ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਭਰ ’ਚ ਚਲ ਰਹੀਆਂ ਪ੍ਰਾਈਵੇਟ ਬੱਸਾਂ ਸਬੰਧੀ ਜਾਣਕਾਰੀ ਵੱਡਾ ਐਲਾਨ ਕੀਤਾ ਹੈ। ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੇ ਗਏ ਵਾਹਨ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਨੂੰ ਅੱਗੇ ਵਧਾਉਂਦਿਆਂ ਹੁਣ ਇਹ ਪ੍ਰਣਾਲੀ ਸੂਬੇ ਵਿੱਚ ਚੱਲ ਰਹੀਆਂ ਸਾਰੀਆਂ ਪ੍ਰਾਈਵੇਟ ਬੱਸਾਂ ਵਿੱਚ ਵੀ ਲਗਾਈ ਜਾਣਗੀਆਂ।
ਇਸ ਸਬੰਧੀ ਰਾਜਾ ਵੜਿੰਗ ਨੇ ਦੱਸਿਆ ਕਿ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬੱਸਾਂ ਦੀ ਕਾਰਗੁਜ਼ਾਰੀ ਸੁਰੱਖਿਆ ਦੇ ਲਿਹਾਜ਼ ਨਾਲ ਤਸੱਲੀਬਖ਼ਸ਼ ਨਾ ਹੋਣ ਕਾਰਨ ਪ੍ਰਾਈਵੇਟ ਬੱਸਾਂ ਵਿੱਚ ਵੀ ਵਾਹਨ ਟ੍ਰੈਕਿੰਗ ਸਿਸਟਮ ਲਾਉਣਾ ਯਕੀਨੀ ਬਣਾਇਆ ਜਾਵੇਗਾ। ਇਸੇ ਦੌਰਾਨ ਟਰਾਂਸਪੋਰਟ ਮੰਤਰੀ ਨੇ ਸਿਸਟਮ ਦੇ ਕੰਮਕਾਜ ਦੀ ਜਾਂਚ ਕਰਨ ਲਈ ਵੱਖ-ਵੱਖ ਡਿਪੂਆਂ ਦੇ ਕਈ ਜਨਰਲ ਮੈਨੇਜਰਾਂ, ਡਰਾਈਵਰਾਂ ਅਤੇ ਕੰਡਕਟਰਾਂ ਨੂੰ ਫ਼ੋਨ ਕਰਕੇ ਸਿਸਟਮ ਦੀ ਕਾਰਜਕੁਸ਼ਲਤਾ ਵੀ ਚੈੱਕ ਕੀਤੀ।
ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਹ ਸਿਸਟਮ ਹੁਣ ਤੱਕ ਪਨਬਸ/ਪੰਜਾਬ ਰੋਡਵੇਜ਼ ਦੀਆਂ 1450 ਬੱਸਾਂ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ, ਜੋ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਿਹਾ ਹੈ ਕਿਉਂਕਿ ਕਿਸੇ ਐਮਰਜੈਂਸੀ ਸਥਿਤੀ ਲਈ ਔਰਤਾਂ ਲਈ ਬੱਸਾਂ ਵਿੱਚ ਪੈਨਿਕ ਬਟਨ ਮੁਹੱਈਆ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਬੱਸਾਂ ਦੇ ਪਾਰਦਰਸ਼ੀ ਅਤੇ ਸਮਾਂਬੱਧ ਆਉਣ-ਜਾਣ ਲਈ ਕੇਂਦਰੀ ਨਿਗਰਾਨੀ ਅਤੇ ਕੰਟਰੋਲ ਰੂਮ ਚੰਡੀਗੜ੍ਹ ਵਿਖੇ ਸਥਾਪਤ ਕੀਤਾ ਗਿਆ ਹੈ।
ਕੰਟਰੋਲ ਰੂਮ ਜ਼ਰੀਏ ਰੱਖੀ ਜਾਵੇਗੀ ਨਿਗਰਾਨੀ
ਉਨ੍ਹਾਂ ਇਹ ਵੀ ਕਿਹਾ ਕਿ ਵੀਟੀਐਸ ਰਾਹੀਂ ਬੱਸਾਂ ਦੀ ਤੇਜ਼ ਰਫ਼ਤਾਰ, ਗ਼ਲਤ ਢੰਗ ਨਾਲ ਬ੍ਰੇਕ ਲਗਾਉਣ ਅਤੇ ਤੇਜ਼ ਭਜਾਉਣ, ਬੱਸਾਂ ਦੀ ਰਾਤ ਠਹਿਰ, ਨਿਰਧਾਰਤ ਸਥਾਨਾਂ ਦੀ ਬਜਾਏ ਕਿਸੇ ਹੋਰ ਥਾਂ ਰੁਕਣਾ, ਬੱਸਾਂ ਦਾ ਢਾਬਿਆਂ 'ਤੇ 25 ਮਿੰਟਾਂ ਤੋਂ ਵੱਧ ਰੁਕਣਾ, ਰੂਟ ਬਦਲਣਾ, ਸ਼ਹਿਰਾਂ ਤੋਂ ਬਾਹਰ-ਬਾਹਰ ਲੰਘ ਜਾਣਾ, ਮਿੱਥੇ ਸਟਾਪ 'ਤੇ ਨਾ ਰੁਕਣਾ, ਕਾਊਂਟਰਾਂ ਤੋਂ ਬੱਸਾਂ ਦੇ ਆਉਣ ਅਤੇ ਜਾਣ ਦੀ ਅਸਲ ਸਮੇਂ ਦੀ ਨਿਗਰਾਨੀ, ਬੱਸਾਂ ਦੀ ਅਸਲ ਯਾਤਰਾ ਦੀ ਦੂਰੀ ਆਦਿ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਸਟਮ ਰਾਹੀਂ ਬੱਸਾਂ ਦੀ ਨਿਗਰਾਨੀ ਸਬੰਧਤ ਡਿਪੂਆਂ ਦੇ ਜਨਰਲ ਮੈਨੇਜਰਾਂ ਅਤੇ ਕੇਂਦਰੀ ਕੰਟਰੋਲ ਰੂਮ ਜ਼ਰੀਏ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਕਿਹਾ ਕਿ ਸਿਸਟਮ ਵੱਲੋਂ ਤਿਆਰ ਕੀਤੀਆਂ ਰਿਪੋਰਟਾਂ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਫ਼ੀਡਬੈਕ ਦੇ ਆਧਾਰ 'ਤੇ ਹਰ ਪੰਦਰਵਾੜੇ ਡਿਪੂਆਂ ਦੇ ਤਿੰਨ ਵਧੀਆ ਕਾਰਗੁਜ਼ਾਰੀ ਵਾਲੇ ਜਨਰਲ ਮੈਨੇਜਰਾਂ ਅਤੇ ਦਸ-ਦਸ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਦਕਿ ਕੰਮ 'ਚ ਕੁਤਾਹੀ ਵਰਤਣ ਵਾਲਿਆਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਕਿਸੇ ਸਟਾਫ਼ ਮੈਂਬਰ ਵੱਲੋਂ ਪ੍ਰਾਈਵੇਟ ਆਪ੍ਰੇਟਰ ਨਾਲ ਮਿਲੀਭੁਗਤ ਕਰਕੇ ਵਿਭਾਗੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜੋ: ਪੰਜਾਬ ‘ਚ ਬਾਹਰਲੇ ਸੂਬਿਆਂ ਤੋਂ ਆਏ ਝੋਨੇ ਦੇ ਮਾਮਲੇ ‘ਚ 8 ਗ੍ਰਿਫਤਾਰ