ਚੰਡੀਗੜ੍ਹ: ਕੇਂਦਰ ਸਰਕਾਰ ਨੇ ਸੰਸਦ ਦੇ ਦੋਵੇਂ ਸਦਨਾਂ 'ਚ ਖੇਤੀ ਬਿਲਾਂ ਨੂੰ ਧਵਨੀ ਮਤੇ ਨਾਲ ਪਾਸ ਕਰਵਾ ਲਿਆ ਹੈ, ਜਿਸ ਮਗਰੋਂ ਪੰਜਾਬ ਹਰਿਆਣਾ 'ਚ ਵਿਰੋਧ ਪ੍ਰਦਰਸ਼ਨ ਲਗਾਤਾਰ ਭਖਦੇ ਜਾ ਰਹੇ ਹਨ। ਕਈ ਕਿਸਾਨ ਜਥੇਬੰਦੀਆਂ ਨੇ ਖੇਤੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਭਰ ਵਿੱਚ 24 ਤੋਂ 26 ਸਤੰਬਰ ਤੱਕ ‘ਰੇਲ ਰੋਕੋ’ ਅੰਦੋਲਨ ਦਾ ਐਲਾਨ ਕੀਤਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਖੇਤੀ ਬਿੱਲਾਂ ਵਿਰੁੱਧ ਰਾਜ ਵਿੱਚ 24 ਤੋਂ 26 ਸਤੰਬਰ ਤੱਕ ‘ਰੇਲ ਰੋਕੋ’ ਅੰਦੋਲਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕਿਸਾਨਾਂ ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਵੀ ਇਨ੍ਹਾਂ ਬਿੱਲਾਂ ਖਿਲਾਫ਼ ਮੁਜ਼ਾਹਰੇ ਕਰ ਰਹੀਆਂ ਹਨ।
25 ਸਤੰਬਰ ਨੂੰ 30 ਕਿਸਾਨ ਜਥੇਬੰਦੀਆਂ ਨੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਅੰਮ੍ਰਿਤਸਰ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਕਮੇਟੀ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਦੱਸਿਆ ਕਿ 24 ਤੋਂ 26 ਸਤੰਬਰ ਤੱਕ ਪੂਰੇ ਸੂਬੇ ਵਿੱਚ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਇਸ ਦੇ ਨਾਲ ਹੀ 25 ਸਤੰਬਰ ਨੂੰ ਤਾਲਮੇਲ ਕਮੇਟੀ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਦਾ ਫੈਸਲਾ ਕੀਤਾ ਗਿਆ।
14 ਸਤੰਬਰ ਨੂੰ ਸ਼ੁਰੂ ਹੋਏ ਮਾਨਸੂਨ ਇਜਲਾਸ ਵਿੱਚ ਮੋਦੀ ਸਰਕਾਰ ਨੇ ਵਿਰੋਧ ਦੇ ਬਾਵਜੂਦ ਸੰਸਦ ਦੇ ਦੋਵੇਂ ਸਦਨਾਂ 'ਚ ਧਵਨੀ ਮਤ ਨਾਲ ਤਿੰਨੋ ਖੇਤੀ ਬਿੱਲਾਂ ਨੂੰ ਪਾਸ ਕਰਵਾ ਲਿਆ ਹੈ ਤੇ ਹੁਣ ਇਨ੍ਹਾਂ ਬਿੱਲਾਂ 'ਤੇ ਸਿਰਫ਼ ਰਾਸ਼ਟਰਪਤੀ ਦੀ ਮੋਹਰ ਲਗਣੀ ਬਾਕੀ ਹੈ। ਵਿਰੋਧੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਲਗਾਤਾਰ ਮੁਜਾਹਰੇ ਕਰਕੇ ਅਜੇ ਵੀ ਸਰਕਾਰ ਨੂੰ ਇਨ੍ਹਾਂ ਬਿੱਲਾਂ 'ਤੇ ਮੁੜ ਵਿਚਾਰ ਕਰਨ ਨੂੰ ਕਹਿ ਰਹੀਆਂ ਹਨ।