ਚੰਡੀਗੜ੍ਹ : ਬਲਵੰਤ ਸਿੰਘ ਮੁਲਤਾਨੀ ਅਗਵਾ ਕਾਂਡ ਮੁੜ ਸੁਰਖੀਆਂ 'ਚ ਹੈ। ਇਸ ਕੇਸ ਵਿੱਚ ਪੰਜਾਬ ਪੁਲਿਸ ਨੇ ਮੁੜ ਜਾਂਚ ਸ਼ੁਰੂ ਕੀਤੀ ਹੈ। ਪੰਜਾਬ ਪੁਲਿਸ ਨੇ ਇਸ ਕੇਸ ਵਿੱਚ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਮੁਲਜ਼ਮ ਬਣਾਇਆ ਹੈ। ਇਸ ਮਾਮਲੇ ਵਿੱਚ ਸੀਬੀਆਈ ਵੀ ਜਾਂਚ ਕਰ ਚੁੱਕੀ ਹੈ। ਪੰਜਾਬ ਪੁਲਿਸ ਨੇ ਇਸ ਕੇਸ ਨਾਲ ਜੁੜੀ ਜਾਂਚ ਦੇ ਦਸਤਾਵੇਜ਼ਾਂ ਨੂੰ ਪ੍ਰਾਪਤ ਕਰਨ ਲਈ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਅਪੀਲ ਦਾਖ਼ਲ ਕੀਤੀ ਗਈ ਹੈ।
ਦਰਅਸਲ ਪੰਜਾਬ ਪੁਲਿਸ ਨੇ ਕੇਸ ਨਾਲ ਜੁੜੇ ਦਸਤਾਵੇਜ਼ਾਂ ਦੀ ਮੰਗ ਸੀਬੀਆਈ ਤੋਂ ਕੀਤੀ ਗਈ ਸੀ। ਇਸ ਮੰਗ ਦੇ ਜਵਾਬ ਵਿੱਚ ਸੀਬੀਆਈ ਨੇ ਕਿਹਾ ਸੀ ਕਿ ਉਸ ਨੇ ਇਸ ਕੇਸ ਨਾਲ ਸਬੰਧਤ ਸਾਰੇ ਦਸਤਾਵੇਜ਼ ਸਬੰਧਤ ਵਿਭਾਗ ਨੂੰ ਦੇ ਦਿੱਤਾ ਹਨ। ਇਸ ਦੇ ਨਾਲ ਹੀ ਸੀਬੀਆਈ ਨੇ ਕਿਹਾ ਕਿ ਜੋ ਕੁਝ ਦਸਤਾਵੇਜ਼ ਬਾਕੀ ਬਚੇ ਸਨ ਉਨ੍ਹਾਂ ਨੂੰ 2014 ਵਿੱਚ ਨਸ਼ਟ ਕੀਤਾ ਜਾ ਚੁੱਕਿਆ ਹੈ। ਉਧਰ ਇਸ ਸਾਰੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਅਪੀਲ 'ਤੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸੀਬੀਆਈ ਨੂੰ 11 ਜੂਨ ਨੂੰ ਆਪਣਾ ਜਵਾਬ ਦੇਣ ਲਈ ਹੁਕਮ ਦਿੱਤੇ ਹਨ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਪੁਲਿਸ ਨੇ ਬਲਵੰਤ ਸਿੰਘ ਮੁਲਤਾਨੀ ਅਗਵਾ ਕਾਂਡ ਵਿੱਚ ਬਲਵੰਤ ਸਿੰਘ ਦੇ ਭਰਾ ਪਲਵਿੰਦਰ ਸਿੰਘ ਦੀ ਸ਼ਿਕਾਇਤ 'ਤੇ 7 ਮਈ ਨੂੰ ਮੋਹਾਲੀ ਦੇ ਮਟੌਰ ਥਾਣੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਵਿਰੁੱਧ 29 ਸਾਲ ਬਾਅਦ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸੁਮੇਧ ਸਿੰਘ ਸੈਣੀ ਨੂੰ ਮੋਹਾਲੀ ਜ਼ਿਲ੍ਹਾ ਤੇ ਅਦਾਲਤ ਤੋਂ ਅਗਾਂਹੂ ਜਮਾਨਤ ਮਿਲੀ ਹੋਈ ਹੈ।
ਹੁਣ ਵੇਖਣਾ ਇਹ ਹੋਵੇਗਾ ਕਿ ਆਉਣ ਵਾਲੀ 11 ਜੂਨ ਨੂੰ ਸੀਬੀਆਈ ਅਦਾਲਤ ਵਿੱਚ ਕੀ ਜਵਾਬ ਦਾਖ਼ਲ ਕਰਦੀ ਹੈ? ਕਿਉਂਕਿ ਇਸ ਸਾਰੇ ਮਾਮਲੇ ਨੂੰ ਸੁਮੇਧ ਸੈਣੀ ਧਿਰ ਵੱਲੋਂ ਬਾਰ-ਬਾਰ ਪੰਜਾਬ ਸਰਕਾਰ ਦੀ ਸਿਆਸੀ ਬਦਲਾਖੋਰੀ ਵਾਲੀ ਨੀਤੀ ਦੱਸਿਆ ਜਾ ਰਿਹਾ ਹੈ।