ਚੰਡੀਗੜ: ਪੰਜਾਬ ਦਾ ਅਕਤੂਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1060.76 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 929.52 ਕਰੋੜ ਸੀ, ਜੋ ਕਿ ਪਿਛਲੇ ਸਾਲ ਨਾਲੋਂ 14.12 ਫ਼ੀਸਦੀ ਦਾ ਵਾਧਾ ਦਰਸਾਉਂਦਾ ਹੈ।
ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਆਰਥਿਕ ਗਤੀਵਿਧੀਆਂ ਦੀ ਮੱਠੀ ਰਫ਼ਤਾਰ ਤੋਂ ਬਾਅਦ ਚਾਲੂ ਵਿੱਤੀ ਸਾਲ ਦੇ ਪਹਿਲੇ 5 ਮਹੀਨਿਆਂ ਵਿੱਚ ਜੀ.ਐਸ.ਟੀ. ਇਕੱਠਾ ਕਰਨ ਵਿੱਚ ਭਾਰੀ ਗਿਰਾਵਟ ਉਪਰੰਤ ਪਿਛਲੇ ਦੋ ਮਹੀਨਿਆਂ ਵਿੱਚ ਅਰਥ-ਵਿਵਸਥਾ ਦੇ ਮੁੜ ਪੈਰਾਂ ਉੱਤੇ ਖੜਨ ਦੇ ਸੰਕੇਤ ਮਿਲਣੇ ਸ਼ੁਰੂ ਹੋ ਗਏ ਹਨ।
ਜਾਣਕਾਰੀ ਮੁਤਾਬਕ ਅਪ੍ਰੈਲ ਤੋਂ ਅਕਤੂਬਰ 2020 ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 5746.48 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਨ੍ਹਾਂ ਛੇ ਮਹੀਨਿਆਂ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 7719.86 ਕਰੋੜ ਰੁਪਏ ਸੀ।
ਸਤੰਬਰ 2020 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ, ਜਿਸ ਵਿੱਚੋਂ ਪੰਜਾਬ ਸੂਬੇ ਨੇ 1060 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ ਕਰੀਬ 44 ਫ਼ੀਸਦੀ ਬਣਦਾ ਹੈ। ਇਸ ਤਰ੍ਹਾਂ ਅਕਤੂਬਰ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1343 ਕਰੋੜ ਹੈ ਜੋ ਕਿ ਹਾਲੇ ਤੱਕ ਪ੍ਰਾਪਤ ਨਹੀਂ ਹੋਈ। ਇਸੇ ਤਰ੍ਹਾਂ ਅਪ੍ਰੈਲ ਤੋਂ ਸਤੰਬਰ 2020 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 10,843 ਕਰੋੜ ਰੁਪਏ ਬਣਦੀ ਹੈ ਜੋ ਕਿ ਬਕਾਇਆ ਹੈ।
ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਸੰਗ੍ਰਹਿ ਅਕਤੂਬਰ 2020 ਦੇ ਮਹੀਨੇ ਦੌਰਾਨ 1,05,155 ਕਰੋੜ ਰੁਪਏ ਹੈ ਜਦੋਂ ਕਿ ਪਿਛਲੇ ਸਾਲ ਅਕਤੂਬਰ 2019 ਦੇ ਮਹੀਨੇ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਦਾ ਮਾਲੀਆ 95,380 ਕਰੋੜ ਰੁਪਏ ਇਕੱਤਰ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਅਪ੍ਰੈਲ ਤੋਂ ਅਕਤੂਬਰ 2020 ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਮਾਲੀਆ 5,59,746 ਕਰੋੜ ਰੁਪਏ ਇਕੱਤਰ ਹੋਇਆ ਜਦੋਂ ਕਿ ਇਸੇ ਸਮੇਂ ਦੌਰਾਨ ਪਿਛਲੇ ਸਾਲ 2019 ਵਿੱਚ 7,01,673 ਕਰੋੜ ਰੁਪਏ ਇਕੱਤਰ ਹੋਇਆ ਸੀ।
ਜੀ.ਐਸ.ਟੀ., ਵੈਟ ਤੇ ਸੀ.ਐਸ.ਟੀ. ਨੂੰ ਜੇ ਇਕੱਠਿਆਂ ਵਾਚਿਆ ਜਾਵੇ ਤਾਂ ਅਕਤੂਬਰ 2020 ਦੌਰਾਨ ਕਰ ਦੀ ਉਗਰਾਹੀ 1597.09 ਕਰੋੜ ਰੁਪਏ ਸੀ, ਜਦੋਂ ਕਿ ਪਿਛਲੇ ਸਾਲ ਅਕਤੂਬਰ 2019 ਦੌਰਾਨ ਇਹੋ ਉਗਰਾਹੀ 1376.69 ਕਰੋੜ ਰੁਪਏ ਸੀ।