ਚੰਡੀਗੜ੍ਹ: ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਅੰਦੋਲਨ 'ਤੇ ਸੱਦੀ ਗਈ ਆਲ ਪਾਰਟੀ ਮੀਟਿੰਗ ਵਿੱਚ ਬਹੁਤ ਸਾਰੇ ਮਤੇ ਪਾਸ ਕੀਤੇ ਗਏ। ਇਸ ਦੌਰਾਨ ਸਾਰੀਆਂ ਪੰਜਾਬ ਪਾਰਟੀਆਂ ਦੇ ਨੁਮਾਇੰਦਿਆਂ ਨੇ ਮਿਲ ਕੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੀਟਿੰਗ ਕਰਕੇ ਕਿਸਾਨੀ ਮੰਗਾਂ ਲਈ ਦਬਾਅ ਪਾਉਣ ਦੀ ਗੱਲ ਆਖੀ। ਉਨ੍ਹਾਂ ਕਿਹ ਕਿ ਇਸ ਸੰਘਰਸ਼ ਨੂੰ ਨੇਪਰੇ ਚਾੜਨ ਲਈ ਇੱਕ ਆਗੂ ਦੀ ਲੋੜ੍ਹ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (ਕਾਂਗਰਸ)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਅੰਦੋਲਨ 'ਤੇ ਸੱਦੀ ਗਈ ਆਲ ਪਾਰਟੀ ਮੀਟਿੰਗ ਵਿੱਚ ਬਹੁਤ ਸਾਰੇ ਮਤੇ ਪਾਸ ਕੀਤੇ ਗਏ। ਇਸ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਪੰਜਾਬ ਦਾ ਇੱਕ ਸਰਬ ਪਾਰਟੀ ਵਫਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਜਾਏਗਾ।
ਅਮਨ ਅਰੋੜਾ ਤੇ ਹਰਪਾਲ ਚੀਮਾ (ਆਮ ਆਦਮੀ ਪਾਰਟੀ)
ਆਮ ਆਦਮੀ ਪਾਰਟੀ ਤੋਂ ਵਿਧਾਇਕ ਅਮਨ ਅਰੋੜਾ ਨੇ ਸੁਝਾਅ ਦਿੱਤਾ ਕਿ ਪੰਜਾਬ ਨੂੰ ਕੇਰਲਾ ਵਾਂਗ ਹੀ ਖਰੀਦ ਸ਼ੁਰੂ ਕਰਨੀ ਚਾਹੀਦੀ ਹੈ। ਜਦੋਂ ਕਿ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੀਟਿੰਗ ਲਈ ਸਮਾਂ ਨਹੀਂ ਦਿੰਦੇ ਤਾਂ ਸਾਰਿਆਂ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਜਾ ਕੇ ਧਰਨਾ ਦੇਣਾ ਚਾਹੀਦਾ ਹੈ।
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ (ਸ਼੍ਰੋਮਣੀ ਅਕਾਲੀ ਦਲ)
ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਉੱਤੇ ਵਾਪਰੀ ਹਿੰਸਾ ਪਿੱਛੇ ਪੂਰੀ ਸਾਜਿਸ਼ ਦਾ ਪਰਦਾਫਾਸ਼ ਕਰਨ ਲਈ ਇੱਕ ਸੇਵਾਮੁਕਤ ਜੱਜ ਅਧੀਨ ਇੱਕ ਸੁਤੰਤਰ ਕਮਿਸ਼ਨ ਸਥਾਪਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਕੁੱਟਮਾਰ ਕਰਨ ਵਾਲੀ ਪੁਲਿਸ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਜੇਕਰ ਕੇਂਦਰ ਸਰਕਾਰ ਅਜਿਹਾ ਕਮਿਸ਼ਨ ਨਹੀਂ ਲਗਾਉਂਦੀ ਤਾਂ ਪੰਜਾਬ ਸਰਕਾਰ ਨੂੰ ਅਜਿਹਾ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦਾ ਕਰਜ਼ਾ ਮੁਆਫੀ ਦੀ ਗੱਲ ਕਹੀ।
ਸੁਖਪਾਲ ਸਿੰਘ ਖਹਿਰਾ (ਪੰਜਾਬ ਏਕਤਾ ਪਾਰਟੀ)
ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੇਂਦਰ ਵਿੱਚ ਬੈਠੀ ਭਾਜਪਾ ਸਰਕਾਰ ਪੰਜਾਬ ਨੂੰ ਹਾਸ਼ੀਏ 'ਤੇ ਧੱਕ ਰਹੀ ਹੈ। ਪੰਜਾਬ ਸਰਕਾਰ ਨੂੰ ਦਿੱਲੀ ਸਰਹੱਦ ਉੱਤੇ ਆਪਣੇ ਅਬਜ਼ਰਵਰ ਨਿਯੁਕਤ ਕਰਨੇ ਚਾਹੀਦੇ ਹਨ। ਉਨ੍ਹਾਂ ਦਿੱਲੀ ਸਰਕਾਰ ਕੋਲੋਂ ਗਣਤੰਤਰ ਦਿਵਸ ਹਿੰਸਾ ਦੀ ਜਾਂਚ ਕਰਵਾਉਣ ਦਾ ਵੀ ਸੱਦਾ ਦਿੱਤਾ।
ਸਿਮਰਨਜੀਤ ਸਿੰਘ ਬੈਂਸ (ਲੋਕ ਇਨਸਾਫ ਪਾਰਟੀ)
ਲੋਕ ਇਨਸਾਫ ਪਾਰਟੀ ਦੇ ਮੁੱਖੀ ਸਿਮਰਨਜੀਤ ਸਿੰਘ ਬੈਂਸ ਨੇ ਸਾਰੀਆਂ ਪਾਰਟੀਆਂ ਵਿਚਾਲੇ ਸੀਜ਼ਫਾਈਰ (ਬਿਆਨਬਾਜ਼ੀ ਬੰਦ ਕਰਨ) ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ, ''ਜਦੋਂ ਕਿਸਾਨ ਜੱਥੇਬੰਦੀਆਂ ਆਪਣੇ ਵਖੇਰਵਿਆਂ ਨੂੰ ਭੁਲਾ ਕੇ ਇਕੱਠੀਆਂ ਹੋ ਸਕਦੀਆਂ ਹਨ ਤਾਂ ਅਸੀਂ ਕਿਉਂ ਨਹੀਂ?'' ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਿੱਲੀ ਬਾਰਡਰ 'ਤੇ ਜਾ ਕੇ ਬਿਨਾਂ ਸਟੇਜ 'ਤੇ ਚੜ੍ਹੇ ਕਿਸਾਨਾਂ ਦੇ ਮਨੋਬਲ ਨੂੰ ਵਧਾਉਣ ਲਈ ਬੈਠਣਾ ਚਾਹੀਦਾ ਹੈ। ਉਹ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਵੀ ਮੀਟਿੰਗ ਦੇ ਹੱਕ ਵਿੱਚ ਸਨ। ਉਨ੍ਹਾਂ ਪੰਜਾਬ ਅਤੇ ਪੰਜਾਬੀਆਂ ਖਿਲਾਫ] ਨਫ਼ਰਤ ਫੈਲਾਉਣ ਤੋਂ ਰੋਕਣ ਲਈ ਮੀਡੀਆ 'ਤੇ ਵੀ ਕੰਟਰੋਲ ਰੱਖਣ ਦੀ ਵਕਾਲਤ ਕੀਤੀ।
ਜਸਵੀਰ ਸਿੰਘ ਗੜ੍ਹੀ (ਬਹੁਜਨ ਸਮਾਜ ਪਾਰਟੀ)
ਬਹੁਜਨ ਸਮਾਜ ਪਾਰਟੀ ਦੇ ਜਸਵੀਰ ਸਿੰਘ ਗੜ੍ਹੀ ਨੇ ਸਾਰੀਆਂ ਪਾਰਟੀਆਂ ਅੱਗੇ ਰੱਖੇ ਮਤੇ ਦੀ ਆਪਣੀ ਪਾਰਟੀ ਵੱਲੋਂ ਪੂਰਨ ਤੌਰ 'ਤੇ ਹਮਾਇਤ ਕੀਤੀ।
ਕਾਮਰੇਡ ਬੰਤ ਸਿੰਘ ਬਰਾੜ ਤੇ ਕਾਮਰੇਡ ਸੁਖਵਿੰਦਰ ਸਿੰਘ (ਸੀ.ਪੀ.ਆਈ.)
ਸੀ.ਪੀ.ਆਈ. ਦੇ ਕਾਮਰੇਡ ਬੰਤ ਸਿੰਘ ਬਰਾੜ ਨੇ ਕਿਸਾਨੀ ਸੰਘਰਸ਼ ਦੀ ਇਤਿਹਾਸਕ ਮਹੱਤਤਾ ਨੂੰ ਦਰਸਾਉਂਦਿਆਂ ਕਿਹਾ ਕਿ ਕੇਂਦਰ ਨੂੰ ਸਖ਼ਤ ਸੰਦੇਸ਼ ਭੇਜਣ ਲਈ ਸਾਰੇ ਪੰਜਾਬੀਆਂ ਨੂੰ ਇਕੱਠੇ ਹੋ ਕੇ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਕਰਨ ਵਾਲਿਆਂ ਦਾ ਸਮਰਥਨ ਕਰਨਾ ਚਾਹੀਦਾ ਹੈ।
ਉਥੇ ਹੀ ਦੂਜੇ ਪਾਸੇ ਸੀ.ਪੀ.ਆਈ. (ਐਮ.) ਦੇ ਕਾਮਰੇਡ ਸੁਖਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਅਜਿਹੇ ਵਰਤਾਰੇ ਦਾ ਸਮੂਹਿਕ ਤੌਰ 'ਤੇ ਡੱਟ ਕੇ ਮੁਕਾਬਲਾ ਕਰਨਾਂ ਜ਼ਰੂਰੀ ਹੋ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਵੱਲੋਂ ਸਾਰੀਆਂ ਸੰਵਿਧਾਨਕ ਕਦਰਾਂ ਕੀਮਤਾਂ ਨੂੰ ਛਿੱਕੇ ਟੰਗਦੇ ਹੋਏ ਹਿੰਦੂ ਰਾਸ਼ਟਰ ਵੱਲ ਕਦਮ ਵਧਾਏ ਜਾ ਰਹੇ ਹਨ ਤੇ ਖੇਤੀ ਕਾਨੂੰਨਾਂ ਦਾ ਅਸਲ ਮਕਸਦ ਵਿਸ਼ਵ ਵਪਾਰ ਸੰਗਠਨ ਦੇ ਦਬਾਅ ਹੇਠ ਖੇਤੀਬਾੜੀ ਨੂੰ ਤਬਾਹ ਕਰਨਾ ਹੈ।