ਚੰਡੀਗੜ੍ਹ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦਾ ਅੰਕੜਾ 100 ਤੋਂ ਪਾਰ ਹੋ ਗਿਆ ਹੈ। ਇਸ ਮੰਦਭਾਗੀ ਘਟਨਾ ਨੂੰ ਲੈ ਕੇ ਜਿੱਥੇ ਸੂਬੇ ਦੇ ਲੋਕਾਂ ਵਿੱਚ ਸਰਕਾਰ ਵਿਰੁੱਧ ਰੋਸ ਵੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਸਿਆਸੀ ਆਗੂਆਂ ਨੇ ਵੀ ਸਰਕਾਰ ਘੇਰਨਾ ਸ਼ੁਰੂ ਕਰ ਦਿੱਤਾ। ਵਿਰੋਧੀਆਂ ਦਾ ਕਹਿਣਾ ਹੈ ਕਿ ਸਰਕਾਰ ਦੀ ਸ਼ਹਿ 'ਤੇ ਨਾਜਾਇਜ਼ ਧੰਦੇ ਕਰਨ ਵਾਲਿਆਂ ਦੇ ਹੌਂਸਲੇ ਬੁਲੰਦ ਹਨ, ਜਿਸ ਖਾਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਵਿਰੋਧੀਆਂ ਦੇ ਸਵਾਲਾਂ ਤੋਂ ਬਾਅਦ ਪੰਜਾਬ ਦੇ ਵਜ਼ੀਰ ਵੀ ਐਕਸ਼ਨ ਮੋਡ ਵਿੱਚ ਆ ਗਏ ਹਨ ਅਤੇ ਸਰਕਾਰ ਦੇ ਅਕਸ ਨੂੰ ਢਾਹ ਲੱਗਣ ਤੋਂ ਬਚਾਉਣ ਲਈ ਵਿਰੋਧੀਆਂ ਨੂੰ ਇਸ ਸੰਜੀਦਾ ਮੁੱਦੇ 'ਤੇ ਸਿਆਸਤ ਨਾ ਕਰਨ ਦੀ ਸਲਾਹ ਦੇ ਰਹੇ ਹਨ।
ਅਕਾਲੀਆਂ ਦੀ ਦੂਸ਼ਣਬਾਜ਼ੀ ਹਾਸੋਹੀਣੀ: ਰਾਣਾ ਸੋਢੀ
ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਕੈਪਟਨ ਸਰਕਾਰ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਹ ਦੂਸ਼ਣਬਾਜ਼ੀ ‘ਸੌ ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ’ ਵਾਲੀ ਕਹਾਵਤ ਵਾਂਗ ਹੈ ਕਿਉਂਕਿ ਅਕਾਲੀਆਂ ਦੇ ਰਾਜ ਦੌਰਾਨ ਸਾਲ 2012 ਤੇ 2016 ਵਿੱਚ ਕ੍ਰਮਵਾਰ ਗੁਰਦਾਸਪੁਰ ਤੇ ਬਟਾਲਾ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।
ਰਾਣਾ ਸੋਢੀ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਇਨ੍ਹਾਂ ਘਟਨਾਵਾਂ ਵਿੱਚ ਸੈਂਕੜੇ ਜਾਨਾਂ ਗਈਆਂ ਸਨ। ਉਨ੍ਹਾਂ ਕਿਹਾ ਕਿ ਬਟਾਲਾ ਘਟਨਾ ਸਬੰਧੀ ਨਾ ਤਾਂ ਕੋਈ ਐਫ.ਆਈ.ਆਰ. ਦਰਜ ਹੋਈ ਸੀ ਅਤੇ ਨਾ ਹੀ ਮੁੱਖ ਮੁਲਜ਼ਮ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ।
ਸਿਆਸੀ ਲਾਹਾ ਲੈਣ ਤੋਂ ਗੁਰੇਜ਼ ਕਰਨ ਅਕਾਲੀ: ਆਸ਼ੂ
ਇਸ ਮਾਮਲੇ 'ਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਹ ਸਮਾਂ ਇੱਕ ਦੂਜੇ ’ਤੇ ਬੇਬੁਨਿਆਦ ਇਲਜ਼ਾਮ ਲਗਾ ਕੇ ਸਿਆਸੀ ਲਾਹਾ ਲੈਣ ਦਾ ਨਹੀਂ ਹੈ ਸਗੋਂ ਸਮੇਂ ਦੀ ਮੰਗ ਹੈ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਇੱਕੋ ਪਲੈਟਫਾਰਮ 'ਤੇ ਇਕੱਠੇ ਹੋ ਕੇ ਲੋਕ ਹਿੱਤ ਲਈ ਕੰਮ ਕਰਨ।
ਮੰਤਰੀ ਨੇ ਅੱਗੇ ਕਿਹਾ ਕਿ ਇਸ ਬਿਪਤਾ ਵੇਲੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਾਂਗਰਸ ਸਰਕਾਰ 'ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੂੰ ਬਚਾਉਣ ਦਾ ਦੋਸ਼ ਲਗਾਉਣ ਵਾਲਾ ਬਿਆਨ ਬਹੁਤ ਹੀ ਦੁਰਭਾਗਾ ਹੈ ਜੋ ਅਕਾਲੀਆਂ ਦੀ ਮੁੜ ਸੱਤਾ ਹਾਸਲ ਕਰਨ ਦੀ ਲਾਲਸਾ ਨੂੰ ਦਰਸਾਉਂਦਾ ਹੈ।
ਇਹ ਮਾਮਲਾ ਸਿਆਸੀ ਰੋਟੀਆਂ ਸੇਕਣ ਦਾ ਮੁੱਦਾ ਨਹੀਂ: ਸੁੰਦਰ ਸ਼ਾਮ ਅਰੋੜਾ
ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਹ ਸਮਾਂ ਸਿਆਸੀ ਰੋਟੀਆਂ ਸੇਕਣ ਨਹੀਂ ਹੈ, ਸਗੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕ ਮੰਚ 'ਤੇ ਇਕੱਠੇ ਹੋ ਕੇ ਸਾਂਝੇ ਕਦਮ ਪੁੱਟਣ ਦਾ ਹੈ।
ਉਦਯੋਗ ਮੰਤਰੀ ਸ਼ਾਮ ਅਰੋੜਾ ਨੇ ਕਿਹਾ ਕਿ ਆਫ਼ਤ ਸਮੇਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਾਂਗਰਸ ਸਰਕਾਰ 'ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੂੰ ਬਚਾਉਣ ਦਾ ਦੋਸ਼ ਬਹੁਤ ਹੀ ਮੰਦਭਾਗਾ ਰੁਝਾਨ ਹੈ, ਇਹ ਸਿਰਫ਼ ਸਿਆਸੀ ਲਾਹਾ ਲੈਣ ਦਾ ਹੀ ਚਾਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਆਪਣਾ ਗੁਆਚਿਆ ਹੋਇਆ ਸਿਆਸੀ ਧਰਾਤਲ ਮੁੜ ਹਾਸਲ ਕਰਨ ਲਈ ਕੁੱਝ ਕਰਕੇ ਦਿਖਾਉਣਾ ਚਾਹੀਦਾ ਹੈ।
ਆਪਣਿਆਂ ਨੇ ਵੀ ਘੇਰਿਆ
ਇਸ ਮਾਮਲੇ ਨੂੰ ਲੈ ਕੇ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਅਤੇ ਹੋਰਨਾਂ ਕਾਂਗਰਸੀਆਂ ਵੱਲੋਂ ਸਰਕਾਰ 'ਤੇ ਇਲਜ਼ਾਮ ਲਗਾਏ ਜਾ ਰਹੇ ਹਨ। ਜਿਸ ਦਾ ਜਵਾਬ ਦਿੰਦਿਆਂ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਵਿੱਚ ਸ਼ਰਾਬ ਤਸਕਰੀ ਵਿੱਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਹੋਣ ਦਾ ਸਬੂਤ ਮਿਲਿਆ ਤਾਂ ਉਹ ਅਸਤੀਫ਼ਾ ਦੇ ਦੇਣਗੇ।
ਅਕਾਲੀਆਂ ਨੂੰ ਚੇਤੇ ਕਰਵਾਇਆ ਉਨ੍ਹਾਂ ਦਾ ਸਮਾਂ
ਇਸ ਘਟਨਾ ਦੀ ਜਾਂਚ ਲਈ ਡਵੀਜ਼ਨਲ ਕਮਿਸ਼ਨਰ ਤੋਂ ਜੁਡੀਸ਼ੀਅਲ ਜਾਂਚ ਕਰਵਾਉਣ ਦੇ ਨਾਲ-ਨਾਲ ਮ੍ਰਿਤਕਾਂ ਦੇ ਵਾਰਿਸਾਂ ਨੂੰ 2-2 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।
ਵਿਰੋਧੀ ਧਿਰ ਸਰਕਾਰ ਵੱਲੋਂ ਚੁੱਕੇ ਕਦਮਾਂ ਤੋਂ ਸੰਤੁਸ਼ਟ ਨਹੀਂ ਹਨ ਅਤੇ ਪੀੜਤਾਂ ਲਈ ਵੱਧ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਕਾਂਗਰਸ ਇਸ ਨੂੰ ਤਰਾਸਦੀ ਦੱਸ ਰਹੀ ਹੈ ਅਤੇ ਅਕਾਲੀਆਂ ਵੇਲੇ ਹੋਈਆਂ ਘਟਨਾਵਾਂ ਨੂੰ ਚੇਤੇ ਕਰਵਾ ਰਹੀ ਹੈ।
ਦੱਸਣਯੋਗ ਹੈ ਕਿ ਸਾਲ 2012 ਵਿੱਚ ਬਟਾਲਾ ਵਿੱਚ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ 16 ਮੌਤਾਂ ਹੋਈਆਂ ਸਨ। ਉਦੋਂ ਅਕਾਲੀ ਦਲ ਦੀ ਸਰਕਾਰ ਸੀ ਅਤੇ ਮ੍ਰਿਤਕਾਂ ਦੇ ਵਾਰਿਸਾਂ ਨੂੰ 5-5 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ ਹੋਇਆ ਸੀ। ਉਦੋਂ ਵੀ ਸਰਕਾਰ ਨੇ ਆਈਜੀ ਪੱਧਰ ਦੇ ਅਧਿਕਾਰੀ ਤੋਂ ਜਾਂਚ ਕਰਵਾਈ ਸੀ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਇਸ ਘਟਨਾ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਹੁਣ ਤੱਕ ਨਹੀਂ ਦਿੱਤਾ ਗਿਆ ਹੈ।
ਕਾਂਗਰਸੀ ਮੰਤਰੀਆਂ ਨੂੰ ਅਕਾਲੀ ਦਲ ਦਾ ਜਵਾਬ
ਕਾਂਗਰਸੀ ਮੰਤਰੀਆਂ ਵੱਲੋਂ ਦਿੱਤੇ ਬਿਆਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਾਂਗਰਸ 'ਤੇ ਹਮਲਾ ਬੋਲਿਆ ਹੈ। ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਸਰਕਾਰ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਇਸ ਦੀ ਜਾਂਚ ਕਰਵਾਏਗੀ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇਸ ਮਾਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ ਉਸ ਦੀ ਘਬਰਾਹਟ ਮੁੱਖ ਮੰਤਰੀ ਦਫ਼ਤਰ ਤੱਕ ਪਹੁੰਚ ਰਹੀ ਹੈ।
ਚੀਮਾ ਨੇ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਚਾਹੀਦਾ ਸੀ ਕਿ ਉਹ ਖ਼ੁਦ ਮੁੱਖ ਮੰਤਰੀ ਕੋਲ ਜਾਂਦੇ ਅਤੇ ਸੀਬੀਆਈ ਜਾਂਚ ਕਰਵਾਉਣ ਦੀ ਗੱਲ ਆਖਦੇ ਪਰ ਉਲਟਾ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉੱਤੇ ਇਲਜ਼ਾਮ ਲਗਾ ਰਹੇ ਹਨ।
ਕੈਪਟਨ ਬਨਾਮ ਕੇਜਰੀਵਾਲ
ਪੰਜਾਬ ਵਿੱਚ ਨਕਲੀ ਸ਼ਰਾਬ ਨਾਲ ਵਾਪਰੀ ਘਟਨਾ ਦਾ ਮੁੱਦਾ ਕੌਮੀ ਆਗੂਆਂ ਵੱਲੋਂ ਵੀ ਚੁੱਕਿਆ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਜਿਸ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਦਿੱਲੀ ਦੇ ਮੁੱਖ ਮੰਤਰੀ ਆਪਣੇ ਕੰਮ ਨਾਲ ਵਾਸਤਾ ਰੱਖਣ।
ਉਨ੍ਹਾਂ ਕੇਜਰੀਵਾਲ ਨੂੰ ਪੰਜਾਬ ਵਿੱਚ ਮੂਧੇ ਮੂੰਹ ਡਿੱਗ ਚੁੱਕੀ ਆਮ ਆਦਮੀ ਪਾਰਟੀ ਨੂੰ ਮੁੜ ਪੈਰਾਂ-ਸਿਰ ਕਰਨ ਲਈ ਇਸ ਦੁਖਾਂਤਮਈ ਮਾਮਲੇ ’ਤੇ ਸਿਆਸੀ ਰੋਟੀਆਂ ਨਾ ਸੇਕਣ ਦੀ ਸਲਾਹ ਦਿੱਤੀ।