ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ ਜੋ ਕਿ 22 ਫਰਵਰੀ, 2021 ਤੋਂ ਲਾਗੂ ਹੋਵੇਗਾ। ਸਿੰਗਲਾ ਨੇ ਦੱਸਿਆ ਕਿ ਸੋਮਵਾਰ ਤੋਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਹੋਵੇਗਾ ਜਦਕਿ ਮਿਡਲ / ਹਾਈ / ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ -3: 20 ਵਜੇ ਤੱਕ ਖੁੱਲਣਗੇ।
ਕੈਬਿਨੇਟ ਮੰਤਰੀ ਨੇ ਦੱਸਿਆ ਕਿ ਮਾਪਿਆਂ ਨੇ ਪੰਜਾਬ ਸਰਕਾਰ ਦੇ ਮੁੜ ਸਕੂਲ ਖੋਲਣ ਦੇ ਫੈਸਲੇ ਦਾ ਦ੍ਰਿੜਤਾ ਨਾਲ ਸਮਰਥਨ ਕੀਤਾ ਸੀ। ਉਨਾਂ ਕਿਹਾ ਕਿ ਇਹ ਸਾਲਾਨਾ ਇਮਤਿਹਾਨਾਂ ਤੋਂ ਪਹਿਲਾਂ ਅੰਤਮ ਦੁਹਰਾਈ ਦਾ ਸਮਾਂ ਹੈ ਅਤੇ ਇਸ ਲਈ ਮਾਪਿਆਂ ਅਤੇ ਅਧਿਆਪਕਾਂ ਵਲੋਂ ਲਗਾਤਾਰ ਕੀਤੀ ਜਾ ਰਹੀ ਮੰਗ ਨੂੰ ਕਬੂਲਦਿਆਂ ਵਿਭਾਗ ਨੇ ਸਕੂਲਾਂ ਦੇ ਸਮੇਂ ਨੂੰ ਬਦਲਣ ਦਾ ਫੈਸਲਾ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਮੁੜ ਖੋਲਣ ਤੋਂ ਪਹਿਲਾਂ ਵੱਖ-ਵੱਖ ਤਰੀਕਿਆਂ ਨਾਲ ਆਨਲਾਈਨ ਪੜਾਈ ਕਰਵਾਈ ਜਾ ਰਹੀ ਸੀ ਅਤੇ ਮਹਾਂਮਾਰੀ ਕਾਰਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਰੀਰਕ ਰੂਪ ਵਿੱਚ ਇੱਕ ਦੂਜੇ ਦੇ ਸਾਹਮਣੇ ਆਉਣ ਦਾ ਮੌਕਾ ਬਹੁਤ ਘੱਟ ਮਿਲਿਆ। ਸਕੂਲਾਂ ਵਿੱਚ ਪ੍ਰੀ-ਬੋਰਡ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਉਪਰੰਤ ਵਿਦਿਆਰਥੀਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਸਿੰਗਲਾ ਨੇ ਕਿਹਾ ਕਿ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਹੋਣ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅੰਤਮ ਦੁਹਾਈ ਲਈ ਵਧੇਰੇ ਸਮਾਂ ਮਿਲੇਗਾ ਜੋ ਕਿ ਉਨ੍ਹਾਂ ਨੂੰ ਪ੍ਰੀਖਿਆਵਾਂ ਵਿੱਚ ਬਿਹਤਰ ਕਾਰਗੁਜ਼ਾਰੀ ਲਈ ਮਦਦਗਾਰ ਸਿੱਧ ਹੋਵੇਗਾ।