ਚੰਡੀਗੜ੍ਹ: ਪੰਜਾਬ ਕਾਂਗਰਸ ਵੱਲੋਂ ਕਈ ਅਹਿਮ ਮੁੱਦਿਆਂ ਨੂੰ ਲੈਕੇ ਰਾਜਾ ਵੜਿੰਗ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ ਹੈ। ਮੀਟਿੰਗ ਨੂੰ ਲੈਕੇ ਰਾਜਾ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਈਡੀ ਵੱਲੋਂ ਸੋਨੀਆ ਗਾਂਧੀ ਨੂੰ ਤਲਬ ਕੀਤੇ ਜਾਣ ਨੂੰ ਲੈਕੇ ਰਣਨੀਤੀ ਬਣਾਈ ਗਈ ਹੈ ਕਿ ਕਿਵੇਂ ਕੇਂਦਰ ਦੀ ਭਾਜਪਾ ਸਰਕਾਰ ਦਾ ਵਿਰੋਧ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਏਜੰਸੀਆਂ ਅਤੇ ਈਡੀ ਦੀ ਵਰਤੋਂ ਕਰਕੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸਨੂੰ ਕਾਂਗਰਸ ਬਰਦਾਸ਼ਤ ਨਹੀਂ ਕਰੇਗੀ।
ਇਸ ਮੌਕੇ ਰਾਜਾ ਵੜਿੰਗ ਦਾ ਸੰਗਰੂਰ ਤੋਂ ਸਾਂਸਦ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਲੈਕੇ ਦਿੱਤੇ ਬਿਆਨ ਤੇ ਸਵਾਲ ਚੁੱਕੇ ਗਏ ਹਨ। ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਟਿੱਪਣੀ ਨਹੀਂ ਕਰਨੀ ਚਾਹੀਦੀ ਸੀ। ਇਸਦੇ ਨਾਲ ਹੀ ਉਨ੍ਹਾਂ ਸਿਮਰਨਜੀਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਨ੍ਹਾਂ ਨੂੰ ਆਪਣੇ ਬਿਆਨ ਨੂੰ ਲੈਕੇ ਲੋਕਾਂ ਤੋਂ ਮੁਆਫੀ ਮੰਗ ਲੈਣੀ ਚਾਹੀਦੀ ਹੈ।
ਸੰਗਰੂਰ ਵਿੱਚ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਬਾਹਰ ਨੌਜਵਾਨਾਂ ਵੱਲੋਂ ਖੁਦਕੁਸ਼ੀ ਦੀ ਕੀਤੀ ਗਈ ਕੋਸ਼ਿਸ਼ ਨੂੰ ਲੈਕੇ ਰਾਜਾ ਵੜਿੰਗ ਨੇ ਮਾਨ ਸਰਕਾਰ ਤੇ ਸਵਾਲ ਚੁੱਕੇ ਗਏ ਹਨ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਅਜਿਹਾ ਕਦਮ ਨਹੀਂ ਚੁੱਕਣਾ ਚਾਹੀਦਾ। ਉਨ੍ਹਾਂ ਨੌਜਵਾਨਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਕਦਮ ਚੱਕਣ ਦੀ ਬਜਾਇ ਆਪਣਾ ਸੰਘਰਸ਼ ਲੜਨਾ ਚਾਹੀਦਾ ਹੈ। ਵੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੌਜਵਾਨਾਂ ਨੇ ਸੰਘਰਸ਼ ਵਿੱਚ ਨਾਲ ਖੜੇਗੀ। ਇਸਦੇ ਨਾਲ ਹੀ ਉਨ੍ਹਾਂ ਈਟੀਟੀ ਅਧਿਆਪਕਾਂ ਵੱਲੋਂ ਦਿੱਲੀ ਵਿਖੇ ਕੇਜਰੀਵਾਲ ਦੀ ਰਿਹਾਇਸ਼ ਬਾਹਰ ਕੀਤੇ ਪ੍ਰਦਰਸ਼ਨ ਨੂੰ ਲੈਕੇ ਵੀ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ’ਤੇ ਲਿਆ ਹੈ।
ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਮੁੱਦੇ ਤੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਇਸ ਮੁੱਦੇ ਤੇ ਉਨ੍ਹਾੰ ਨੂੰ ਮਿਲਕੇ ਕੇਂਦਰ ਨਾਲ ਲੜਾਈ ਲੜਨੀ ਪਵੇਗੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਉੱਤੇ ਸਿਰਫ ਪੰਜਾਬ ਦਾ ਹੱਕ ਹੈ ਅਤੇ ਕਾਂਗਰਸ ਇਸ ਮੁੱਦੇ ਪੂਰੀ ਲੜਾਈ ਲੜੇਗੀ। ਇਸਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਦੇ ਮੁੱਦੇ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਲੈਕੇ ਸਰਕਾਰ ਨੂੰ ਇੱਕ ਕਮੇਟੀ ਬਣਾਉਣੀ ਚਾਹੀਦੀ ਅਤੇ ਉਸ ਵਿੱਚ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਲੈਕੇ ਕੇਂਦਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ।
ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਕਾਰਨ ਪੰਜਾਬ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ ਕਿਉਂਕਿ ਸੂਬੇ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ ਹੈ ਜਿਸ ਕਰਕੇ ਹਰ ਕੋਈ ਡਰ ਦੇ ਮਾਹੌਲ ਵਿੱਚ ਰਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਰਾਸ਼ਟਰਪਤੀ ਚੋਣ 2022: ਆਮ ਆਦਮੀ ਪਾਰਟੀ ਯਸ਼ਵੰਤ ਸਿਨਹਾ ਦਾ ਕਰੇਗੀ ਸਮਰਥਨ