਸਾਨਾਂ ਨਾਲ ਹਮੇਸ਼ਾ ਖੜੇ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਭਾਜਪਾ ਦੇ ਆਗੂਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਪੰਜਾਬ ਨਾਲ ਬਦਲਾਖੋਰੀ ਦੀ ਨਤਿੀ ਰੱਖ ਰਿਹਾ ਹੈ, ਇਸ ਲਈ ਪੰਜਾਬ ਆਗੂਆਂ ਨੂੰ ਅਸਤੀਫ਼ਾ ਦੇ ਕੇ ਪੰਜਾਬ ਦੇ ਲੋਕਾਂ ਨਾਲ ਖੜ੍ਹਨਾ ਚਾਹੀਦਾ ਹੈ।