ਚੰਡੀਗੜ੍ਹ: ਇੱਕ ਪਾਸੇ ਜਿੱਥੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਜ਼ੁਬਾਨੀ ਜੰਗ ਤੇਜ਼ ਹੋ ਗਈ ਹੈ ਉੱਥੇ ਹੀ ਦੂਜੇ ਪਾਸੇ ਹੁਣ ਪੰਜਾਬ ਦੇ ਕਈ ਆਗੂਆਂ ਵੱਲੋਂ ਵੀ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਨੂੰ ਘੇਰਿਆ ਜਾ ਰਿਹਾ ਹੈ।
ਮਾਮਲੇ ਸਬੰਧੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਕਹਿ ਰਹੇ ਹਨ ਕਿ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਦਾ ਕਿਸਾਨ ਅੰਦੋਲਨ ਪਿੱਛੇ ਹੱਥ ਹੈ, ਹਾਂ ਬਿਲਕੁੱਲ ਸਾਡਾ ਹੱਥ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੇ ਹਨ।
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਹਰ ਕਿਸੇ ਨੂੰ ਪਤਾ ਹੈ ਕਿ ਬੀਜੇਪੀ ਕਿਸਾਨਾਂ ਨਾਲ ਕਿੰਨ੍ਹਾ ਧੱਕਾ ਕਰ ਰਹੀ ਹੈ। ਕਿਸਾਨਾਂ ਦੀ ਆਵਾਜ ਨਹੀਂ ਸੁਣੀ ਜਾ ਰਹੀ ਹੈ। ਖੱਟਰ ਸਾਬ੍ਹ ਆਪ ਪੰਜਾਬੀ ਹਨ ਅਤੇ ਪੰਜਾਬੀਆਂ ’ਤੇ ਇਸ ਤਰ੍ਹਾਂ ਦਾ ਸਵਾਲ ਚੁੱਕਣਾ ਸਹੀ ਗੱਲ ਨਹੀਂ ਹੈ।
ਦੂਜੇ ਪਾਸੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮਨੋਹਰ ਲਾਲ ਖੱਟਰ ਦਾ ਮਾਨਸਿਕ ਸੰਤੁਲਨ ਵਿਗੜ ਚੁੱਕਿਆ ਹੈ ਜਿਸ ਕਰਕੇ ਉਹ ਇਸ ਤਰੀਕੇ ਦੇ ਬਿਆਨ ਦੇ ਰਹੇ ਹਨ।
ਇਹ ਵੀ ਪੜੋ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 26ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ
ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 26ਵੀਂ ਬਰਸੀ ਮੌਕੇ ਬੇਅੰਤ ਸਿੰਘ ਮੈਮੋਰੀਅਲ ਵਿਖੇ ਸਰਵ ਧਰਮ ਵੱਲੋਂ ਪ੍ਰਾਰਥਨਾ ਸਭਾ ਵੀ ਕੀਤੀ ਗਈ। ਇਸ ਦੌਰਾਨ ਕਈ ਸਿਆਸੀ ਆਗੂਆਂ ਨੇ ਸਾਬਕਾ ਸੀਐੱਮ ਬੇਅੰਤ ਸਿੰਘ ਨੂੰ ਸ਼ਰਧਾਜਲੀ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਸਰਕਾਰ ਨੂੰ ਘੇਰਿਆ
ਕਾਬਿਲੇਗੌਰ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦੇ ਹੋਏ ਕਿਹਾ ਸੀ ਕਿ ਕਿਸਾਨ ਅੰਦੋਲਨ ਨੂੰ ਹਵਾ ਦੇਣ ਵਿੱਚ ਪੰਜਾਬ ਸਰਕਾਰ ਦਾ ਪੂਰਾ ਹੱਥ ਹੈ। ਜਿਸ ਤੋਂ ਬਾਅਦ ਸਿਆਸਤ ਕਾਫੀ ਭਖ ਗਈ ਹੈ।