ਚੰਡੀਗੜ੍ਹ: ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ (Procurement of paddy) 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ। ਉਕਤ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸੂ (Civil Supplies Minister Bharat Bhushan Asu) ਵੱਲੋਂ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ । ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਸਬੰਧੀ ਅਦਾਇਗੀ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਤੋਂ 48 ਘੰਟਿਆਂ ਵਿੱਚ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਹੁਣ ਤੱਕ ਖਰੀਦ ਸਬੰਧੀ 15986.27 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ 29 ਅਕਤੂਬਰ,2021 ਤੱਕ 10407043 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 10159538.2315 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਕੀਤੇ ਝੋਨੇ ਵਿਚੋਂ ਸਰਕਾਰੀ ਏਜੰਸੀਆਂ ਵਲੋਂ 10112153.2315 ਮੀਟ੍ਰਿਕ ਟਨ ਅਤੇ ਮਿਲਰਜ਼ ਵਲੋਂ 47385 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ।
ਭਾਰਤ ਭੂਸ਼ਨ ਆਸੂ ਨੇ ਝੋਨੇ ਦੀ ਖਰੀਦ (Procurement of paddy) ਪ੍ਰਕਿਰਿਆ ਦੇ ਸੁਚਾਰੂ ਢੰਗ ਨਾਲ ਚੱਲਣ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ, ਵਪਾਰੀਆਂ ਵੱਲੋਂ ਦੂਸਰੇ ਰਾਜਾਂ ਤੋਂ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਵੇਚਣ ਦੇ ਰੁਝਾਨ ਨੂੰ ਰੋਕਣ ਲਈ ਵਿਭਾਗ ਵਲੋਂ ਗਠਿਤ ਉਡਣ ਦਸਤੇ ਵੱਲੋਂ ਪੰਜਾਬ ਪੁਲਿਸ ਅਤੇ ਪੰਜਾਬ ਮੰਡੀ ਬੋਰਡ ਨਾਲ ਮਿਲ ਕੇ ਪੰਜਾਬ ਰਾਜ ਦੇ 72 ਅੰਤਰ - ਰਾਜ ਬਾਰਡਰਾਂ 'ਤੇ ਸਥਾਪਤ ਨਾਕਿਆਂ ਉਤੇ 35048 ਟਰੱਕਾਂ ਅਤੇ ਟਰਾਲੀਆਂ ਦੀ ਜਾਂਚ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸਦੇ ਤਹਿਤ ਅਚਨਚੇਤ ਚੈਕਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕੇ ਹੁਣ ਤੱਕ ਬਾਹਰਲੇ ਰਾਜਿਆਂ ਤੋਂ ਅਣਅਧਿਕਾਰਿਤ ਤੌਰ ਤੇ ਬਰਾਮਦ ਪੈਡੀ / ਚਾਵਲ ਦੇ ਕੁੱਲ 21 ਟਰੱਕ ਅਤੇ ਟਰਾਲੀਆਂ ਫੜੀਆਂ ਜਾ ਚੁਕੀਆਂ ਗਈਆਂ ਹਨ, ਜਿਨ੍ਹਾਂ ਵਿਚੋਂ 4695.20 ਕੁਇੰਟਲ ਝੋਨਾ ਜ਼ਬਤ ਕਰਦਿਆਂ ਅਤੇ 30 ਲੋਕਾਂ / ਆੜਤੀਆਂ / ਮਿਲਰਾਂ ਵਿਰੁਧ 11 ਐਫ.ਆਈ.ਆਰ ਦਰਜ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 21 ਵਿਅਕਤੀ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।
ਸੂਬੇ ਦੇ ਕਿਸਾਨਾਂ ਵੱਲੋਂ ਪੈਦਾ ਕੀਤੇ ਝੋਨੇ ਦਾ ਦਾਣਾ ਦਾਣਾ ਖਰੀਦਣ ਦਾ ਪੰਜਾਬ ਸਰਕਾਰ ਦੇ ਅਹਿਦ ਨੂੰ ਦੁਹਰਾਉਂਦਿਆਂ ਖੁਰਾਕ ਮੰਤਰੀ ਨੇ ਕਿਹਾ ਕਿ ਦੂਜੇ ਰਾਜਾਂ ਤੋਂ ਸਸਤਾ ਝੋਨਾ ਖਰੀਦ ਕੇ ਪੰਜਾਬ ਵਿੱਚ ਵੇਚਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਰਾਜ ਕੁਮਾਰ ਵੇਰਕਾ ਦੀ ਊਰਜਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ