ਚੰਡੀਗੜ੍ਹ: ਖੇਤੀ ਸੁਧਾਰ ਕਾਨੂੰਨਾਂ ਦੇ ਖਿਲਾਫ ਜਿੱਥੇ ਇੱਕ ਪਾਸੇ ਕਿਸਾਨ ਜਥੇਬੰਦੀਆਂ ਦਾ ਪ੍ਰਦਰਸ਼ਨ ਜਾਰੀ ਹੈ, ਉਥੇ ਹੀ ਦੂਜੇ ਪਾਸੇ ਇਸ ਮੁੱਦੇ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭੱਖੀ ਹੋਈ ਹੈ। ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਉਨ੍ਹਾਂ ਨੇ ਖੇਤੀ ਸੁਧਾਰ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਕਾਲੇ ਕਾਨੂੰਨ ਦੱਸਿਆ। ਉਨ੍ਹਾਂ ਕਾਂਗਰਸ ਅਤੇ ਅਕਾਲੀ ਪਾਰਟੀ ਉੱਤੇ ਮਿਲੀਭਗਤ ਕਰ ਪੰਜਾਬ 'ਚ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਲਿਆਉਣ ਲਈ ਜ਼ਿੰਮੇਵਾਰ ਦੱਸਿਆ ਹੈ।
ਉਨ੍ਹਾਂ ਰਾਹੁਲ ਗਾਂਧੀ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਲਈ ਰਾਹੁਲ ਗਾਂਧੀ ਪੰਜਾਬ ਦੇ ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਨੂੰ ਪ੍ਰਦਰਸ਼ਨ ਕਰਨ ਲਈ ਦਿੱਲੀ ਕਿਉਂ ਨਹੀਂ ਬੁਲਾ ਰਹੇ। ਉਨ੍ਹਾਂ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਨੂੰ ਮਹਿਜ਼ ਸਿਆਸਤ ਤੇ ਨਾਟਕ ਦੱਸਿਆ। ਉਨ੍ਹਾਂ ਆਖਿਆ ਕਿ ਅਕਾਲੀ ਤੇ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਮਾਹੌਲ ਖ਼ਰਾਬ ਕਰ ਦਿੱਤਾ ਹੈ। ਹਰ ਵਰਗ ਦੇ ਲੋਕ ਕਾਂਗਰਸੀ ਅਤੇ ਅਕਾਲੀਆਂ ਕਾਰਨ ਪਰੇਸ਼ਾਨ ਹਨ। ਉਨ੍ਹਾਂ ਆਖਿਆ ਕਿ ਉਹ ਕਿਸੇ ਵੀ ਕੀਮਤ 'ਤੇ ਪੰਜਾਬ 'ਚ ਨਵੇਂ ਖੇਤੀ ਸੁਧਾਰ ਕਾਨੂੰਨ ਲਾਗੂ ਨਹੀਂ ਹੋਣ ਦੇਣਗੇ।