ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਮਾਲ ਰੇਲ ਗੱਡੀਆਂ ਰੋਕ ਲਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਮਾਨ ਨੇ ਕਿਹਾ ਕਿ ਕਿਸਾਨੀ ਸੰਘਰਸ਼ ਅਤੇ ਇੱਕਜੁੱਟਤਾ ਤੋਂ ਬੁਖਲਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨਾਲ ਬਦਲੇਖ਼ੋਰੀ ਉੱਤੇ ਉਤਰ ਆਏ ਹਨ।
ਭਗਵੰਤ ਮਾਨ ਨੇ ਕਿਹਾ ਕਿ ਮਾਲ ਗੱਡੀਆਂ ਚਲਾਉਣ ਲਈ ਕੇਂਦਰ ਵੱਲੋਂ ਯਾਤਰੂ ਰੇਲ ਗੱਡੀਆਂ ਚੱਲਣ ਦੇਣ ਦੀ ਸ਼ਰਤ ਬਾਂਹ ਮਰੋੜ ਕੇ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹੁਣ ਦੀ ਸਾਜ਼ਿਸ਼ ਹੈ। ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮਾਨ ਨੇ ਆਖਿਆ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਹੰਕਾਰੀ ਅਤੇ ਤਾਨਾਸ਼ਾਹੀ ਰਵੱਈਆ ਤਿਆਗ ਕੇ ਸੰਘਰਸ਼ਸ਼ੀਲ ਕਿਸਾਨਾਂ ਦੀ ਬਾਂਹ ਮਰੋੜਨ ਦੀ ਥਾਂ ਥੋਪੇ ਗਏ ਕਾਲੇ ਕਾਨੂੰਨ ਵਾਪਸ ਲੈ ਕੇ ਅੰਨਦਾਤਾ ਦੀ ਬਾਂਹ ਫੜਣੀ ਚਾਹੀਦੀ ਹੈ।
ਭਗਵੰਤ ਮਾਨ ਨੇ ਦੋਸ਼ ਲਾਏ ਹਨ ਕਿ ਬਤੌਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕਿਸਾਨਾਂ ਦੀ ਗੱਲ ਸੁਣਨ ਤੋਂ ਇਸ ਲਈ ਭੱਜ ਰਹੇ ਹਨ, ਕਿਉਂਕਿ ਮੋਦੀ ਨੂੰ ਆਪਣੇ ਅੰਬਾਨੀ-ਆਡਨੀ ਵਰਗੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਜ਼ਿਆਦਾ ਪਿਆਰੇ ਹਨ। ਇਹ ਕਿਸਾਨਾਂ ਨੂੰ ਭੜਕਾ ਕੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ, ਜਿਸ ਬਾਰੇ ਪੂਰੇ ਪੰਜਾਬ ਨੂੰ ਸੁਚੇਤ ਰਹਿਣਾ ਪਵੇਗਾ।
ਕਿਸਾਨਾਂ ਨਾਲ ਗੱਲਬਾਤ ਦੀ ਥਾਂ ਭਾਜਪਾਈ ਆਗੂਆਂ ਵੱਲੋਂ ਕਦੇ ਉਨ੍ਹਾਂ ਨੂੰ ਦਲਾਲ ਕਿਹਾ ਜਾਂਦਾ ਹੈ ਅਤੇ ਕਦੇ ਗੁੰਮਰਾਹ ਕਰਨ ਵਾਲੇ ਕਿਹਾ ਜਾਂਦਾ ਹੈ। ਮਾਨ ਨੇ ਮੋਦੀ ਸਮੇਤ ਪੂਰੀ ਭਾਜਪਾ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ ਜੇਕਰ ਖੇਤੀ ਬਾਰੇ ਕੇਂਦਰੀ ਕਾਨੂੰਨ ਐਨੇ ਹੀ ਕ੍ਰਾਂਤੀਕਾਰੀ ਹਨ ਤਾਂ ਯੂਪੀ-ਬਿਹਾਰ ਦੇ ਬੇਵੱਸ ਕਿਸਾਨਾਂ ਤੋਂ ਅੱਧੇ ਮੁੱਲ ਝੋਨਾ ਖ਼ਰੀਦ ਕੇ ਵਿਚੋਲੀਏ ਪੰਜਾਬ ਦੀਆਂ ਮੰਡੀਆਂ 'ਚ ਐਮਐਸਪੀ ਉੱਪਰ ਵੇਚਣ ਦਾ ਗੋਰਖਧੰਦਾ ਕਿਉਂ ਚਲਾ ਰਹੇ ਹਨ?