ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਿੱਧੂ ਸ਼ੁੱਕਰਵਾਰ ਸਵੇਰੇ 11 ਵਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ।
ਉਨ੍ਹਾਂ ਦੱਸਿਆ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Former President Sunil Jakhar) ਉਨ੍ਹਾਂ ਨੂੰ ਕੁਰਸੀ 'ਤੇ ਬਿਠਾਉਣਗੇ ਅਤੇ ਇਸ ਪ੍ਰੋਗਰਾਮ ਲਈ ਸਮੂਹ ਕਾਂਗਰਸੀ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਨੂੰ ਸੱਦਾ ਦਿੱਤਾ ਗਿਆ ਹੈ ਅਤੇ ਕਾਂਗਰਸ ਹਾਈ ਕਮਾਂਡ ਦੀ ਤਰਫੋਂ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਹੋਰ ਬਹੁਤ ਸਾਰੇ ਨੇਤਾ ਇਸ ਪ੍ਰੋਗਰਾਮ ਵਿਚ ਹਿੱਸਾ ਲੈਣਗੇ।
ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਲਈ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਅਤੇ ਸੰਗਤ ਸਿੰਘ ਗਿਲਜੀਆਂ ਸਮੇਤ ਕਈ ਵਿਧਾਇਕਾਂ ਦਾ ਵਫ਼ਦ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇਗਾ ਅਤੇ ਉਨ੍ਹਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ।
ਰੰਧਾਵਾ ਨੇ ਕਿਹਾ ਕਿ ਇਹ ਪ੍ਰੋਗਰਾਮ ਸ਼ਕਤੀ ਪ੍ਰਦਰਸ਼ਨ ਨਹੀਂ ਹੈ ਅਤੇ ਸਾਰੇ ਕਾਂਗਰਸੀ ਆਗੂ ਇਕੱਠੇ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਡੇ ਸਤਿਕਾਰਤ ਆਗੂ ਵੀ ਹਨ ਅਤੇ ਉਹ ਵੀ ਇਸ ਸਮਾਗਮ ਵਿਚ ਸ਼ਿਰਕਤ ਕਰਨਗੇ। ਰੰਧਾਵਾ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਸਖਤੀ ਨਾਲ ਰੱਦ ਕਰ ਦਿੱਤਾ ਹੈ, ਜਿਸ ਵਿਚ ਕਿਹਾ ਜਾਂਦਾ ਹੈ ਕਿ ਉਹ ਲਗਾਤਾਰ ਕਾਂਗਰਸੀ ਵਿਧਾਇਕਾਂ' ਤੇ ਸਿੱਧੂ ਧੜੇ ਵਿਚ ਸ਼ਾਮਿਲ ਹੋਣ ਲਈ ਦਬਾਅ ਪਾ ਰਹੇ ਹਨ।
ਇਸ ਮੌਕੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ 3 ਵਜੇ ਭਲਕੇ ਸਿੱਧੂ ਦੇ ਤਾਜੋਪੋਸ਼ੀ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਦੇਣ ਜਾਣਗੇ। ਇਸ ਦੌਰਾਨ ਉਹ ਕੈਪਟਨ ਤੇ ਸਿੱਧੂ ਦੇ ਬਣੇ ਧੜੇ ਨੂੰ ਲੈਕੇ ਮੀਡੀਆ ਦੇ ਸਵਾਲਾਂ ਤੋਂ ਬਚਦੇ ਵੀ ਨਜ਼ਰ ਆਏ।