ਚੰਡੀਗੜ੍ਹ: ਪੰਜਾਬ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਚੰਡੀਗੜ੍ਹ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਇਸ ਵੇਲੇ ਘਾਟੇ ਵਿੱਚ ਜਾ ਰਹੀ ਹੈ ਅਤੇ ਇਸ ਦੇ ਘਾਟੇ ਨੂੰ ਪੂਰਾ ਕਰਨ ਲਈ ਸਰਕਾਰ ਕਈ ਤਰ੍ਹਾਂ ਦੇ ਵੱਡੇ ਕਦਮ ਚੁੱਕਣ ਵਾਲੀ ਹੈ।
ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ 1996 ਤੋਂ ਬਾਅਦ ਫ਼ੀਸ ਨਹੀਂ ਵਧਾਈ ਗਈ ਜਿਸ ਕਰ ਕੇ ਖਰਚੇ ਪੂਰੇ ਨਹੀਂ ਹੋ ਰਹੇ। ਇਹ ਕਹਿ ਕੇ ਮੰਤਰੀ ਨੇ ਇਹ ਸੰਕੇਤ ਜ਼ਰੂਰ ਦੇ ਦਿੱਤੇ ਕਿ ਜਲਦ ਹੀ ਸਰਕਾਰ ਯੂਨੀਵਰਸਿਟੀ ਵਿੱਚ ਫੀਸਾਂ ਵਧਾ ਸਕਦੀ ਹੈ ਪਰ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਧੇ ਤੌਰ ਉੱਤੇ ਫੀਸਾਂ ਵਧਾਉਣ ਬਾਰੇ ਅਜੇ ਕੋਈ ਫੈਸਲਾ ਨਾ ਲੈਣ ਦੀ ਗੱਲ ਕਹੀ ਗਈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਬੜੇ ਸਾਰੇ ਕੋਰਸ ਇਹੋ ਜਿਹੇ ਹਨ ਜਿਨ੍ਹਾਂ ਵਿੱਚ ਬਹੁਤ ਘੱਟ ਵਿਦਿਆਰਥੀ ਹਨ ਅਤੇ ਉਨ੍ਹਾਂ ਕੋਰਸਾਂ ਨੂੰ ਜਲਦ ਬੰਦ ਕਰ ਦਿੱਤਾ ਜਾਵੇਗਾ।
'ਪੇਂਡੂ ਵਿਕਾਸ ਵਿਭਾਗ ਵੱਲੋਂ ਮੂਹਰੇ ਹੋ ਕੇ ਲੜੀ ਗਈ ਕੋਰੋਨਾ ਦੌਰਾਨ ਲੜਾਈ'
ਆਪਣੇ ਵਿਭਾਗ ਦੀਆਂ ਉਪਲੱਬਧੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣੂ ਕਰਵਾਉਂਦੇ ਕੈਬਿਨੇਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਵਿਭਾਗ ਵੱਲੋਂ ਕੋਵਿਡ ਦੇ ਦੌਰਾਨ ਵੱਡੇ ਪੱਧਰ ਉੱਤੇ ਮੂਹਰੇ ਹੋ ਕੇ ਲੜਾਈ ਲੜੀ ਗਈ। ਸੂਬੇ ਦੇ 12,860 ਪਿੰਡਾਂ ਵਿੱਚ ਤਿੰਨ ਵਾਰੀ ਸੋਡੀਅਮ ਹਾਈਪੋ ਕਲੋਰਾਈਡ ਦਾ ਛਿੜਕਾਅ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਹਿਮ ਸਮਾਰਟ ਵਿਲੇਜ ਸਕੀਮ , ਜਿਸ ਦੀ ਸ਼ੁਰੂਆਤ 2019 ਵਿੱਚ ਕੀਤੀ ਗਈ ਸੀ। ਸਮਾਰਟ ਵਿਲੇਜ ਕੰਪੇਨ ਦੇ ਪਹਿਲੇ ਪੜਾਅ ਵਿੱਚ 835 ਕਰੋੜਾਂ ਰੁਪਏ ਦੀ ਲਾਗਤ ਨਾਲ 19,132 ਕੰਮ ਨੇਪਰੇ ਚਾੜ੍ਹੇ ਗਏ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਤੇ ਸਾਂਭ ਸੰਭਾਲ ਲਈ ਵੀ 192 ਪਿੰਡਾਂ ਦੇ ਛੱਪੜਾਂ ਨੂੰ ਸੀਚੇਵਾਲ ਅਤੇ ਥਾਪਰ ਮਾਡਲ ਤਹਿਤ ਤਿਆਰ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਸੂਬੇ ਦੇ 63 ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨ ਲਈ 1 ਕਰੋੜ ਰੁਪਏ ਪ੍ਰਤੀ ਪਿੰਡ ਖਰਚੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵੈਟਰਨਿਟੀ ਵੈਕਸੀਨ ਇੰਸਟੀਚਿਊਟ ਲੁਧਿਆਣਾ ਨੂੰ ਰਾਜ ਵਿੱਚ ਪਸ਼ੂਆਂ ਦੀਆਂ ਵੱਖ-ਵੱਖ ਬੀਮਾਰੀਆਂ ਦੀਆਂ ਵੈਕਸੀਨਾਂ ਤਿਆਰ ਕਰਨ ਲਈ ਆਰ.ਕੇ.ਵੀ.ਆਈ ਸਕੀਮ ਤਹਿਤ 32 ਕਰੋੜ ਰੁਪਏ ਦੇ ਫੰਡ ਨਾਲ ਅਪਗਰੇਡ ਕੀਤਾ ਜਾ ਰਿਹਾ ਹੈ।